ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਦੁਵੱਲੀ ਗੱਲਬਾਤ ਦੀ ਲੋੜ : ਪਾਕਿਸਤਾਨ

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਦੁਵੱਲੀ ਗੱਲਬਾਤ ਦੀ ਲੋੜ : ਪਾਕਿਸਤਾਨ

ਇਸਲਾਮਾਬਾਦ/ਬਿਊਰੋ ਨਿਊਜ਼ :

ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦਾ ਕਹਿਣਾ ਹੈ ਕਿ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਪਾਕਿਸਤਾਨ ਤੇ ਭਾਰਤ ਵਿਚਾਲੇ ਗੱਲਬਾਤ ਬਿਨਾ ਸੰਭਵ ਨਹੀਂ ਹੋ ਸਕਦਾ ਹੈ। ਦਫ਼ਤਰ ਦਾ ਇਹ ਵੀ ਕਹਿਣਾ ਹੈ ਕਿ ਦੋਵਾਂ ਮੁਲਕਾਂ ਵਿਚਲੇ ਹੋਰ ਵਿਵਾਦਾਂ ਨੂੰ ਸੁਲਝਾਉਣ ਦਾ ਵੀ ਇਹ ਹੀ ਇਕੋ ਇਕ ਰਾਹ ਹੈ।
ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਸਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਕਿਸਤਾਨ ਆਪਣੇ ਗੁਆਂਢੀ ਨਾਲ ਮਿਲਜੁਲ  ਕੇ ਰਹਿਣ ਦੀ ਕੋਸ਼ਿਸ਼ ਕਰ ਸਕਦਾ ਹੈ। ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਫੈਸਲ ਨੇ ਕਿਹਾ ਕਿ ਜੇ ਦੋਵਾਂ ਮੁਲਕਾਂ ਵਿਚਾਲੇ ਕੋਈ ਗੱਲਬਾਤ ਨਹੀਂ ਹੁੰਦੀ ਤਾਂ ਕੁਝ ਨਹੀਂ ਹੋ ਸਕਦਾ। ਉਨ੍ਹਾਂ ਪੈਂਡਿੰਗ ਮਸਲਿਆਂ ਦੇ ਹੱਲ ਲਈ ਭਾਰਤ ਨਾਲ ਮੁੜ ਗੱਲਬਾਤ ਤੋਰਨ ਦੀ ਪਾਕਿਸਤਾਨੀ ਇੱਛਾ ਨੂੰ ਦੁਹਰਾਇਆ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ, ਜੋ ਭਾਰਤ ਪਾਕਿ ਸਰਹੱਦ ਨਜ਼ਦੀਕ ਹੈ। ਇਥੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨੇ ਆਖਰੀ ਸਮਾਂ ਬਿਤਾਇਆ ਸੀ ਤੇ ਇਥੇ ਹੀ ਉਹ ਜੋਤੀ ਜੋਤ ਸਮਾਏ ਸਨ ।
ਹੁਣ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ-2019 ਵਿੱਚ ਮਨਾਇਆ ਜਾਵੇਗਾ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਅਗਸਤ ਮਹੀਨੇ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਤੇ ਕਿਹਾ ਸੀ ਕਿ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਸੰਕੇਤ ਦਿੱਤਾ ਹੈ। ਤਾਜ਼ਾ ਹਾਲਾਤ ਵਿਚ ਭਾਰਤ ਵੱਲੋਂ ਮਕਬੂਜ਼ਾ ਕਸ਼ਮੀਰ ਅੰਦਰ ਕਥਿਤ ਸਰਜੀਕਲ ਸਟ੍ਰਾਈਕ ਕੀਤੇ ਜਾਣ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਸਬੰਧਾਂ ਵਿਚ ਤਣਾਅ ਹੈ। ਪਿਛਲੇ ਮਹੀਨੇ ਭਾਰਤ ਨੇ ਨਿਊਯਾਰਕ ਵਿਚ ਦੋਵਾਂ ਮੁਲਕਾਂ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਵੀ ਰੱਦ ਕਰ ਦਿੱਤੀ ਸੀ।