ਸਿੱਖ ਸੰਗਤਾਂ ਵੱਲੋਂ ਬਾਦਲਾਂ ਦੇ ਪੁਤਲੇ ਫੂਕਣ ਦਾ ਸਿਲਸਿਲਾ ਜਾਰੀ

ਸਿੱਖ ਸੰਗਤਾਂ ਵੱਲੋਂ ਬਾਦਲਾਂ ਦੇ ਪੁਤਲੇ ਫੂਕਣ ਦਾ ਸਿਲਸਿਲਾ ਜਾਰੀ

ਪਿੰਡ ਬਡਰੁੱਖਾਂ ਵਿਚ ਕੌਮੀ ਸ਼ਾਹਰਾਹ ‘ਤੇ ਬਾਦਲਾਂ ਦੇ ਪੁਤਲੇ ਫੂਕਦੇ ਹੋਏ ਸਿੱਖ ਕਾਰਕੁੰਨ।
ਸੰਗਰੂਰ/ਬਿਊਰੋ ਨਿਊਜ਼ :
ਪੰਜਾਬ ਭਰ ਵਿਚ ਸਿੱਖ ਸੰਗਤਾਂ ਵੱਲੋਂ ਬਾਦਲਾਂ ਦੇ ਪੁਤਲੇ ਫੂਕਣ ਦਾ ਸਿਲਸਿਲਾ ਜਾਰੀ ਹੈ। ਵੱਡੀ ਗਿਣਤੀ ਵਿਚ ਸਿੱਖ ਕਾਰਕੁੰਨ ਬਡਰੁੱਖਾਂ ਵਿਚ ਇਕੱਠੇ ਹੋਏ ਅਤੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹਰਾਹ ‘ਤੇ ਪੁੱਜ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਪੁਤਲੇ ਫੂਕਦਿਆਂ ਰੋਸ ਪ੍ਰਦਰਸ਼ਨ ਕੀਤਾ।
ਪਿੰਡ ਬਡਰੁੱਖਾਂ ਵਿਚ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹਰਾਹ ਉਪਰ ਸਿੱਖ ਕਾਰਕੁੰਨਾਂ ਵੱਲੋਂ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਪੁਤਲੇ ਫੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਸਨ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ‘ਚ ਜੱਗ ਜ਼ਾਹਰ ਹੋਏ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਕਸੂਰਵਾਰਾਂ ਖ਼ਿਲਾਫ਼ ਤੁਰੰਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਇਸ ਮੌਕੇ ਰਾਗੀ ਗ੍ਰੰਥੀ ਸਭਾ ਸੰਗਰੂਰ ਦੇ ਪ੍ਰਧਾਨ ਭਾਈ ਬਚਿੱਤਰ ਸਿੰਘ, ਭਾਈ ਅਵਤਾਰ ਸਿੰਘ, ਬਿੱਕਰ ਸਿੰਘ ਸਾਬਕਾ ਸਰਪੰਚ, ਜਥੇਦਾਰ ਨਿਰੰਜਣ ਸਿੰਘ ਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚ ਸਭ ਕੁਝ ਸਪੱਸ਼ਟ ਹੋ ਚੁੱਕਿਆ ਹੈ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਮਾਮਲੇ ਨੂੰ ਠੰਢੇ ਬਸਤੇ ਵਿੱਚ ਪਾ ਕੇ ਦੋਸ਼ੀਆਂ ਨੂੰ ਬਚਾਉਣ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਜਾਂਚ ਰਿਪੋਰਟ ਦੇ ਆਧਾਰ ‘ਤੇ ਕੇਸ ਦਰਜ ਕਰਕੇ ਤੁਰੰਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੀਆਂ ਹਨ, ਪਰ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝ ਨਹੀਂ ਰਹੀ। ਉਨ੍ਹਾਂ ਕਿਹਾ ਕਿ ਬਰਗਾੜੀ ਵਿੱਚ ਲਾਇਆ ਪੱਕਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਗੁਰੂ ਦੀ ਬੇਅਦਬੀ ਦੇ ਮੁਲਜ਼ਮ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਨਹੀਂ ਡੱਕੇ ਜਾਂਦੇ।