ਬੇਅਦਬੀ ਕਾਂਡ: ਸੁਖਬੀਰ ਬਾਦਲ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਪੁੱਛਗਿੱਛ

ਬੇਅਦਬੀ ਕਾਂਡ: ਸੁਖਬੀਰ ਬਾਦਲ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਪੁੱਛਗਿੱਛ

ਪੰਜਾਬ ਪੁਲੀਸ ਦੇ ਹੈੱਡਕੁਆਰਟਰ ਲਈ ਰਵਾਨਾ ਹੁੰਦੇ ਹੋਏ ਸੁਖਬੀਰ ਬਾਦਲ।

ਚੰਡੀਗੜ੍ਹ/ਬਿਊਰੋ ਨਿਊਜ਼ :

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਦੇ ਸੈਕਟਰ 9 ਸਥਿਤ ਪੁਲੀਸ ਹੈੱਡਕੁਆਰਟਰ ‘ਚ ਬੇਅਦਬੀ ਕਾਂਡ ਦੀ ਜਾਂਚ ਲਈ ਬਣੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਦੇ ਮੈਂਬਰਾਂ ਸਾਹਮਣੇ ਤਫ਼ਤੀਸ਼ ਵਿਚ ਸ਼ਾਮਲ ਹੋਏ। ਉਹ ਆਪਣੇ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਲਾਮ ਲਸ਼ਕਰ ਲੈ ਕੇ ਗਏ ਪਰ ਪੁਲੀਸ ਹੈੱਡਕੁਆਰਟਰ ਦੇ ਅੰਦਰ ਇਕੱਲੇ ਸੁਖਬੀਰ ਬਾਦਲ ਦੀਆਂ ਗੱਡੀਆਂ ਨੂੰ ਹੀ ਜਾਣ ਦਿੱਤਾ ਗਿਆ। ਬਾਕੀ ਆਗੂ ਇਮਾਰਤ ਦੇ ਬਾਹਰ ਖੜ੍ਹੇ ਰਹੇ। ਪੁਲੀਸ ਅਧਿਕਾਰੀਆਂ ਨੇ ਛੇਵੀਂ ਮੰਜ਼ਿਲ ‘ਤੇ ਬਣੇ ਕਮੇਟੀ ਹਾਲ ਵਿਚ ਸਾਬਕਾ ਗ੍ਰਹਿ ਮੰਤਰੀ ਤੋਂ ਪੁੱਛਗਿੱਛ ਕੀਤੀ। ਪੁੱਛਗਿੱਛ ਕਰਨ ਵਾਲਿਆਂ ਵਿਚ ਏਡੀਜੀਪੀ ਪ੍ਰਬੋਧ ਕੁਮਾਰ, ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ, ਆਈਜੀ ਅਰੁਣਪਾਲ ਸਿੰਘ ਅਤੇ ਕਮਾਂਡੈਂਟ ਭੂਪਿੰਦਰ ਸਿੰਘ ਸ਼ਾਮਲ ਸਨ। ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਤੋਂ ਤਕਰੀਬਨ ਇੱਕ ਘੰਟਾ ਪੁੱਛਗਿੱਛ ਕੀਤੀ।
ਵੇਰਵਿਆਂ ਮੁਤਾਬਕ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿਚ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ‘ਚ ਆਪਣੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਪੱਲਾ ਝਾੜ ਲਿਆ ਹੈ। ਸੂਤਰਾਂ ਮੁਤਾਬਕ ਸਿੱਟ ਨੇ ਬੇਅਦਬੀ, ਗੋਲੀ ਕਾਂਡ ਅਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਅਤੇ ਡੇਰਾ ਮੁਖੀ ਨਾਲ ਮੁੰਬਈ ‘ਚ ਹੋਈ ਮੀਟਿੰਗ ਸਬੰਧੀ ਕਈ ਸਵਾਲ ਪੁੱਛੇ।
ਤਫ਼ਤੀਸ਼ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਸਾਹਮਣੇ ਦਾਅਵਾ ਕੀਤਾ ਕਿ ਉਸ ਨੇ ‘ਸਿੱਟ’ ਨੂੰ ਸਪੱਸ਼ਟ ਕੀਤਾ ਹੈ ਕਿ 8 ਅਕਤੂਬਰ ਤੋਂ ਲੈ ਕੇ ਘਟਨਾ ਵਾਲੇ ਦਿਨ (14 ਅਕਤੂਬਰ 2015) ਤਕ ਦੇ ਦਿਨਾਂ ਦੌਰਾਨ ਉਹ ਪੰਜਾਬ ਵਿਚੋਂ ਬਾਹਰ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸੰਵੇਦਨਸ਼ੀਲ ਅਤੇ ਅਹਿਮ ਮਾਮਲਿਆਂ ਤੋਂ ਪੱਲਾ ਝਾੜਨ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਦਰਜਨ ਦੇ ਕਰੀਬ ਪੁਲੀਸ ਅਧਿਕਾਰੀਆਂ ਕਸੂਤੀ ਸਥਿਤੀ ਵਿਚ ਫਸ ਸਕਦੇ ਹਨ ਕਿਉਂਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਦਾਅਵਾ ਕਰ ਚੁੱਕੇ ਹਨ ਕਿ ਕੋਟਕਪੂਰਾ ਵਿਚ ਹੋਏ ਇਕੱਠ ‘ਤੇ ਗੋਲੀ ਚਲਾਉਣ ਦਾ ਹੁਕਮ ਉਨ੍ਹਾਂ ਨਹੀਂ ਦਿੱਤਾ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਾਦਲ ਪਰਿਵਾਰ ਖਿਲਾਫ਼ ਬਦਲਾਖੋਰੀ ਦੀ ਸਿਆਸਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਇਕ ਦਿਨ ਪਹਿਲਾਂ ਮੀਡੀਆ ਵਿਚ ਬਿਆਨ ਦਿੰਦੇ ਹਨ ਤੇ ਉਸੇ ਤਰ੍ਹਾਂ ਫਿਰ ਐਸਆਈਟੀ ਸਵਾਲ ਘੜਦੀ ਹੈ। ਇਸ ਤੋਂ ਇਹ ਲਗਦਾ ਹੈ ਕਿ ਜਿਵੇਂ ਸ੍ਰੀ ਜਾਖੜ ਇਸ ਦੇ ਅਣਐਲਾਨੇ ਮੈਂਬਰ ਹੋਣ। ਅਕਾਲੀ ਦਲ ਦੇ ਪ੍ਰਧਾਨ ਨੂੰ ਜਦੋਂ ਮੀਡੀਆ ਨੇ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਦੀ ਘਟਨਾ ਨਾਲ ਸਬੰਧਤ ਸਵਾਲ ਪੁੱਛਣੇ ਚਾਹੇ ਤਾਂ ਉਨ੍ਹਾਂ ਪੂਰੀ ਤਰ੍ਹਾਂ ਟਾਲਾ ਵੱਟ ਲਿਆ। ਉਨ੍ਹਾਂ ਆਪਣੀ ਗੱਲ ਮੁਕੰਮਲ ਕਰ ਕੇ ਕਾਹਲੀ ਨਾਲ ਪ੍ਰੈਸ ਕਾਨਫਰੰਸ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ।
ਪੁਲੀਸ ਹੈੱਡਕੁਆਰਟਰ ਤੋਂ ਵਾਪਸ ਐਮਐਲਏ. ਫਲੈਟ ‘ਤੇ ਆ ਕੇ ਉਨ੍ਹਾਂ ਆਪਣੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਗੁਫ਼ਤਗੂ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਆਗੂ ਅਤੇ ਵਕੀਲ ਮਹੇਸ਼ਇੰਦਰ ਸਿੰਘ ਵੀ ਇਸ਼ਾਰਿਆਂ ਵਿਚ ਸਵਾਲਾਂ ਦੇ ਜਵਾਬ ਦੇਣ ਦੀ ਤਾਕੀਦ ਕਰ ਰਹੇ ਸਨ ਜਿਸ ਤਰ੍ਹਾਂ ਸਾਰਾ ਕੁਝ ਰਟਿਆ ਰਟਾਇਆ ਹੋਵੇ।