ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖਤ ਉਤੇ ਮਨਾਇਆ ਮੀਰੀ-ਪੀਰੀ ਦਿਵਸ

ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖਤ ਉਤੇ ਮਨਾਇਆ ਮੀਰੀ-ਪੀਰੀ ਦਿਵਸ

ਸੰਗਤ ਨੂੰ ਗੁਰੂ ਸਾਹਿਬ ਵੱਲੋਂ ਧਾਰਨ ਕੀਤੀਆਂ ਮੀਰੀ-ਪੀਰੀ ਦੀਆਂ ਕਿਰਪਾਨਾਂ ਦੇ ਦਰਸ਼ਨ ਕਰਵਾਏ ਜਾਣ ਦਾ ਦ੍ਰਿਸ਼।

ਅੰਮ੍ਰਿਤਸਰ/ਬਿਊਰੋ ਨਿਊਜ਼ :

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮੀਰੀ ਪੀਰੀ ਦੇ ਸਿਧਾਂਤ ‘ਤੇ ਚੱਲਦਿਆਂ ਸਮਾਜ ਵਿੱਚ ਹੋ ਰਹੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਹ ਇੱਥੇ ਅਕਾਲ ਤਖ਼ਤ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਮੌਕੇ ਸੰਗਤ ਨੂੰ ਸੰਬੋਧਨ ਕਰ ਰਹੇ ਸਨ।
ਗੁਰਮਤਿ ਸਮਾਗਮ ਮੌਕੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਪਾਲਣਾ ਕਰਦਿਆਂ ਜਬਰ ਅਤੇ ਜ਼ੁਲਮ ਵਿਰੁੱਧ ਸੰਘਰਸ਼ ਲਈ ਸੱਤਾਧਾਰੀ ਹੋਣ ਦਾ ਸੁਨੇਹਾ ਦਿੰਦਾ ਹੈ ਤਾਂ ਜੋ ਸਮਾਜ ਵਿੱਚ ਹਰ ਵਰਗ ਨੂੰ ਆਜ਼ਾਦੀ ਨਾਲ ਜਿਊਣ ਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਜੀ ਨੇ ਗੁਰਗੱਦੀ ‘ਤੇ ਬੈਠਣ ਸਮੇਂ ਮੀਰੀ-ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਖ਼ਿਲਾਫ਼ ਡਟਣ ਦਾ ਸੁਨੇਹਾ ਦਿੱਤਾ ਸੀ। ਇਸ ਤੋਂ ਪਹਿਲਾਂ ਅਕਾਲ ਤਖਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕੀਤਾ। ਅਰਦਾਸ ਅਤੇ ਹੁਕਮਨਾਮਾ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ। ਇਸ ਦੌਰਾਨ ਅਕਾਲ ਤਖ਼ਤ ਵਿਖੇ ਰੱਖੇ ਗਏ ਇਤਿਹਾਸਕ ਸ਼ਸਤਰਾਂ ਨੂੰ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿਰੋਪਾ ਭੇਟ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਧਾਰਨ ਕੀਤੀਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ।