ਸਾਬਕਾ ਜੱਜ ਜ਼ੋਰਾ ਸਿੰਘ ਹੋਇਆ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਸਾਬਕਾ ਜੱਜ ਜ਼ੋਰਾ ਸਿੰਘ ਹੋਇਆ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਦੀ ਸੰਭਾਵਨਾ
ਖਹਿਰੇ ਨਾਲ ਰਲੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੀ ਵਾਪਿਸ ਮੁੜੇ

ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਜਸਟਿਸ ਜ਼ੋਰਾ ਸਿੰਘ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਸਮੇਂ ਸੰਸਦ ਮੈਂਬਰ ਭਗਵੰਤ ਮਾਨ ਤੇ ਵਿਧਾਇਕ ਜੈ ਕ੍ਰਿਸ਼ਨ ਰੋੜੀ ਨਾਲ।

ਨਵੀਂ ਦਿੱਲੀ/ਬਿਊਰੋ ਨਿਊਜ਼ :

ਬਹੁ-ਚਰਚਿਤ ਸਾਬਕਾ ਜੱਜ ਜ਼ੋਰਾ ਸਿੰਘ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਦੀ ਫਤਿਹਗੜ੍ਹ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਲੜਨ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਉਸ ਵੇਲੇ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਾਇਆ ਗਿਆ ਸੀ। ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਉਸ ਜਾਂਚ ਕਮਿਸ਼ਨ ਦੇ ਇਕਲੌਤੇ ਮੈਂਬਰ ਤੇ ਮੁਖੀ ਸਨ। ਉਨ੍ਹਾਂ ਦਾ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਜਾਣਾ ਅਣਕਿਆਸਿਆ ਫੈਸਲਾ ਹੈ। ਉਧਰ ਬਾਗ਼ੀ ਧੜੇ ਨਾਲ ਰਲੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੀ ਮੁੜ ‘ਆਪ’ ਨਾਲ ਤੁਰ ਪਏ ਹਨ।
ਦਿੱਲੀ ‘ਚ ‘ਆਪ’ ਦੇ ਮੁੱਖ ਦਫ਼ਤਰ ਵਿਖੇ ਜਸਟਿਸ ਜ਼ੋਰਾ ਸਿੰਘ ਨੂੰ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਸ੍ਰੀ ਜ਼ੋਰਾ ਸਿੰਘ ਨੇ ਕਿਹਾ ਕਿ 35 ਸਾਲ ਦੀਆਂ ਸੇਵਾਵਾਂ ਮਗਰੋਂ ਉਨ੍ਹਾਂ ਸਮਾਜ ਸੇਵਾ ਵੱਲ ਆਉਣ ਦਾ ਫ਼ੈਸਲਾ ਲਿਆ। ‘ਆਪ’ ਵਿਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ‘ਚ ਚੰਗੇ ਕੰਮ ਕੀਤੇ ਹਨ। ਬੇਅਦਬੀ ਕਾਂਡ ਦੀ ਰਿਪੋਰਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਰਿਪੋਰਟ ਤਤਕਾਲੀ ਬਾਦਲ ਸਰਕਾਰ ਨੂੰ ਦੇ ਦਿੱਤੀ ਸੀ ਜਿਸ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਉਸ ਨੂੰ ਜਨਤਕ ਕਰਨ ਦੀ ਕੋਸ਼ਿਸ਼ ਕੀਤੀ ਗਈ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਗਈ ਹੁੰਦੀ ਤਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸਿੰਘ ਸੈਣੀ ਅਤੇ ਹੋਰ ਲੋਕ ਜੇਲ੍ਹਾਂ ਵਿਚ ਬੰਦ ਹੁੰਦੇ। ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ 28 ਜਨਵਰੀ ਨੂੰ ਬਰਨਾਲਾ, 29 ਜਨਵਰੀ ਨੂੰ ਗੜ੍ਹਸ਼ੰਕਰ ਅਤੇ 2 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਰੈਲੀਆਂ ਕਰਨਗੇ। ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਲੋਕਾਂ ਲਈ ਉਮੀਦ ਦੀ ਕਿਰਨ ਬਣੇ ਹਨ ਅਤੇ ਹੁਣ ਲੋਕ ਸਭਾ ਚੋਣਾਂ ‘ਚ ਉਨ੍ਹਾਂ ਨੂੰ ਹੋਰ ਵੱਧ ਹਮਾਇਤ ਮਿਲੇਗੀ। ਇਸ ਮੌਕੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਨਵਦੀਪ ਸਿੰਘ ਸੰਘਾ ਅਤੇ ਹੋਰ ਆਗੂ ਹਾਜ਼ਰ ਸਨ।
ਫਤਿਹਗੜ੍ਹ ਸਾਹਿਬ ਤੋਂ ਚੋਣ ਲੜ ਸਕਦੇ ਹਨ ਜ਼ੋਰਾ ਸਿੰਘ : ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੇਵਾਮੁਕਤ ਜੱਜ ਜ਼ੋਰਾ ਸਿੰਘ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੀ ਚੋਣ ਲੜ ਸਕਦੇ ਹਨ। ਸੂਤਰਾਂ ਅਨੁਸਾਰ ਖਹਿਰਾ ਧੜੇ ਨੂੰ ਛੱਡ ਕੇ ਮੁੜ ਪਾਰਟੀ ਦੇ ਖੇਮੇ ਵਿਚ ਆਏ ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ਤਕਰੀਬਨ ਮਹੀਨਾ ਕੁ ਪਹਿਲਾਂ ਹੀ ਜ਼ੋਰਾ ਸਿੰਘ ਦੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਵਾ ਦਿੱਤੀ ਸੀ। ਸੂਤਰਾਂ ਅਨੁਸਾਰ ‘ਆਪ’ ਵੱਲੋਂ ਉਨ੍ਹਾਂ ਨੂੰ ਲੋਕ ਸਭਾ ਦੇ ਰਾਖਵੇਂ ਹਲਕੇ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਾਉਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਫਤਿਹਗੜ੍ਹ ਸਾਹਿਬ ਤੋਂ ‘ਆਪ’ ਦੇ ਮੌਜੂਦਾ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਲੰਮੇ ਸਮੇਂ ਤੋਂ ਪਾਰਟੀ ਤੋਂ ਦੂਰੀ ਬਣਾਈ ਬੈਠੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕੀਤਾ ਜਾ ਚੁੱਕਾ ਹੈ। ‘ਆਪ’ ਲੀਡਰਸ਼ਿਪ ਜ਼ੋਰਾ ਸਿੰਘ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਪਿਛਲੀ ਬਾਦਲ ਸਰਕਾਰ ਵੱਲੋਂ ਨਿਭਾਈ ਮਾੜੀ ਭੂਮਿਕਾ ਨੂੰ ਉਭਾਰਨ ਦਾ ਯਤਨ ਕਰੇਗੀ।
ਉਧਰ ਬਾਗ਼ੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ‘ਆਪ’ ਨੇ ਜ਼ੋਰਾ ਸਿੰਘ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਸਿਆਸੀ ਦਿਵਾਲੀਆਪਨ ਦਾ ਸਬੂਤ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੇਵਾਮੁਕਤ ਜੱਜ ਜ਼ੋਰਾ ਸਿੰਘ ਨੇ ਆਪਣੀ ਰਿਪੋਰਟ ਵਿਚ ਬਾਦਲਾਂ ਦੇ ਕਹਿਣ ‘ਤੇ ਪੁਲੀਸ ਅਫ਼ਸਰਾਂ ਅਤੇ ਦੋਸ਼ੀਆਂ ਨੂੰ ਬਚਾਇਆ ਸੀ।