ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦਾ ਸ਼ਹੀਦੀ ਸਮਾਗਮ ‘ਚ ਹੋਇਆ ਵਿਰੋਧ

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦਾ ਸ਼ਹੀਦੀ ਸਮਾਗਮ ‘ਚ ਹੋਇਆ ਵਿਰੋਧ

ਸ਼ਹੀਦ ਬੇਅੰਤ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ ਗੁਰਦੁਆਰਾ ਸ੍ਰੀ ਝੰਡਾ ਬੁੰਗਾ ਵਿਖੇ ਹੋਈ ਅਰਦਾਸ।

ਅੰਮ੍ਰਿਤਸਰ/ਬਿਊਰੋ ਨਿਊਜ਼ :

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਨਵੇਂ ਥਾਪੇ ਕਾਰਜਕਾਰੀ ਜਥੇਦਾਰ ਦਾ ਸਿੱਖ ਸੰਗਤਾਂ ਵਿਚ ਵਿਰੋਧ ਹੋ ਰਿਹਾ ਹੈ। ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪਹਿਲੇ ਦਿਨ ਹੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਨੇੜੇ ਗੁਰਦੁਆਰਾ ਝੰਡਾ ਬੁੰਗਾ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਅਖੰਡ ਪਾਠ ਦਾ ਭੋਗ ਪਾਇਆ ਗਿਆ ਸੀ। ਸਮਾਗਮ ਵਿਚ ਅਕਾਲ ਤਖ਼ਤ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪੁੱਜੇ ਹੋਏ ਸਨ। ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਅਖੰਡ ਪਾਠ ਦੇ ਭੋਗ ਸਮੇਂ ਦੋ ਸਿੱਖ ਆਗੂਆਂ ਨੇ ਜਥੇਦਾਰ ਕੋਲੋਂ ਸਿਰੋਪੇ ਲੈਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਹ ਇਕ ਧਿਰ ਵਲੋਂ ਥਾਪੇ ਜਥੇਦਾਰ ਨੂੰ ਮਾਨਤਾ ਨਹੀਂ ਦਿੰਦੇ ਹਨ।
ਸਮਾਗਮ ਵਿਚ ਪਹਿਲਾਂ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਬੇਅੰਤ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਉਸ ਵੇਲੇ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪੇ ਲੈਣ ਲਈ ਆਖਿਆ ਗਿਆ ਪਰ ਪਰਿਵਾਰ ਵਿਚੋਂ ਕੋਈ ਵੀ ਹਾਜ਼ਰ ਨਹੀਂ ਸੀ। ਇਸ ਮੌਕੇ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਰਨੈਲ ਸਿੰਘ ਸਖੀਰਾ ਨੂੰ ਬੇਅੰਤ ਸਿੰਘ ਦੇ ਪਰਿਵਾਰ ਦੇ ਆਧਾਰ ‘ਤੇ ਸਿਰੋਪੇ ਲੈਣ ਵਾਸਤੇ ਸੱਦਿਆ ਗਿਆ ਪਰ ਦੋਵਾਂ ਆਗੂਆਂ ਨੇ ਇਹ ਕਹਿ ਕੇ ਸਿਰੋਪੇ ਲੈਣ ਤੋਂ ਇਨਕਾਰ ਕਰ ਦਿੱਤਾ ਕਿ ਉਹ ਇਕ ਧਿਰ ਵਲੋਂ ਥਾਪੇ ਜਥੇਦਾਰ ਨੂੰ ਮਾਨਤਾ ਨਹੀਂ ਦਿੰਦੇ। ਇਹ ਕਹਿ ਕੇ ਦੋਵੇਂ ਆਗੂ ਸਮਾਗਮ ਵਿਚੋਂ ਵਾਪਸ ਆ ਗਏ।
ਸ੍ਰੀ ਕੰਵਰਪਾਲ ਸਿੰਘ ਨੇ ਮਗਰੋਂ ਗੱਲਬਾਤ ਕਰਦਿਆਂ ਆਖਿਆ ਕਿ ਨਵਨਿਯੁਕਤ ਕਾਰਜਕਾਰੀ ਜਥੇਦਾਰ ਨੂੰ ਵੀ ਉਸੇ ਧਿਰ ਵਲੋਂ ਨਿਯੁਕਤ ਕੀਤਾ ਗਿਆ ਹੈ, ਜਿਸ ਨੇ ਪਹਿਲੇ ਜਥੇਦਾਰ ਨਿਯੁਕਤ ਕੀਤੇ ਅਤੇ ਉਨ੍ਹਾਂ ‘ਤੇ ਦਬਾਅ ਪਾ ਕੇ ਮਨ ਚਾਹੁੰਦੇ ਹੁਕਮਨਾਮੇ ਜਾਰੀ ਕਰਵਾਏ। ਇਨ੍ਹਾਂ ਹੁਕਮਨਾਮਿਆਂ ਕਰ ਕੇ ਸਿੱਖ ਕੌਮ ਨੂੰ ਸ਼ਰਮਸਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਜਥੇਦਾਰ ਦੇ ਨਹੀਂ ਬਲਕਿ ਉਸ ਸਿਸਟਮ ਖਿਲਾਫ਼ ਹਨ, ਜੋ ਆਪਣੇ ਮੁਫਾਦਾਂ ਲਈ ਅਕਾਲ ਤਖ਼ਤ ਦੀ ਦੁਰਵਰਤੋਂ ਕਰ ਰਿਹਾ ਹੈ। ਇਹ ਰੁਝਾਨ ਬੰਦ ਹੋਣਾ ਚਾਹੀਦਾ ਹੈ। ਸ੍ਰੀ ਸਖੀਰਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪਹਿਲਾਂ ਹੀ ਮੌਜੂਦਾ ਜਥੇਦਾਰਾਂ ਨੂੰ ਰੱਦ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਸੰਬੋਧਨ ਕਰਦੇ ਤਾਂ ਵੀ ਉਨ੍ਹਾਂ ਵਿਰੋਧ ਵਜੋਂ ਸਮਾਗਮ ਛੱਡਣ ਦਾ ਫੈਸਲਾ ਕੀਤਾ ਸੀ।
ਸਮਾਗਮ ਦੌਰਾਨ ਭਾਈ ਸਤਵੰਤ ਸਿੰਘ ਦੇ ਭਤੀਜੇ ਸੁਖਵਿੰਦਰ ਸਿੰਘ ਅਗਵਾਨ ਨੂੰ ਸ਼ਹੀਦ ਪਰਿਵਾਰ ਵਜੋਂ ਸਿਰੋਪਾ ਦਿੱਤਾ ਗਿਆ। ਸਮਾਗਮ ਵਿੱਚ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ, ਮੈਨੇਜਰ ਜਸਵਿੰਦਰ ਸਿੰਘ, ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ, ਸਰਬਜੀਤ ਸਿੰਘ ਸੋਹਲ, ਦਲਜੀਤ ਸਿੰਘ ਬਿੱਟੂ ਤੇ ਹੋਰ ਹਾਜ਼ਰ ਸਨ।