ਗਿਆਨੀ ਹਰਪ੍ਰੀਤ ਸਿੰਘ ਬਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ

ਗਿਆਨੀ ਹਰਪ੍ਰੀਤ ਸਿੰਘ ਬਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ

ਅੰਮ੍ਰਿਤਸਰ/ਬਿਊਰੋ ਨਿਊਜ਼ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। 10 ਸਾਲ ਲੰਮਾ ਕਾਰਜਕਾਲ ਭੋਗਣ ਤੋਂ ਬਾਅਦ ਬੀਤੇ ਦਿਨੀਂ ਦੇਰ ਰਾਤ ਨੂੰ ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਵਿੱਚ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੀ ਗਈ ਹੈ। ਸਿੱਖਾਂ ਦੀ ਇਸ ਸਿਰਮੌਰ ਸੰਸਥਾ ਦੀ ਕਮਾਨ ਫਿਲਹਾਲ ਕਾਰਜਕਾਰੀ ਜਥੇਦਾਰ ਵੱਜੋਂ ਦਮਦਮਾ ਸਾਹਿਬ ਦੇ ਜਥੇਦਾਰ ਰਹੇ ਗਿਆਨੀ ਹਰਪ੍ਰੀਤ ਸਿੰਘ ਸੰਭਾਲਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰੀ ਬੈਠਕ ‘ਚ ਪਹਿਲਾਂ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਪ੍ਰਵਾਨ ਕੀਤਾ ਗਿਆ, ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ ਦਿੱਤਾ ਗਿਆ। ਉਹ ਦਮਦਮਾ ਸਾਹਿਬ ਦਾ ਕੰਮਕਾਜ ਵੀ ਦੇਖਦੇ ਰਹਿਣਗੇ।
ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਵਜੋਂ ਲਾਇਆ ਗਿਆ ਹੈ, ਇਸ ਦਾ ਮਤਲਬ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਨਵਾਂ ਤੇ ਪੱਕਾ ਜਥੇਦਾਰ ਦੀ ਭਾਲ ਹਾਲੇ ਖ਼ਤਮ ਨਹੀਂ ਹੋਈ।