ਭਾਰਤ ਦੇ ਅਜ਼ਾਦੀ ਦਿਹਾੜੇ ਨੇ ਪੰਜਾਬ ਨੂੰ ਛੇੜੀ ਬਿਪਤਾ

ਭਾਰਤ ਦੇ ਅਜ਼ਾਦੀ ਦਿਹਾੜੇ ਨੇ ਪੰਜਾਬ ਨੂੰ ਛੇੜੀ ਬਿਪਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

15 ਅਗਸਤ ਨੂੰ ਭਾਰਤ ਦੇ ਅਜ਼ਾਦੀ ਦਿਹਾੜੇ ਦੀਆਂ ਰਸਮਾਂ ਲਈ ਕੀਤੇ ਸਮਾਗਮਾਂ ਨੇ ਪੰਜਾਬ ਨੂੰ ਨਵੀਂ ਬਿਪਤਾ ਛੇੜ ਦਿੱਤੀ ਹੈ। ਅਜ਼ਾਦੀ ਸਮਾਗਮਾਂ ਤੋਂ ਬਾਅਦ ਪੰਜਾਬ ਵਿਚ ਕਈ ਉੱਚ ਆਗੂ ਕੋਰੋਨਾਵਾਇਰਸ ਦੇ ਸ਼ਿਕਾਰ ਹੋ ਗਏ ਹਨ। ਬੀਤੇ ਦਿਨਾਂ ਵਿਚ ਭਾਰਤੀ ਝੰਡਾ ਝੜਾਉਣ ਤੋਂ ਬਾਅਦ ਪੰਜਾਬ ਦੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਕੋਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਹਨ। 

ਅੱਜ ਬਠਿੰਡਾ ਦੇ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੇ ਸੰਪਰਕ ’ਚ ਆਉਣ ਵਾਲਿਆਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਬਠਿੰਡਾ ਵਿਖੇ ਝੰਡਾ ਝੜਾਉਣ ਦੀ ਰਸਮ ਵਿਚ ਸ਼ਾਮਲ ਹੋਏ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਖਾਤੇ 'ਤੇ ਲਿਖਿਆ, "ਬਠਿੰਡਾ ਦੇ ਐਸ.ਐਸ.ਪੀ. ਕਰੋਨਾ ਪਾਜ਼ੇਟਿਵ ਆਏ ਹਨ ਅਤੇ ਮੈਂ ਉਨ੍ਹਾਂ ਨੂੰ 15 ਅਗਸਤ ਨੂੰ ਜਿ਼ਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਅਤੇ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਲਈ ਮੈਂ ਸਵੈ ਇਕਾਂਤਵਾਸ ਵਿਚ ਜਾ ਰਿਹਾ ਹਾਂ ਅਤੇ ਇਸ ਸਮੇਂ ਦੌਰਾਨ ਮੇਰੇ ਵੱਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।"

ਕੋਰੋਨਾ ਦੀ ਚਪੇਟ ਚ ਆ ਰਹੇ ਸਿਆਸੀ ਆਗੂਆਂ 'ਚ ਵਾਧਾ ਉਦੋਂ ਹੋਰ ਹੋ ਗਿਆ ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਹਲਕਾ ਸੇਵਾਦਾਰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਟਾਣਾ ਨੇ ਇਸ ਦੀ ਪੁਸ਼ਟੀ ਕਰਦਿਆਂ ਪਿਛਲੇ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਖਿਆਲ ਰੱਖਣ ਅਤੇ ਜੇ ਕਿਸੇ ਨੂੰ ਕੋਈ ਸ਼ੱਕ ਹੋਵੇ ਤਾਂ ਟੈੱਸਟ ਜ਼ਰੂਰ ਕਰਵਾਉਣ। ਜਟਾਣਾ ਅਤੇ ਉਨ੍ਹਾਂ ਦੀ ਟੀਮ 14 ਦਿਨ ਲਈ ਘਰ 'ਚ ਇਕਾਂਤਵਾਸ ਹੋ ਗਈ ਹੈ।

ਉਧਰ ਦਾਖਾ ਤੋਂ ਬਾਦਲ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ।