ਚੋਰੀ ਦੇ ਦੋਸ਼ ਵਿਚ ਸਿੱਖ ਗਭਰੂ ਨਾਲ ਕੁੱਟਮਾਰ ਦੌਰਾਨ ਵਾਲਾਂ ਤੋਂ ਖਿੱਚਣ ਦਾ ਵੀਡੀਓ ਵਾਇਰਲ,

ਚੋਰੀ ਦੇ ਦੋਸ਼ ਵਿਚ ਸਿੱਖ ਗਭਰੂ ਨਾਲ ਕੁੱਟਮਾਰ ਦੌਰਾਨ ਵਾਲਾਂ ਤੋਂ ਖਿੱਚਣ ਦਾ ਵੀਡੀਓ ਵਾਇਰਲ,

*ਸ੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿਖੇਧੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਸ਼੍ਰੋਮਣੀ  ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਦਾ ਵੀਡੀਓ ਵਾਇਰਲ ਹੋਇਆ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ‘ਚ ਖਾਸਾ ਰੋਸ ਵੇਖਣ ਨੂੰ ਮਿਲਿਆ।ਇਸ ਦੇ ਨਾਲ ਹੀ ਦੱਸ ਦਈਏ ਕਿ ਪੁਲਿਸ ਨੇ ਵਾਇਰਲ ਹੋਏ ਵੀਡੀਓ 'ਤੇ ਕਾਰਵਾਈ ਕਰਦਿਆਂ ਕੁੱਟਮਾਰ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਦੋ ਹੋਰ ਫਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਜ਼ਿਲ੍ਹਾ ਪੁਲਿਸ ਸੁਪਰਡੈਂਟ ਦੇਵੇਂਦਰ ਕੁਮਾਰ ਵਿਸ਼ਨੋਈ ਨੇ ਦੱਸਿਆ ਕਿ ਵੀਡੀਓ ਦੀ ਜਾਣਕਾਰੀ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਬਾਕੀ ਦੋਨਾਂ ਦੀ ਭਾਲ ਕੀਤੀ ਜਾ ਰਹੀ ਹੈ।ਇਸ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਦਫਤਰ ਤੋਂ ਬਿਆਨ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਵਾਪਰੀ ਇਹ ਘਟਨਾ ਅਤੀ ਦੁਖਦਾਈ ਹੈ, ਜਿਸ ਨਾਲ ਸਿੱਖ ਕੌਮ ਦੇ ਮਨ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਲਈ ਤਿਆਰ ਰਹਿੰਦੀ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਸਿੱਖਾਂ ਵੱਲੋਂ ਕੀਤੀ ਨਿਰਸਵਾਰਥ ਸੇਵਾ ਨੂੰ ਦੁਨੀਆ ‘ਚ ਸਰਾਇਆ ਜਾ ਰਿਹਾ ਹੈ, ਜਦੋਂ ਕਿ ਦੂਜੇ ਪਾਸੇ ਸਿੱਖਾਂ ਨਾਲ ਵਧੀਕੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਰਾਜਸਥਾਨ ਅੰਦਰ ਸਿੱਖ ਨੌਜਵਾਨ ਦੀ ਕੁੱਟਮਾਰ ਮੰਦਭਾਗੀ ਗੱਲ ਹੈ, ਜਿਸ ਨੂੰ ਸਰਕਾਰਾਂ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਜਿਨ੍ਹਾਂ ਚਾਰ ਲੋਕਾਂ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਸੀ, ਉਨ੍ਹਾਂ ‘ਤੇ ਰਾਜਸਥਾਨ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ। ਪਰ ਇਸ ਨਾਲ ਮਾਮਲਾ ਖ਼ਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਜਦੋਂ ਤਕ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਨਹੀਂ ਮਿਲਦੀਆਂ, ਉਦੋਂ ਤਕ ਸਿੱਖਾਂ ਵਿਚ ਨਾਰਾਜ਼ਗੀ ਰਹੇਗੀ। ਇਸ ਦੇ ਨਾਲ ਹੀ ਰਾਜਸਥਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜਾ ਦਿੱਤੀ ਜਾਵੇ ਤਾਂ ਜੋ ਭਵਿੱਖ ‘ਚ ਕੋਈ ਹੋਰ ਅਜਿਹੀ ਹਰਕਤ ਨਾ ਕਰ ਸਕੇ।