ਭਾਰਤ ਦੇ ਰਾਸ਼ਟਰਪਤੀ ਨੇ ਪੰਜਾਬ ਅਤੇ ਪੰਜਾਬੀ ਵਿਰੋਧੀ ਕਾਨੂੰਨਾਂ 'ਤੇ ਲਾਈ ਮੋਹਰ

ਭਾਰਤ ਦੇ ਰਾਸ਼ਟਰਪਤੀ ਨੇ ਪੰਜਾਬ ਅਤੇ ਪੰਜਾਬੀ ਵਿਰੋਧੀ ਕਾਨੂੰਨਾਂ 'ਤੇ ਲਾਈ ਮੋਹਰ

ਅੰਮ੍ਰਿਤਸਰ ਟਾਈਮਜ਼ ਬਿਊਰੋ

ਭਾਵੇਂ ਕਿ ਪੰਜਾਬ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਸੜਕਾਂ 'ਤੇ ਉਤਰ ਕੇ ਕਿਸਾਨ ਵਿਰੋਧੀ ਭਾਰਤੀ ਬਿੱਲਾਂ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ, ਪਰ ਇਹਨਾਂ ਪ੍ਰਦਰਸ਼ਨਾਂ ਦਾ ਭਾਰਤ ਸਰਕਾਰ 'ਤੇ ਕੋਈ ਅਸਰ ਪੈਂਦਾ ਨਜ਼ਰ ਨਹੀਂ ਆਇਆ। ਬੀਤੀ ਸ਼ਾਮ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਸਾਨ ਵਿਰੋਧੀ ਤਿੰਨੇ ਬਿੱਲਾਂ ਉੱਤੇ ਦਸਤਖਤ ਕਰਕੇ ਇਹਨਾਂ ਨੂੰ ਪੱਕਾ ਕਾਨੂੰਨ ਬਣਾ ਦਿੱਤਾ ਹੈ। ਇਸ ਤੋਂ ਇਲਾਵਾ ਜੰਮੂ ਕਸ਼ਮੀਰ ਵਿਚੋਂ ਪੰਜਾਬੀ ਨੂੰ ਖਤਮ ਕਰਨ ਦੇ ਬਿੱਲ ਉੱਤੇ ਵੀ ਦਸਤਖਤ ਕਰਕੇ ਕਾਨੂੰਨ ਬਣਾ ਦਿੱਤਾ ਗਿਆ ਹੈ। ਇਨ੍ਹਾਂ ਕਾਨੂੰਨਾਂ ਨੂੰ ਸਰਕਾਰੀ ਗਜ਼ਟ ਵਿੱਚ ਨੋਟੀਫਾਈ ਕਰ ਦਿੱਤਾ ਗਿਆ ਹੈ।

ਗ਼ਜ਼ਟ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰਪਤੀ ਨੇ ਤਿੰਨ ਬਿਲਾਂ- ਕਿਸਾਨੀ ਜਿਣਸ ਵਪਾਰ ਤੇ ਵਣਜ (ਉਤਸ਼ਾਹਿਤ ਕਰਨ ਤੇ ਸੁਖਾਲਾ ਬਣਾਉਣ) ਬਿੱਲ 2020, ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਬਿੱਲ 2020 ਤੇ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਨੂੰ ਮਨਜ਼ੂਰੀ ਦੇ ਦਿੱਤੀ। 

ਹੁਣ ਜਦੋਂ ਕਈ ਦਿਨਾਂ ਦੇ ਲਗਾਤਾਰ ਧਰਨਿਆਂ ਤੋਂ ਬਾਅਦ ਵੀ ਪੰਜਾਬ ਦੇ ਰੋਹ ਦਾ ਦਿੱਲੀ 'ਤੇ ਕੋਈ ਅਸਰ ਨਹੀਂ ਪਿਆ ਤਾਂ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸੰਘਰਸ਼ ਦਾ ਅਗਲਾ ਪੈਂਤੜਾ ਕੀ ਲੈਂਦੀਆਂ ਹਨ, ਇਸ 'ਤੇ ਸਭ ਦੀ ਨਜ਼ਰ ਬਣੀ ਹੋਈ ਹੈ। ਕਿਸਾਨ ਜਥੇਬੰਦੀਆਂ ਵੱਲੋਂ 31 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਭਾਰਤੀ ਰੇਲ ਨੂੰ ਪੰਜਾਬ ਵਿਚ ਮੁਕੰਮਲ ਤੌਰ 'ਤੇ ਬੰਦ ਕਰਨ ਦਾ ਐਲਾਨ ਦਿੱਤਾ ਗਿਆ ਹੈ।