ਖਾੜਕੂ ਪ੍ਰਭਪ੍ਰੀਤ ਜਰਮਨੀ ਦਿੱਲੀ ਏਅਰਪੋਰਟ ਤੋਂ ਗਿ੍ਫਤਾਰ

ਖਾੜਕੂ ਪ੍ਰਭਪ੍ਰੀਤ ਜਰਮਨੀ ਦਿੱਲੀ ਏਅਰਪੋਰਟ ਤੋਂ ਗਿ੍ਫਤਾਰ

ਪੁਲਿਸ ਅਨੁਸਾਰ ਚਲਾ ਰਿਹਾ ਸੀ ਖਾੜਕੂ ਭਰਤੀ ਕਰਨ ਵਾਲਾ ਮਾਡਿਊਲ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ/ਅੰਮ੍ਰਿਤਸਰ :ਬੀਤੇ ਦਿਨੀਂ ਖਾੜਕੂਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪੇ੍ਰਸ਼ਨ ਸੈੱਲ ਅੰਮ੍ਰਿਤਸਰ ਨੇ ਜਰਮਨੀ ਆਧਾਰਿਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਕੇ ਖਾੜਕੂ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ । 

ਜ਼ਿਕਰਯੋਗ ਹੈ ਕਿ ਸਾਲ 2020 ਵਿੱਚ, ਐਸਐਸਓਸੀ ਅੰਮ੍ਰਿਤਸਰ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਕੇਜ਼ੈਡਐਫ ਖਾੜਕੂ ਜਗਦੀਸ਼ ਸਿੰਘ ਭੂਰਾ ਪੰਜਾਬ ਵਿੱਚ ਕੁਝ ਨਾਮੀ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ ਉਸ ਨੇ ਆਪਣੇ ਭਾਰਤ ਆਧਾਰਿਤ ਸਾਥੀਆਂ ਨੂੰ ਹਥਿਆਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰ ਕੇ ਇਸ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਗੋਲ਼ੀ-ਸਿੱਕਾ ਬਰਾਮਦ ਕੀਤੇ ਸਨ। ਇਸ ਸਬੰਧੀ ਪੁਲਿਸ ਵੱਲੋਂ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਲੁੜੀਂਦੇ ਖਾੜਕੂ ਜਗਦੀਸ਼ ਸਿੰਘ ਭੂਰਾ ਅਤੇ ਉਸ ਦੇ ਕਰੀਬੀ ਪ੍ਰਭਪ੍ਰੀਤ ਸਿੰਘ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਹ ਨਾਮੀ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਪ੍ਰਭਪ੍ਰੀਤ ਜਰਮਨੀ ਵਿੱਚ ਰਹਿ ਰਿਹਾ ਸੀ, ਇਸ ਲਈ ਪੰਜਾਬ ਪੁਲਿਸ ਨੇ ਉਸ ਨੂੰ ਇਸ ਕੇਸ ਵਿੱਚ ਨਾਮਜ਼ਦ ਕਰਨ ਉਪਰੰਤ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਬਿਊਰੋ ਆਫ਼ ਇਮੀਗੇ੍ਰਸ਼ਨ, ਨਵੀਂ ਦਿੱਲੀ ਰਾਹੀਂ ਉਸ ਖ਼ਿਲਾਫ਼ ਐੱਲਓਸੀ ਜਾਰੀ ਕਰਵਾ ਦਿੱਤਾ ਸੀ। 

 ਇਮੀਗੇ੍ਰਸ਼ਨ ਅਧਿਕਾਰੀਆਂ ਨੇ ਪ੍ਰਭਪ੍ਰੀਤ ਨੂੰ ਹਿਰਾਸਤ ਵਿੱਚ ਲੈਣ ਬਾਰੇ ਸੂਚਿਤ ਕੀਤਾ। ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਦਿੱਲੀ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪ੍ਰਭਪ੍ਰੀਤ 2017 ’ਚ ਪੋਲੈਂਡ ਗਿਆ ਸੀ ਅਤੇ 2020 ’ਚ ਸੜਕ ਰਸਤੇ ਜਰਮਨੀ ਚਲਾ ਗਿਆ ਸੀ ਅਤੇ ਜਰਮਨੀ ’ਚ ਪੱਕੀ ਰਿਹਾਇਸ਼ ਹਾਸਲ ਕਰਨ ਲਈ ਉਸ ਨੇ ਸਿਆਸੀ ਸ਼ਰਨ ਲਈ ਅਰਜ਼ੀ ਦਿੱਤੀ ਸੀ। ਜਰਮਨੀ ਵਿਚ ਰਹਿੰਦਿਆਂ ਉਹ ਬੈਲਜੀਅਮ ਸਥਿਤ ਕੇਜ਼ੈਡਐਫ ਖਾੜਕੂ ਜਗਦੀਸ਼ ਸਿੰਘ ਭੂਰਾ ਦੇ ਸੰਪਰਕ ਵਿਚ ਆਇਆ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋ ਗਿਆ। ਮਿੱਥ ਕੇ ਕਤਲ ਦੀਆਂ ਵਾਰਦਾਤਾਂ ਅਤੇ ਹੋਰ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਭਾਰਤੀ ਸਾਥੀ ਲਈ ਫੰਡਿੰਗ ਅਤੇ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ। ਉਸ ਦੇ ਪੂਰੇ ਨੈੱਟਵਰਕ ਅਤੇ ਜਿਸ ਮਾਡਿਊਲ ਲਈ ਉਹ ਕੰਮ ਕਰ ਰਿਹਾ ਹੈ, ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।