ਜਥੇਦਾਰਾਂ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ‘ਚ ਮੁਲਾਕਾਤ

ਜਥੇਦਾਰਾਂ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ‘ਚ ਮੁਲਾਕਾਤ

ਰਾਜੋਆਣਾ ਨੂੰ ਮਿਲ ਕੇ ਪਰਤਦੇ ਹੋਏ ਗਿਆਨੀ ਗੁਰਬਚਨ ਸਿੰਘ।
ਪਟਿਆਲਾ/ਬਿਊਰੋ ਨਿਊਜ਼ :
ਸ਼੍ਰੋਮਣੀ ਕਮੇਟੀ ਨਾਲ ਨਾਰਾਜ਼ ਚੱਲ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੰਨ ਮੰਨਾਈ ਦਾ ਸਿਲਸਿਲਾ ਜਾਰੀ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਈ ਰਾਜੋਆਣਾ ਦੀ ਫਾਂਸੀ ਸਬੰਧੀ ਸ਼੍ਰੋਮਣੀ ਕਮੇਟੀ ਵੱੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ ਆਧਾਰਿਤ ਕੇਸ ਦੇ ਛੇਤੀ ਨਿਪਟਾਰੇ ਦੇ ਯਤਨ ਦਾ ਭਰੋਸਾ ਦਿਵਾਇਆ।
ਜਥੇਦਾਰਾਂ ਦਾ ਕਹਿਣਾ ਸੀ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਸਿੰਘ ਵੱਲੋਂ ਕੀਤੀ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਜੋਆਣਾ ਦੇ ਕੇਸ ਦੀ ਫਾਈਲ ਛੇਤੀ ਹੀ ਰਾਸ਼ਟਰਪਤੀ ਦਫ਼ਤਰ ਭੇਜਣ ਦਾ ਭਰੋਸਾ ਦਿੱਤਾ ਹੈ। ਰਾਜੋਆਣਾ ਨੇ ਮਾਮਲੇ ਦੇ ਛੇਤੀ ਨਿਪਟਾਰੇ ਦੀ ਮੰਗ ਲਈ 16 ਜੁਲਾਈ ਨੂੰ ਭੁੱਖ ਹੜਤਾਲ ਰੱਖੀ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਾਂ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਕੇਸ ਦੇ ਛੇਤੀ ਨਿਪਟਾਰੇ ‘ਤੇ ਜ਼ੋਰ ਦਿੱਤਾ ਸੀ। ਇਸ ਮਗਰੋਂ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਸੀ।ਪੂਰਾ ਮਹੀਨਾ ਹੋਣ ‘ਤੇ ਸਿੰਘ ਸਾਹਿਬਾਨ ਨੇ ਰਾਜੋਆਣਾ ਨੂੰ ਮਿਲ ਕੇ ਦੱਸਿਆ ਕਿ ਸੁਖਬੀਰ ਬਾਦਲ ਦੀ ਅਗਵਾਈ ਹੇਠਲੇ ਵਫ਼ਦ ਨੂੰ ਕੇਂਦਰੀ ਗ੍ਰਹਿ ਮੰਤਰੀ ਨੇ ਮਾਮਲੇ ਦੇ ਜਲਦੀ ਨਿਪਟਾਰੇ ਦਾ ਭਰੋਸਾ ਦਿੱਤਾ ਹੈ।