ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੁਪਰੀਮ ਕੋਰਟ ਜਾਵੇਗੀ ਸ਼੍ਰੋਮਣੀ ਕਮੇਟੀ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੁਪਰੀਮ ਕੋਰਟ ਜਾਵੇਗੀ ਸ਼੍ਰੋਮਣੀ ਕਮੇਟੀ
ਪ੍ਰੋ. ਭੁੱਲਰ ਤੇ ਬੀਬੀ ਨਵਨੀਤ ਕੌਰ

ਚੰਡੀਗੜ੍ਹ: ਬੰਦੀ ਸਿੰਘ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ 'ਤੇ ਕਾਂਗਰਸੀ ਆਗੂ ਮਨਜਿੰਦਰ ਸਿੰਘ ਬਿੱਟਾ ਦੀ ਅਪੀਲ ਮਗਰੋਂ ਸੁਪਰੀਮ ਕੋਰਟ ਵੱਲੋਂ ਰੋਕ ਲਗਾਉਣ ਦੇ ਫੈਂਸਲੇ ਨੂੰ ਮੁੜ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਵਿਚ ਅਪੀਲ ਦਰਜ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਕਾਨੂੰਨੀ ਮਾਹਿਰਾਂ ਦੀ ਰਾਏ ਲੈਣ ਤੋਂ ਬਾਅਦ ਇਹ ਅਪੀਲ ਦਰਜ ਕੀਤੀ ਜਾਵੇਗੀ। 

ਉਹਨਾਂ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਭਾਰਤ ਦੀ ਕੇਂਦਰ ਸਰਕਾਰ ਕੋਲ ਵੀ ਪਹੁੰਚ ਕਰਨਗੇ ਤੇ ਇਸ ਲਈ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਜਾਵੇਗਾ। 

ਪਰਿਵਾਰ ਪ੍ਰੋ. ਭੁੱਲਰ ਦੀ ਸਿਹਤ ਲਈ ਫਿਕਰਮੰਦ
ਪ੍ਰੋ. ਭੁੱਲਰ ਦੇ ਘਰੋਂ ਬੀਬੀ ਨਵਨੀਤ ਕੌਰ ਨੇ ਕਿਹਾ ਕਿ ਅਦਾਲਤ ਵੱਲੋਂ ਜਾਰੀ ਕੀਤੇ ਨਵੇਂ ਹੁਕਮ ਉਹਨਾਂ ਲਈ ਚਿੰਤਾ ਦਾ ਵਿਸ਼ਾ ਹਨ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਨੂੰ ਜੇਲ੍ਹ ਵਿੱਚ 25 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਤੇ ਇਸ ਲੰਬੀ ਕੈਦ ਦੌਰਾਨ ਉਹਨਾਂ ਦੀ ਸਿਹਤ ਵੀ ਵਿਗੜ ਚੁੱਕੀ ਹੈ। ਪਿਛਲੇ ਸਮੇਂ ਦੌਰਾਨ ਸਿੱਖ ਸੰਘਰਸ਼ ਦੇ ਸਦਕਾ ਉਹਨਾਂ ਦੀ ਪੈਰੋਲ ਮਨਜ਼ੂਰ ਹੋਈ ਸੀ ਤੇ ਜੇਲ੍ਹ ਤੋਂ ਬਾਹਰ ਆਉਣ ਕਰਕੇ ਉਹਨਾਂ ਦੀ ਸਿਹਤ ਵਿੱਚ ਕੁੱਝ ਸੁਧਾਰ ਹੋਇਆ ਸੀ ਪਰ ਹੁਣ ਜਾਰੀ ਹੋਏ ਨਵੇਂ ਹੁਕਮ ਉਹਨਾਂ ਦੇ ਮਾਨਸਿਕ ਦਬਾਅ 'ਚ ਵਾਧਾ ਕਰਨਗੇ ਤੇ ਸਿਹਤ ਹੋਰ ਖਰਾਬ ਹੋ ਸਕਦੀ ਹੈ। ਬੀਬੀ ਨਵਨੀਤ ਕੌਰ ਨੇ ਕਿਹਾ ਕਿ ਇਹ ਸਭ ਪ੍ਰੋ. ਭੁੱਲਰ ਦੀ ਰਿਹਾਈ ਨੂੰ ਰੋਕਣ ਦੀ ਸਾਜਿਸ਼ ਦਾ ਹਿੱਸਾ ਵੀ ਹੋ ਸਕਦਾ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।