ਭ੍ਰਿਸ਼ਟਾਚਾਰ ਕੇਸ : ਅਕਾਲੀ ਆਗੂ ਮਨਜੀਤ ਸਿੰਘ ਜੀਕੇ ਨੂੰ ਹੋਰ ਝਟਕਾ

ਭ੍ਰਿਸ਼ਟਾਚਾਰ ਕੇਸ : ਅਕਾਲੀ ਆਗੂ ਮਨਜੀਤ ਸਿੰਘ ਜੀਕੇ ਨੂੰ ਹੋਰ ਝਟਕਾ

ਨਵੀਂ ਦਿੱਲੀ/ਬਿਊਰੋ ਨਿਊਜ਼ :
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਬਾਦਲ ਦਲ ਦੇ ਆਗੂ ਮਨਜੀਤ ਸਿੰਘ ਜੀਕੇ. ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਜੀਕੇ ਅਤੇ ਹੋਰਨਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਐੱਫਆਈਆਰ. ਦਰਜ ਕਰਨ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੈਸ਼ਨ ਕੋਰਟ ਨੇ ਵੀ ਖ਼ਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਵੀ ਉਨ੍ਹਾਂ ਵਿਰੱਧ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਸੈਸ਼ਨ ਕੋਰਟ ਨੇ ਜੀਕੇ. ਅਤੇ ਹੋਰਨਾਂ ਵਿਰੁੱਧ ਐੱਫਆਈਆਰ. ਦਰਜ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਹੁਣ ਜੀਕੇ ਖਿਲਾਫ ਕੇਸ ਦਰਜ ਹੋ ਸਕਦਾ ਹੈ।ਗੌਰਤਲਬ ਹੈ ਕਿ ਜੀਕੇ ਖ਼ਿਲਾਫ਼ ਕਮੇਟੀ ਵਿਚ ਕਥਿਤ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਹਨ।ਪਟਿਆਲਾ ਹਾਊਸ ਅਦਾਲਤ ਦੇ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਸੱਤ ਜਨਵਰੀ ਨੂੰ ਕੇਸ ਦੀ ਸੁਣਵਾਈ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਹ ਮਾਮਲਾ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਹੇਠਲੀ ਅਦਾਲਤ ਵਿਚ ਦਾਇਰ ਕਰਵਾਇਆ ਗਿਆ ਸੀ। ਇਸ ਨੂੰ ਜੀਕੇ ਨੇ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।
ਜੀਕੇ ਦੇ ਵਕੀਲਾਂ ਨੇ ਤਰਕ ਦਿੱਤਾ ਕਿ ਹੇਠਲੀ ਅਦਾਲਤ ਨੇ ਜੋ ਫ਼ੈਸਲਾ ਲਿਆ, ਉਹ ਗ਼ਲਤ ਸੀ। ਇਸ ਲਈ ਜੀਕੇ ਖ਼ਿਲਾਫ਼ ਹੇਠਲੀ ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਦਿੱਤੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ। ਦੂਜੇ ਪਾਸੇ ਸ਼ੰਟੀ ਦੇ ਵਕੀਲ ਰਾਜਿੰਦਰ ਛਾਬੜਾ ਨੇ ਦਲੀਲ ਦਿੱਤੀ ਕਿ ਹੇਠਲੀ ਅਦਾਲਤ ਨੇ ਸਾਰੇ ਸਬੂਤਾਂ ਨੂੰ ਦੇਖਦਿਆਂ ਜੀਕੇ ਖ਼ਿਲਾਫ਼ ਕੇਸ ਦਰਜ ਕਰਨ ਦਾ ਸਹੀ ਤੇ ਢੁਕਵਾਂ ਫ਼ੈਸਲਾ ਕੀਤਾ ਸੀ।