ਸਿੱਖ ਹੱਕਾਂ ਦੀ ਗੱਲ ਕਰਨ ਵਾਲੇ ਤਿੰਨ ਸਿੱਖ ਨੌਜਵਾਨਾਂ ਨੂੰ ਭਾਰਤੀ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਸਿੱਖ ਹੱਕਾਂ ਦੀ ਗੱਲ ਕਰਨ ਵਾਲੇ ਤਿੰਨ ਸਿੱਖ ਨੌਜਵਾਨਾਂ ਨੂੰ ਭਾਰਤੀ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਨਵਾਂਸ਼ਹਿਰ: ਨਵਾਂਸ਼ਹਿਰ ਅਦਾਲਤ ਨੇ ਅੱਜ ਇਕ ਵੱਡਾ ਫੈਂਸਲਾ ਸੁਣਾਉਂਦਿਆਂ ਸੋਸ਼ਲ ਮੀਡੀਆ 'ਤੇ ਸਿੱਖ ਹੱਕਾਂ ਦੀ ਗੱਲ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਤਿੰਨ ਸਿੱਖ ਨੌਜਵਾਨਾਂ ਦੇ ਮਾਮਲੇ 'ਚ ਸਜ਼ਾ ਸੁਣਾਉਂਦਿਆਂ ਉਮਰ ਕੈਦ ਦੀ ਸਜ਼ਾ ਦਾ ਐਲਾਨ ਕੀਤਾ ਹੈ। ਤਿੰਨ ਸਿੱਖ ਨੌਜਵਾਨਾਂ ਅਰਵਿੰਦਰ ਸਿੰਘ, ਸੁਰਜੀਤ ਸਿੰਘ ਤੇ ਰਣਜੀਤ ਸਿੰਘ ਨੂੰ ਭਾਰਤ ਖਿਲਾਫ ਜੰਗ ਛੇੜਨ ਦਾ ਦੋਸ਼ੀ ਐਲਾਨ ਦਿੱਤਾ ਗਿਆ ਸੀ। ਨਾਭਾ ਜੇਲ੍ਹ ਵਿੱਚ ਨਜ਼ਰਬੰਦ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਨਵਾਂਸ਼ਹਿਰ ਅਦਾਲਤ ਵਿਚ 31 ਜਨਵਰੀ ਨੂੰ ਐਡੀਸ਼ਨਲ ਸੈਸ਼ਨ ਜੱਜ ਰਣਧੀਰ ਵਰਮਾ ਨੇ ਯੂਏਪੀਏ ਦੀਆਂ ਧਾਰਾਵਾਂ ਹਟਾ ਕੇ ਆਈਪੀਸੀ ਦੀ ਧਾਰਾ 121, 121-ਏ ਅਧੀਨ ਦੇਸ਼ ਖਿਲਾਫ ਜੰਗ ਛੇੜਨ ਦਾ ਦੋਸ਼ੀ ਐਲਾਨ ਦਿੱਤਾ ਸੀ ਤੇ ਸਜ਼ਾ ਦੇ ਐਲਾਨ ਲਈ 5 ਜਨਵਰੀ ਤਰੀਕ ਤੈਅ ਕੀਤੀ ਸੀ।

ਅੱਜ ਜੱਜ ਨੇ ਸਜ਼ਾ ਦਾ ਐਲਾਨ ਕਰਦਿਆਂ ਤਿੰਨਾਂ ਨੌਜਵਾਨਾਂ ਨੂੰ ਉਪਰੋਕਤ ਧਾਰਾਵਾਂ ਅਧੀਨ ਕ੍ਰਮਵਾਰ 10 ਸਾਲ ਤੇ ਉਮਰ ਕੈਦ ਦੀ ਸਜ਼ਾ ਅਤੇ ਕ੍ਰਮਵਾਰ 1 ਲੱਖ ਤੇ 25000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। 

ਜ਼ਿਕਰਯੋਗ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ 2016 ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਇਹਨਾਂ ਖਿਲਾਫ ਪੰਜਾਬ ਪੁਲਿਸ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਥਾਣਾ ਰਾਹੋਂ ਵਿਖੇ ਯੂਏਪੀਏ ਦੀ ਧਾਰਾ 10, 13 ਅਤੇ ਭਾਰਤੀ ਪੈਨਲ ਕੋਡ ਦੀ ਧਾਰਾ 121, 121-ਏ ਅਧੀਨ ਮਾਮਲਾ ਦਰਜ ਕੀਤਾ ਸੀ। 

ਗੌਰਤਲਬ ਹੈ ਕਿ ਸਾਰੀ ਜਾਂਚ ਵਿਚ ਇਹਨਾਂ ਨੌਜਵਾਨਾਂ ਕੋਲੋਂ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦੇ ਅਸਲੇ, ਵਿਸਫੋਟਕ ਸਮਗਰੀ ਜਾ ਹਥਿਆਰਾਂ ਦੀ ਬਰਾਮਦਗੀ ਨਹੀਂ ਹੋਈ। ਮਹਿਜ਼ ਸੋਸ਼ਲ ਮੀਡੀਆ 'ਤੇ ਸਿੱਖ ਹੱਕਾਂ ਦੀ ਗੱਲ ਕਰਨ ਨੂੰ ਅਧਾਰ ਬਣਾ ਕੇ ਇਹਨਾਂ ਨੌਜਵਾਨਾਂ ਨੂੰ ਉਪਰੋਕਤ ਸੰਗੀਨ ਧਾਰਾਵਾਂ ਵਿਚ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ।

ਭਾਰਤੀ ਅਦਾਲਤ ਦੇ ਇਸ ਫੈਂਸਲੇ ਨੂੰ ਮਨੁੱਖੀ ਹੱਕਾਂ ਦੀ ਧਾਰਨਾ ਦੇ ਖਿਲਾਫ ਮੰਨਿਆ ਜਾ ਰਿਹਾ ਹੈ। ਦੁਨੀਆ ਵਿਚ ਹਰ ਮਨੁੱਖ ਨੂੰ ਆਪਣੀ ਗੱਲ ਕਹਿਣ ਤੇ ਆਪਣੀਆਂ ਭਾਵਨਾਵਾਂ ਦੇ ਸ਼ਾਂਤਮਈ ਪ੍ਰਗਟਾਵੇ ਦਾ ਹੱਕ ਹੈ ਤੇ ਇਹ ਹਰ ਇਨਸਾਨ ਨੂੰ ਮਿਲੇ ਹੋਏ ਮੁੱਢਲੇ ਹੱਕ ਮੰਨੇ ਜਾਂਦੇ ਹਨ।