ਚੋਣਾਂ ਦੌਰਾਨ ਕਿਸੇ ਵੀ ਸਿਆਸੀ ਲੀਡਰ ਨੂੰ ਪਿੰਡਾਂ ’ਚ ਨਾ ਵੜਨ ਦਿਓ

  ਚੋਣਾਂ ਦੌਰਾਨ ਕਿਸੇ ਵੀ ਸਿਆਸੀ ਲੀਡਰ ਨੂੰ ਪਿੰਡਾਂ ’ਚ ਨਾ ਵੜਨ ਦਿਓ

ਕਿਸਾਨ ਜਥੇਬੰਦੀਆਂ ਦੀ ਕਿਸਾਨਾਂ ਨੂੰ ਅਪੀਲ, 

ਅੰਮ੍ਰਿਤਸਰ ਟਾਈਮਜ਼ ਬਿਉਰੋ                       

 ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਨੇ  ਐਲਾਨ ਕਰ ਦਿੱਤਾ ਹੈ ਕਿ ਹੁਣ ਪਿੰਡਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਨਹੀਂ ਵੜਣ ਦਿੱਤਾ ਜਾਵੇਗਾ। ਜੇਕਰ ਕੋਈ ਸਿਆਸੀ ਆਗੂ ਆਉਂਦਾ ਵੀ ਹੈ ਤਾਂ ਉਸ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਮੋਰਚੇ ਦੇ ਇਸ ਐਲਾਨ ਨਾਲ ਪੰਜਾਬ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਤੋਂ ਗਰਮਾਉਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ।ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਲਗਪਗ ਇਕ ਸਾਲ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦਰਮਿਆਨ ਸੂਬੇ ਦੀਆਂ ਸਿਆਸੀ ਪਾਰਟੀਆਂ ਦੀ ਭੂਮਿਕਾ ਨਾਂਪੱਖੀ ਹੀ ਰਹੀ ਹੈ। ਅਜਿਹੇ ਵਿਚ ਜ਼ਰੂਰੀ ਹੋ ਜਾਂਦਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਨਾਲ-ਨਾਲ ਬਾਕੀ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਵੀ ਵਿਰੋਧ ਕੀਤਾ ਜਾਵੇ। ਇਸ ਲਈ ਮੋਰਚੇ ਨੇ ਫ਼ੈਸਲਾ ਲਿਆ ਹੈ ਕਿ ਹੁਣ ਪਿੰਡਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਵੜਣ ਨਹੀਂ ਦਿੱਤਾ ਜਾਵੇਗਾ ਅਤੇ ਇਨ੍ਹਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ 26 ਨਵੰਬਰ ਤੋਂ ਦਿੱਲੀ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਰਮਿਆਨ ਪੰਜਾਬ ਵਿਚ ਵੀ ਕਿਸਾਨ ਭਾਜਪਾ ਦਾ ਜ਼ੋਰਦਾਰ ਵਿਰੋਧ ਕਰ ਰਹੇ ਹਨ। ਕਿਸਾਨਾਂ ਦੇ ਵਿਰੋਧ ਕਾਰਨ ਭਾਜਪਾ ਆਗੂਆਂ ਦਾ ਸੂਬੇ ਵਿਚ ਨਿਕਲਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਲਗਪਗ ਨਾਂਹ ਦੇ ਬਰਾਬਰ ਹਨ। ਅਜਿਹੇ ਵਿਚ ਹੁਣ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਵਿਰੋਧ ਦੇ ਐਲਾਨ ਨਾਲ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਲਗਪਗ ਠੱਪ ਹੋਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ।ਸੰਯੁਕਤ ਕਿਸਾਨ ਮੋਰਚੇ ਦੇ ਇਸ ਫ਼ੈਸਲੇ ਤੋਂ ਪਹਿਲਾਂ ਹੀ ਮੋਰਚੇ ਦੀ ਇਕ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ ਪੰਜਾਬ ਸਮੇਤ ਵੱਖ-ਵੱਖ ਕਿਸਾਨ ਯੂਨੀਅਨਾਂ ਇਹ ਫ਼ੈਸਲਾ ਲੈ ਚੁੱਕੀਆਂ ਹਨ ਕਿ ਪਿੰਡਾਂ ਵਿਚ ਆਉਣ ਵਾਲੇ ਸਿਆਸੀ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਇਸਦੇ ਮੱਦੇਨਜ਼ਰ ਹੀ ਬੀਤੇ ਦਿਨੀਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਨਵਾਂਸ਼ਹਿਰ ਦੇ ਪਿੰਡਾਂ ਵਿਚ ਕਿਸਾਨਾਂ ਨੇ ਜ਼ੋਰਦਾਰ ਵਿਰੋਧ ਕੀਤਾ ਸੀ।ਸੰਯੁਕਤ ਕਿਸਾਨ ਮੋਰਚੇ ਵੱਲੋਂ ਲਏ ਗਏ ਇਸ ਫ਼ੈਸਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤਾਂ ਸ਼ੁਰੂ ਤੋਂ ਕਿਸਾਨਾਂ ਦਾ ਸਮਰਥਨ ਕਰਦੀ ਆ ਰਹੀ ਹੈ, ਇਸ ਲਈ ਅਜਿਹਾ ਨਹੀਂ ਹੋਣਾ ਚਾਹੀਦਾ। ਦੂਜੇ ਪਾਸੇ ਭਾਜਪਾ ਦੇ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ ਪਰ ਕੁਝ ਇਕ ਲੋਕਾਂ ਦੀ ਵਜ੍ਹਾ ਨਾਲ ਇਹ ਮਸਲਾ ਲਟਕ ਰਿਹਾ ਹੈ।