ਅਕਾਲ ਤਖ਼ਤ ਦੇ ਜਥੇਦਾਰ ਨੇ ਜਾਰੀ ਕੀਤਾ ਨਵੇਂ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ

ਅਕਾਲ ਤਖ਼ਤ ਦੇ ਜਥੇਦਾਰ ਨੇ ਜਾਰੀ ਕੀਤਾ ਨਵੇਂ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ

ਨਾਨਕਸ਼ਾਹੀ ਸੰਮਤ 550 ਦਾ ਕੈਲੰਡਰ ਸੰਗਤ ਨੂੰ ਅਰਪਣ ਕਰਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ।
ਅੰਮ੍ਰਿਤਸਰ/ਬਿਊਰੋ ਨਿਊਜ਼:
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਵੇਂ ਵਰ੍ਹੇ 2018-19 ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕਰ ਦਿੱਤਾ   ਹੈ ਗਿਆ। ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੋਮਵਾਰ ਨੂੰ ਨਾਨਕਸ਼ਾਹੀ ਸੰਮਤ 550 (2018-19) ਦਾ ਕੈਲੰਡਰ ਜਾਰੀ ਕਰਦਿਆਂ  ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ ਕੈਲੰਡਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਗਏ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਮਨਾਉਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਦੇ ਪ੍ਰਚਾਰ-ਪ੍ਰਸਾਰ ਲਈ ਸੰਯੁਕਤ ਹੰਭਲਾ ਮਾਰਨ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਜਲਦੀ ਹੀ ਨਾਨਕਸ਼ਾਹੀ ਜੰਤਰੀ ਅਤੇ ਡਾਇਰੀ ਵੀ ਸੰਗਤ ਲਈ ਅਰਪਣ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਬੀਤੇ ਵਰ੍ਹੇ ਵੀ ਸੋਧਿਆ ਹੋਇਆ ਇਹ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਵਿੱਚ ਆਪਸੀ ਵੰਡ ਅਤੇ ਵਿਵਾਦ ਦਾ ਵਿਸ਼ਾ ਬਣਿਆ ਰਿਹਾ ਹੈ। ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਦੋਵਾਂ ਸਿੱਖ ਸੰਸਥਾਵਾਂ ਵੱਲੋਂ ਹੀ ਇਸ ਸਬੰਧੀ ਵਿਵਾਦ ਨੂੰ ਖ਼ਤਮ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਜਦੋਂਕਿ ਬੀਤੇ ਵਰ੍ਹੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਿਯੁਕਤ ਸਨ। ਉਨ੍ਹਾਂ ਦੇ 2003 ਦੇ ਕਾਰਜਕਾਲ ਵੇਲੇ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਹੋਇਆ ਸੀ। ਇਸ ਕਰਕੇ ਉਨ੍ਹਾਂ ਦੀ ਨਿਯੁਕਤੀ ਵੇਲੇ ਸਿੱਖ ਕੌਮ ਵੱਲੋਂ ਉਮੀਦ ਕੀਤੀ ਜਾ ਰਹੀ ਸੀ ਕਿ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਨੂੰ ਖ਼ਤਮ ਕਰਨ ਲਈ ਯਤਨ ਹੋਵੇਗਾ ਪਰ ਅਜਿਹਾ ਕੁਝ ਨਹੀਂ ਕੀਤਾ ਗਿਆ। ਨਵੰਬਰ 2017 ਵਿੱਚ ਉਨ੍ਹਾਂ ਦੀ ਥਾਂ ‘ਤੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਪਰ ਉਨ੍ਹਾਂ ਨੇ ਵੀ ਇਸ ਮਸਲੇ ਨੂੰ ਹੁਣ ਤੱਕ ਠੰਢੇ ਬਸਤੇ ਵਿੱਚ ਪਾਇਆ ਹੋਇਆ ਹੈ। ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਸਿੱਖ ਕੌਮ ਵੱਲੋਂ ਵਧੇਰੇ ਗੁਰਪੁਰਬ ਦੋ-ਦੋ ਵਾਰ ਮਨਾਏ ਜਾ ਰਹੇ ਹਨ। ਅੱਜ ਕੈਲੰਡਰ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਸਿਮਰਜੀਤ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਗੁਰਬਚਨ ਸਿੰਘ ਇੰਚਾਰਜ, ਸੁਖਬੀਰ ਸਿੰਘ ਅਤੇ ਸਤਿੰਦਰਪਾਲ ਸਿੰਘ ਮੌਜੂਦ ਸਨ।