ਬਹਿਬਲ ਕਲਾਂ ਸਾਕੇ ਦੇ ਦੋਸ਼ੀ ਪੁਲਿਸ ਅਫਸਰਾਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ 'ਤੇ ਫੈਂਸਲਾ ਟਲਿਆ

ਬਹਿਬਲ ਕਲਾਂ ਸਾਕੇ ਦੇ ਦੋਸ਼ੀ ਪੁਲਿਸ ਅਫਸਰਾਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ 'ਤੇ ਫੈਂਸਲਾ ਟਲਿਆ

ਫ਼ਰੀਦਕੋਟ: ਬਹਿਬਲ ਕਲਾਂ ਸਾਕੇ ਵਿਚ ਦੋਸ਼ੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਮਾਮਲੇ ਵਿਚ ਦੋਸ਼ੀ 3 ਹੋਰ ਪੁਲਿਸ ਅਫ਼ਸਰਾਂ ਵਲੋਂ ਫ਼ਰੀਦਕੋਟ ਸੈਸ਼ਨ ਅਦਾਲਤ ਵਿਚ ਪਾਈ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਫੈਸਲਾ ਅੱਜ ਬਾਰ ਐਸੋਸੀਏਸ਼ਨ ਦੀ ਹੜਤਾਲ ਕਾਰਨ ਟਲ ਗਿਆ ਹੈ। ਸੂਤਰਾਂ ਤੋਂ ਹਾਸਿਲ ਜਾਣਕਾਰੀ ਮੁਤਾਬਕ ਇਨ੍ਹਾਂ ਅਰਜ਼ੀਆਂ 'ਤੇ ਹੁਣ ਫੈਂਸਲਾ 1 ਫਰਵਰੀ ਨੂੰ ਹੋਣ ਵਾਲੀ ਬਹਿਸ ਤੋਂ ਬਾਅਦ ਕੀਤਾ ਜਾਵੇਗਾ।

ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸਿਫ਼ਾਰਸ਼ ਦੇ ਆਧਾਰ ’ਤੇ ਪੰਜਾਬ ਪੁਲਿਸ ਦੇ ਚਾਰ ਪੁਲਿਸ ਅਧਿਕਾਰੀਆਂ – ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਉਦੋਂ ਦੇ ਐੱਸਪੀ (ਡੀ) ਫ਼ਾਜ਼ਿਲਕਾ ਬਿਕਰਮਜੀਤ ਸਿੰਘ, ਇੰਸਪੈਕਟਰ ਤੇ ਉਦੋਂ ਬਾਜਾਖਾਨਾ ਦੇ ਐੱਸਐੱਚਓ ਪ੍ਰਦੀਪ ਸਿੰਘ ਅਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਦੇ ਨਾਂਅ ਬਹਿਬਲ ਕਲਾਂ ਗੋਲੀਕਾਂਡ ਦੀ ਐੱਫ਼ਆਈਆਰ ਵਿੱਚ ਪਿਛਲੇ ਵਰ੍ਹੇ ਸ਼ਾਮਲ ਕੀਤੇ ਗਏ ਸਨ।

ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਤੋਂ ਬਾਅਦ ਇਨ੍ਹਾਂ ਤਿੰਨਾਂ ਪੁਲਿਸ ਅਧਿਕਾਰੀਆਂ ਨੇ ਸੋਮਵਾਰ ਨੂੰ ਆਪਣੀ ਅਗਾਊਂ ਜ਼ਮਾਨਤ ਲਈ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਵਿੱਚ ਆਪਣੀ ਅਰਜ਼ੀ ਦਾਖ਼ਲ ਕਰ ਦਿੱਤੀ ਸੀ।

ਦੂਜੇ ਪਾਸੇ ਬਹਿਬਲ ਕਲਾਂ ਸਾਕੇ ਵਿਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ  ਫ਼ਰੀਦਕੋਟ ਦੀ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰ ਕੇ ਬੇਨਤੀ ਕੀਤੀ ਸੀ ਕਿ ਗੋਲੀਕਾਂਡ ਦੇ ਦੋਸ਼ੀ ਪੁਲਿਸ ਅਫਸਰਾਂ ਵੱਲੋਂ ਦਾਇਰ ਕੀਤੀਆਂ ਅਗਾਊਂ ਜ਼ਮਾਨਤ ਦੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਜਾਣ।