ਬਹਿਬਲ ਕਲਾਂ ਸਾਕੇ ਦੇ ਦੋਸ਼ੀ ਪੁਲਿਸ ਅਫਸਰਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਬਹਿਬਲ ਕਲਾਂ ਸਾਕੇ ਦੇ ਦੋਸ਼ੀ ਪੁਲਿਸ ਅਫਸਰਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਫ਼ਰੀਦਕੋਟ: ਬਹਿਬਲ ਕਲਾਂ ਸਾਕੇ ਦੇ ਦੋਸ਼ੀ ਪੁਲਿਸ ਅਫਸਰਾਂ ਵਲੋਂ ਫ਼ਰੀਦਕੋਟ ਅਦਾਲਤ ਵਿਚ ਪਾਈ ਗਈ ਜ਼ਮਾਨਤ ਅਰਜ਼ੀ ਨੂੰ ਜੱਜ ਹਰਪਾਲ ਸਿੰਘ ਨੇ ਰੱਦ ਕਰ ਦਿੱਤਾ ਹੈ। ਬੀਤੇ ਕੱਲ੍ਹ ਅਦਾਲਤ ਨੇ ਦੋਹਾਂ ਪੱਖਾਂ ਦੀ ਗੱਲ ਸੁਣੀ ਅਤੇ ਫੈਸਲਾ ਅੱਜ ਲਈ ਰਾਖਵਾਂ ਰੱਖਿਆ ਸੀ।

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਪਾਈ ਗਈ ਜ਼ਮਾਨਤ ਅਰਜ਼ੀ ਨੂੰ ਜੱਜ ਨੇ ਰੱਦ ਕਰ ਦਿੱਤਾ ਹੈ। 

ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਸਾਕੇ ਦੇ ਦੋਸ਼ੀ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਬਾਕੀ ਤਿੰਨ ਪੁਲਿਸ ਅਫਸਰਾਂ ਨੇ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕਰ ਦਿੱਤੀ ਸੀ। ਇਸ ਜ਼ਮਾਨਤ ਅਰਜ਼ੀ ਦੇ ਖਿਲਾਫ ਬਹਿਬਲ ਕਲਾਂ ਸਾਕੇ ਵਿਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਸਪੁੱਤਰ ਸੁਖਰਾਜ ਸਿੰਘ ਨੇ ਅਦਾਲਤ ਪਹੁੰਚ ਕੇ ਇਸ ਜ਼ਮਾਨਤ ਅਰਜ਼ੀ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਸੀ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਸ਼ਾਤਮਈ ਰੋਸ ਪ੍ਰਗਟ ਕਰ ਰਹੀਆਂ ਸਿੱਖ ਸੰਗਤਾਂ 'ਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ ਜਿਸ ਵਿਚ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ ਸ਼ਹੀਦ ਹੋ ਗਏ ਸਨ। ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਦੇ ਅਧਾਰ 'ਤੇ ਇਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਉਸ ਸਮੇਂ ਫਾਜ਼ਿਲਕਾ ਦੇ ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ਸ਼ਰਮਾ ਦੀ ਗ੍ਰਿਫਤਾਰੀ ਤੋਂ ਬਾਅਦ ਗ੍ਰਿਫਤਾਰੀ ਤੋਂ ਬਚਣ ਲਈ ਬਾਕੀ ਤਿੰਨਾਂ ਦੋਸ਼ੀਆਂ ਨੇ ਅਦਾਲਤ ਵਿਚ ਜ਼ਮਾਨਤ ਲਈ ਅਪੀਲ ਕੀਤੀ ਸੀ। 

ਇਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਂ ਵੀ ਜੁੜਦਾ ਹੈ।