ਬਹਿਬਲ ਕਲਾਂ ਗੋਲ਼ੀ ਕਾਂਡ ਦੀ ਜਾਂਚ ਪੂਰੀ , ਡੇਰਾ ਮੁਖੀ ਨੂੰ ਮਾਫ਼ੀ ਦੇਣ ਤੋਂ ਬਾਅਦ ਰਚੀ ਗਈ ਸੀ ਗੋਲ਼ੀ ਕਾਂਡ ਦੀ ਸਾਜਿਸ਼

ਬਹਿਬਲ ਕਲਾਂ ਗੋਲ਼ੀ ਕਾਂਡ ਦੀ ਜਾਂਚ ਪੂਰੀ , ਡੇਰਾ ਮੁਖੀ ਨੂੰ ਮਾਫ਼ੀ ਦੇਣ ਤੋਂ ਬਾਅਦ ਰਚੀ ਗਈ ਸੀ ਗੋਲ਼ੀ ਕਾਂਡ ਦੀ ਸਾਜਿਸ਼

ਅੰਮ੍ਰਿਤਸਰ ਟਾਈਮਜ਼ ਬਿਊਰੋ

 ਫ਼ਰੀਦਕੋਟ : ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਬੇਅਦਬੀ ਤੋਂ ਤੀਜੇ ਦਿਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ 'ਤੇ ਪੁਲਿਸ ਵੱਲੋਂ ਢਾਹੇ ਗਏ ਅੱਤਿਆਚਾਰ ਵਾਲੇ ਦੋ ਮਾਮਲਿਆਂ ਦੀ ਪੜਤਾਲ ਕਰ ਰਹੀ ਐੱਸਆਈਟੀ ਨੇ ਇੱਥੇ ਪ੍ਰਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਟੀਮ ਨੇ ਪੜਤਾਲ ਮੁਕੰਮਲ ਕਰ ਲਈ ਹੈ ਅਤੇ ਹੁਣ ਤਕ 9 ਚਲਾਨ ਅਦਾਲਤ 'ਚ ਪੇਸ਼ ਕੀਤੇ ਜਾ ਚੁੱਕੇ ਹਨ ਜਦਕਿ ਇਕ ਚਲਾਨ ਆਉਣਾ ਅਜੇ ਬਾਕੀ ਹੈ, ਜੋ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਚਲਾਨ ਕਿਸੇ ਵੀ ਦਿਨ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਐੱਸਆਈਟੀ ਦੇ ਪ੍ਰਮੁੱਖ ਮੈਂਬਰ ਆਈਜੀ ਕੁੰਵਰਵਿਜੇ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਅਸ਼ੋਕਾ ਅਤੇ ਉਪ ਜ਼ਿਲ੍ਹਾ ਅਟਾਰਨੀ ਪੰਕਜ ਤਨੇਜਾ ਦੀ ਹਾਜ਼ਰੀ ਵਿਚ ਇੱਥੇ ਪ੍ਰੱੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲਗਪਗ 2 ਸਾਲ ਚੱਲੀ ਪੜਤਾਲ ਦੌਰਾਨ ਜੋ ਵੀ ਸਬੂਤ ਅਤੇ ਗਵਾਹ ਜਾਂਚ ਟੀਮ ਨੂੰ ਮਿਲੇ, ਉਹ ਅਦਾਲਤ 'ਚ ਪੇਸ਼ ਕਰ ਦਿੱਤੇ ਗਏ ਹਨ। ਕੁੰਵਰਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਪੜਤਾਲ ਦੌਰਾਨ ਉਨ੍ਹਾਂ ਨੂੰ ਡਰਾਇਆ-ਧਮਕਾਇਆ ਗਿਆ, ਜ਼ਲੀਲ ਕਰਨ ਦੀ ਕੋਈ ਕੋਸ਼ਿਸ਼ ਨਹੀ ਛੱਡੀ, ਮਾਨਸਿਕ ਤੌਰ 'ਤੇ ਐਨਾ ਕੁ ਪਰੇਸ਼ਾਨ ਕੀਤਾ ਗਿਆ, ਭਾਵੇਂ ਉਸ ਦਾ ਖ਼ੁਲਾਸਾ ਅਗਾਮੀ ਦਿਨਾਂ ਵਿਚ ਕੀਤਾ ਜਾਵੇਗਾ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਨਿਰਪੱਖ ਪੜਤਾਲ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ। ਉਨਾਂ ਦਾਅਵਾ ਕੀਤਾ ਕਿ ਜਾਂਚ ਰਿਪੋਰਟ ਵਿਚ ਖ਼ੁਲਾਸਾ ਕੀਤਾ ਗਿਆ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰੀਸ ਕਰਨ ਦੇ ਕੇਸ ਵਿਚ ਮਾਫ਼ੀ ਦੇਣ ਮਗਰੋਂ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਗੋਲ਼ੀ ਕਾਂਡ ਕਰਵਾਇਆ ਗਿਆ। ਜਾਂਚ ਟੀਮ ਨੇ ਆਪਣੀ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ ਕੋਟਕਪੂਰਾ ਗੋਲ਼ੀ ਕਾਂਡ ਦੀ ਸਾਜਿਸ਼ 'ਚ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਜਿਨ੍ਹਾ ਕੋਲ ਗ੍ਰਹਿ ਵਿਭਾਗ ਵੀ ਸੀ, ਉਹ ਵੀ ਉਕਤ ਕੇਸ ਵਿਚ ਸ਼ਾਮਲ ਸਨ। ਹਾਲਾਂਕਿ ਐਸਆਈਟੀ ਨੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਦਾਲਤ 'ਚ ਕੋਈ ਚਲਾਨ ਪੇਸ਼ ਨਹੀਂ ਕੀਤਾ। ਆਈਜੀ ਕੁੰਵਰਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਜਾਂਚ ਟੀਮ ਨੇ ਪੜਤਾਲ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਸਾਬਕਾ ਡੀਜੀਪੀ ਅਤੇ ਉੱਚ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਤੋਂ ਵੀ ਪੁੱਛ-ਪੜਤਾਲ ਕੀਤੀ ਸੀ। ਆਪਣੀ ਪੜਤਾਲ ਰਿਪੋਰਟ ਨੂੰ ਹਰ ਪੱਖ ਤੋਂ ਮੁਕੰਮਲ ਦੱਸਦਿਆਂ ਉਨ੍ਹਾਂ ਕਿਹਾ ਕਿ ਹੁਣ ਅਦਾਲਤ ਇਸ ਮਾਮਲੇ ਵਿਚ ਸੁਣਵਾਈ ਕਰੇਗੀ ਅਤੇ ਜਾਂਚ ਟੀਮ ਅਦਾਲਤ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ। ਉਨ੍ਹਾਂ ਦੁਹਰਾਇਆ ਕਿ ਜਾਂਚ ਰਿਪੋਰਟ ਵਿਚ ਹਰ ਉਹ ਸਬੂਤ, ਹਲਫ਼ੀਆ ਬਿਆਨ ਅਤੇ ਦਸਤਾਵੇਜ਼ ਪੇਸ਼ ਕੀਤੇ ਗਏ ਹਨ, ਜਿਨ੍ਹਾਂ ਤੋਂ ਆਸ ਬਣਦੀ ਹੈ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।