ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਚੋਣਾਂ ਲੜ੍ਹਨ ਦੀ ਤਿਆਰੀ ਸ਼ੁਰੂ ਕੀਤੀ

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਚੋਣਾਂ ਲੜ੍ਹਨ ਦੀ ਤਿਆਰੀ ਸ਼ੁਰੂ ਕੀਤੀ
ਭਾਈ ਰਣਜੀਤ ਸਿੰਘ

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਭਾਈ ਰਣਜੀਤ ਸਿੰਘ ਵਲੋਂ ਸਹਿਯੋਗੀਆਂ ਨਾਲ ਮਿਲ ਕੇ ਪੰਥਕ ਅਕਾਲੀ ਲਹਿਰ ਪਾਰਟੀ ਬਣਾਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਸਿਆਸੀ ਨਹੀਂ ਸਗੋਂ ਧਾਰਮਿਕ ਪਾਰਟੀ ਹੈ ਤੇ ਸਿਰਫ ਸ਼੍ਰੋਮਣੀ ਕਮੇਟੀ ਚੋਣਾਂ ਹੀ ਲੜੇਗੀ।

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪੰਥਕ ਅਕਾਲੀ ਲਹਿਰ ਦਾ ਮੰਤਵ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਰਜਿਸਟਰੇਸ਼ਨ ਕਰਵਾ ਲਈ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਚੋਣਾਂ ਵਿੱਚ ਨਾ ਤਾਂ ਹਿੱਸਾ ਹੀ ਲਵੇਗੀ ਤੇ ਨਾ ਹੀ ਕਿਸੇ ਪਾਰਟੀ ਨੂੰ ਸਮਰਥਨ ਦੇਵੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਿਰਫ ਧਾਰਮਿਕ ਵਿਅਕਤੀ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਨੌਜਵਾਨਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਚਾਰਾਜੋਈ ਕਰਕੇ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੇ ਉਪਰਾਲੇ ਸ਼ੁਰੂ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸ਼ਬਦ ਗੁਰੂ ਦੇ ਸਿਧਾਂਤ ਤੇ ਮੀਰੀ ਪੀਰੀ ਦੇ ਸਿਧਾਂਤ ਨੂੰ ਮਿੱਟੀ ਵਿੱਚ ਰੋਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਨਿਜਾਤ ਦਿਵਾਈ ਜਾਵੇਗੀ।