ਪੰਜਾਬ ਦੇ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਹੜਤਾਲ

ਪੰਜਾਬ ਦੇ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਹੜਤਾਲ

ਚੰਡੀਗੜ੍ਹ: ਚੋਣਾਂ ਤੋਂ ਬਾਅਦ ਕੌਣ ਤੂੰ ਕੌਣ ਮੈਂ ਵਾਲੀ ਨੀਤੀ 'ਤੇ ਚਲਦਿਆਂ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨੂੰ ਅੰਗੂਠਾ ਵਿਖਾਉਦਿਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਦੇ ਇਸ ਰਵੱਈਏ ਤੋਂ ਮੁਲਾਜ਼ਮ ਭੜਕ ਗਏ ਹਨ। ਅੱਜ ਪੰਜਾਬ ਭਰ ਦੇ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। 

ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਕੈਪਟਨ ਸਰਕਾਰ ਚੌਥੀ ਵਾਰ ਵਾਅਦਿਆਂ ਤੋਂ ਮੁਕਰੀ ਹੈ। ਇਸ ਲਈ ਅੱਜ ਤੋਂ ਅਣਮਿੱਥੇ ਸਮੇਂ ਦੀ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ।

ਕਾਬਲੇਗੌਰ ਹੈ ਕਿ ਕੈਪਟਨ ਸਰਕਾਰ ਨੇ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸੰਘਰਸ਼ ਕਰ ਰਹੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੂੰ ਇਹ ਵਾਅਦਾ ਕਰਕੇ ਸ਼ਾਂਤ ਕੀਤਾ ਸੀ ਕਿ ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਮੰਗਾਂ ਮੰਨ ਲਈਆਂ ਜਾਣਗੀਆਂ। ਇਸੇ ਤਹਿਤ ਖੁ਼ਦ ਮੁੱਖ ਮੰਤਰੀ ਨੇ 27 ਮਈ ਨੂੰ ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਵਾ ਕੇ ਮਸਲੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਇਸ ਕਮੇਟੀ ਨੇ ਮੀਟਿੰਗ ਕਰਨੀ ਵੀ ਜ਼ਰੂਰੀ ਨਹੀਂ ਸਮਝੀ।

ਇਸ ਦੇ ਉਲਟ ਚੋਣ ਜ਼ਾਬਤਾ ਖ਼ਤਮ ਹੋਣ ’ਤੇ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਅੰਗੂਠਾ ਦਿਖਾਉਣ ਤੇ ਆਲ੍ਹਾ ਅਧਿਕਾਰੀਆਂ ਨੂੰ ਡੀਏ ਦੇ ਗੱਫ਼ੇ ਦੇਣ ਕਾਰਨ ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਚੋਣਾਂ ਤੋਂ ਬਾਅਦ ਵੀ ਕੈਪਟਨ ਸਰਕਾਰ ਵੱਲੋਂ ਡੀਏ ਦੀਆਂ 15 ਫ਼ੀਸਦ ਕਿਸ਼ਤਾਂ ਦੇਣ, ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਵੀ ਟਾਲਾ ਵੱਟਣ ਕਾਰਨ ਮੁਲਾਜ਼ਮ ਭੜਕ ਪਏ ਹਨ।