ਬੇਅਦਬੀ ਕਾਂਡ ਸੰਬੰਧੀ ‘ਸਿਟ’ ਦੀ ਰਿਪੋਰਟ ਹੋਈ ਜਨਤਕ

ਬੇਅਦਬੀ ਕਾਂਡ ਸੰਬੰਧੀ ‘ਸਿਟ’ ਦੀ ਰਿਪੋਰਟ ਹੋਈ ਜਨਤਕ

*ਰਿਪੋਰਟ ਵਿਚ ਡੇਰਾ ਸਿਰਸਾ ਮੁਖੀ ਤੇ ਕਈ ਹੋਰ ਸਾਜ਼ਿਸ਼ਘਾੜੇ ਕਰਾਰ

*ਬਾਦਲਾਂ ਨੂੰ ਬਚਾ ਰਹੀ ਹੈ ਸਰਕਾਰ: ਖਹਿਰਾ

*ਮੁੱਖ ਮੰਤਰੀ ਨੇ 467 ਸਫ਼ਿਆਂ ਦੀ ਜਾਂਚ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ

* 29 ਜੁਲਾਈ ਨੂੰ ਹੋਵੇਗੀ ਫਰੀਦਕੋਟ ਅਦਾਲਤ ਵਿੱਚ ਸੁਣਵਾਈ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਤੇ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਕੇਸ ਦੀ ਪੈਰਵੀ ਕਰ ਰਹੀਆਂ ਸਿੱਖ ਜਥੇਬੰਦੀਆਂ ਮੇਜਰ ਸਿੰਘ ਪੰਡੋਰੀ, ਚਮਕੌਰ ਸਿੰਘ, ਭਾਈ ਰੂਪਾ, ਰੇਸ਼ਮ ਸਿੰਘ ਖੁਖਰਾਣਾ ਤੇ ਬਲਦੇਵ ਸਿੰਘ ਜੋਗੇਵਾਲਾ  ਨੂੰ ਰਿਪੋਰਟ ਦੀਆਂ ਕਾਪੀਆਂ ਸੌਂਪ ਦਿੱਤੀਆਂ ਹਨ। ਉਂਜ ਫ਼ਰੀਦਕੋਟ ਦੀ ਅਦਾਲਤ ਵਿੱਚ ਉਕਤ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਰੱਖੀ ਗਈ ਹੈ। ਉਸੇ ਦਿਨ ਮੁਲਜ਼ਮਾਂ ’ਤੇ ਦੋਸ਼ ਆਇਦ ਕੀਤੇ ਜਾਣਗੇ। ਇਹ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ’ਤੇ 4 ਅਪਰੈਲ 2021 ਨੂੰ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਬਣਾਈ 5 ਮੈਂਬਰੀ ਟੀਮ ਨੇ ਤਿਆਰ ਕੀਤੀ ਹੈ। ਟੀਮ ਨੇ ਇਕ ਸਾਲ ਪੁੱਛ-ਪੜਤਾਲ ਕਰਨ ਉਪਰੰਤ 467 ਸਫ਼ਿਆਂ ਦੀ ਰਿਪੋਰਟ ਤਿਆਰ ਕੀਤੀ ਹੈ। ਰਿਪੋਰਟ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਅਤੇ ਕਈ ਡੇਰਾ ਪ੍ਰੇਮੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਚੇਤੇ ਰਹੇ ਕਿ ਸਾਲ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ, ਹੱਥ ਲਿਖਤ ਪੋਸਟਰ ਚਿਪਕਾਉਣ ਨਾਲ ਸਬੰਧਿਤ ਘਟਨਾਵਾਂ ਅਤੇ ਬਰਗਾੜੀ ਵਿੱਚ ਗੁਰਦੁਆਰੇ ਦੇ ਬਾਹਰ ਅਤੇ ਪਿੰਡ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਖਿੱਲਰੇ ਮਿਲੇ ਸਨ। ਸਿਟ ਦੀ ਰਿਪੋਰਟ ਅਨੁਸਾਰ ਉਕਤ ਮਾਮਲਿਆਂ ਵਿੱਚ ਮੁਲਜ਼ਮ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਬਲਜੀਤ ਸਿੰਘ, ਰਣਦੀਪ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਨਰਿੰਦਰ ਸ਼ਰਮਾ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਸ਼ਾਮਲ ਹਨ। ਜਦੋਂ ਕਿ ਘਟਨਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਡੇਰਾ ਪੈਰੋਕਾਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਅਜੇ ਤੱਕ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲੀਸ ਜਾਂਚ ਟੀਮ ਨੇ ਰਿਪੋਰਟ ਵਿੱਚ ਕਿਹਾ ਕਿ ਇਨ੍ਹਾਂ ਘਟਨਾਵਾਂ ਪਿਛਲਾ ਮਕਸਦ ਫਿਲਮ ‘ਐੱਮਐੱਸਜੀ-2’ ਨਾਲ ਜੁੜਿਆ ਹੋਇਆ ਸੀ। ਡੇਰੇ ਦੇ ਪੈਰੋਕਾਰ ਰਾਮ ਰਹੀਮ ਦੀ ਫਿਲਮ ਰਿਲੀਜ਼ ਨਾ ਹੋਣ ਕਰਕੇ ਨਾਰਾਜ਼ ਚੱਲ ਰਹੇ ਸਨ, ਜਿਸ ਕਰਕੇ ਬੇਅਦਬੀ ਦੀਆਂ ਉਪਰੋਕਤ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ

‘ਜਾਂਚ ਦੌਰਾਨ ਡੇਰਾ ਮੁਖੀ ਸਹਿਯੋਗ ਦੇਣ ਤੋਂ ਇਨਕਾਰੀ ਰਿਹਾ’

 

ਐੱਸਆਈਟੀ ਦੀ ਟੀਮ ਨੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵੱਖ ਵੱਖ ਕੇਸਾਂ ਤਹਿਤ ਸਜ਼ਾ ਕਟ ਰਹੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਸਿੰਘ ਕੋਲੋਂ ਉਥੇ ਜਾ ਕੇ ਵੀ ਪੁੱਛ-ਪੜਤਲ ਕੀਤੀ ਸੀ, ਪਰ ਡੇਰਾ ਮੁਖੀ ਨੇ ਜਾਂਚ ਵਿੱਚ ਸਹਿਯੋਗ ਦੇਣ ਤੋਂ ਇਨਕਾਰੀ ਸੀ। ਬੇਅਦਬੀ ਮਾਮਲਿਆਂ ਦੀ ਜਾਂਚ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਸੀ। ਸੀਬੀਆਈ ਨੇ ਵੀ ਜਾਂਚ ਕੀਤੀ, ਜੋ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਸੀਬੀਆਈ ਨੂੰ ਉਦੋਂ ਡੇਰਾ ਸਿਰਸਾ ਦੀ ਸ਼ਮੂਲੀਅਤ ਦਾ ਕੋਈ ਸਬੂਤ ਨਹੀਂ ਮਿਲਿਆ ਸੀ। ਕੇਂਦਰੀ ਏਜੰਸੀ ਨੇ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਤੱਕ ਦਾਇਰ ਕਰ ਦਿੱਤੀ ਸੀ। ਜਦੋਂ ਕਿ ਸਿਟ ਨੇ ਆਪਣੀ ਜਾਂਚ ਰਿਪੋਰਟ ਵਿੱਚ ਸੀਬੀਆਈ ਵੱਲੋਂ ਕੀਤੀ ਜਾਂਚ ਦੇ ਦਾਅਵਿਆਂ ਦਾ ਖੰਡਨ ਕੀਤਾ ਹੈ। ਇਹ ਰਿਪੋਰਟ ਪਹਿਲਾਂ ਫਰੀਦਕੋਟ ਦੀ ਅਦਾਲਤ ਵਿੱਚ ਚਾਲਾਨ ਦੇ ਰੂਪ ਵਿੱਚ ਪੇਸ਼ ਕੀਤੀ ਜਾ ਚੁੱਕੀ ਹੈ।                                                 

 ਰਿਪੋਰਟ ਬਾਰੇ  ਸਵਾਲ ਉੱਠੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਜੁਲਾਈ ਨੂੰ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ਉੱਪਰ ਸਿੱਖ ਧਾਰਮਿਕ ਆਗੂਆਂ ਨੂੰ ਬੇਅਦਬੀ ਕੇਸਾਂ ਦੀ ਜਾਂਚ ਰਿਪੋਰਟ ਦਿੱਤੀ ਗਈ। ਹਾਲਾਂਕਿ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਰਿਪੋਰਟ ਉੱਪਰ ਹੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋਣ ਲੱਗੇ ਹਨ।ਇਹ ਪਿਛਲੇ 7 ਸਾਲਾਂ ਦੌਰਾਨ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਬੇਅਦਬੀ ਕਾਂਡ ਨਾਲ ਸਬੰਧਤ ਕਿਸੇ ਜਾਂਚ ਰਿਪੋਰਟ ਨੂੰ ਜਨਤਕ ਕੀਤਾ ਗਿਆ ਹੋਵੇ।ਹੈਰਾਨੀ ਦੀ ਗਲ ਇਹ ਹੈ ਕਿ ਇਸ ਰਿਪੋਰਟ ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਵਾਪਰੇ ਗੋਲੀ ਕਾਂਡ ਦੀਆਂ ਘਟਨਾਵਾਂ ਵਿੱਚ ਕੀ ਕਾਰਵਾਈ ਹੋਈ, ਉਸ ਸਬੰਧੀ ਵੇਰਵਾ ਦਰਜ ਨਹੀਂ ਹੈ।ਰਿਪੋਰਟ ਸਿਰਫ਼ ਜੂਨ 2015 ਵਿੱਚ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿੱਚੋਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਬਾਰੇ ਹੋਈ ਕਾਰਵਾਈ ਬਾਰੇ ਹੀ ਹੈ।ਇਨ੍ਹਾਂ ਘਟਨਾਵਾਂ ਕਾਰਨ ਫਰੀਦਕੋਟ ਵਿੱਚ ਰੋਸ ਪ੍ਰਦਰਸ਼ਨ ਹੋਇਆ ਸੀ। ਅਕਤੂਬਰ 2015 ਵਿੱਚ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਗੋਲੀਬਾਰੀ ਵਿੱਚ, ਬਹਿਬਲ ਕਲਾਂ ਵਿੱਚ ਦੋ ਵਿਅਕਤੀ ਵੀ ਮਾਰੇ ਗਏ ਸਨ ਜਦਕਿ ਫਰੀਦਕੋਟ ਦੇ ਕੋਟਕਪੂਰਾ ਵਿੱਚ ਕੁਝ ਲੋਕ ਜ਼ਖਮੀ ਹੋ ਗਏ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਸਿਓਂ ਬਰਗਾੜੀ ਕਾਂਡ ਦੀ ਜਾਂਚ ਰਿਪੋਰਟ ਹਾਸਲ ਕਰਨ ਵਾਲਿਆਂ ਵਿੱਚ ਸ਼ਾਮਲ ਧਾਰਮਿਕ ਸਿੱਖ ਆਗੂ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਹੈ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਮੌਜੂਦਾ ਸਰਕਾਰ ਨੇ ਪਹਿਲੀ ਵਾਰ ਕਿਸੇ ਅਜਿਹੀ ਰਿਪੋਰਟ ਨੂੰ ਜਨਤਕ ਕੀਤਾ ਹੈ।467 ਸਫ਼ਿਆਂ ਦੀ ਇਹ ਲੰਮੀ-ਚੌੜੀ ਰਿਪੋਰਟ ਹੈ ਅਤੇ ਇਸ ਉੱਪਰ ਕਿਸੇ ਵੀ ਕਿਸਮ ਦੀ ਟਿੱਪਣੀ ਅਸੀਂ ਇਸ ਨੂੰ ਪੂਰਨ ਤੌਰ ਉੱਪਰ ਵਾਚਣ ਮਗਰੋਂ ਹੀ ਕਰਨ ਦੇ ਸਮਰੱਥ ਹੋ ਸਕਾਂਗੇ। ਉਨ੍ਹਾਂ ਕਿਹਾ ਕਿ ਇਸ ਵਿੱਚ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦਾ ਕੋਈ ਜ਼ਿਕਰ ਨਹੀਂ ਹੈ।ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਪਿਛਲੇ ਸੱਤ ਵਰ੍ਹਿਆਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸੰਦਰਭ ਵਿੱਚ ਸਮੇਂ ਦੀਆਂ ਸਰਕਾਰਾਂ ਵੱਲੋਂ ਕਈ ਵਿਸ਼ੇਸ਼ ਜਾਂਚ ਦਲ ਅਤੇ ਕਮਿਸ਼ਨ ਕਾਇਮ ਕੀਤੇ ਗਏ ਪਰ ਹਰ ਵਾਰ ਗੱਲ ਰੋਲ-ਘਚੋਲੇ ਵਿੱਚ ਹੀ ਪੈਂਦੀ ਰਹੀ।ਸਾਡੀਆਂ ਨਜ਼ਰਾਂ ਇਸ ਬੇਅਦਬੀ ਕਾਂਡ ਦੇ ਸਬੰਧ ਵਿੱਚ ਆਉਣ ਵਾਲੀ 29 ਜੁਲਾਈ ਉੱਪਰ ਟਿਕੀਆਂ ਹੋਈਆਂ ਹਨ ਕਿਉਂਕਿ ਇਸ ਦਿਨ ਹੀ ਮੁਲਜ਼ਮਾਂ ਖ਼ਿਲਾਫ਼ ਇਲਜ਼ਾਮ ਆਇਦ ਹੋਣੇ ਹਨ। ਉਸ ਦਿਨ ਮੁਲਜ਼ਮਾਂ ਬਾਰੇ ਸਮੁੱਚੀ ਤਸਵੀਰ ਸਾਫ ਹੋਣ ਦੀ ਸੰਭਾਵਨਾ ਹੈ।"

         ਰਿਪੋਰਟ ਉੱਪਰ ਸੁਆਲ ਉਠੇ                                 

 ਪੰਜਾਬ ਸਰਕਾਰ ਦੀ ਇਸ ਜਾਂਚ ਰਿਪੋਰਟ ਉੱਪਰ ਸਵਾਲ ਵੀ ਉੱਠਣੇ ਸ਼ੁਰੂ ਹੋ ਗਏ ਹਨ।ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਪੁਲਿਸ ਦੀ ਗੋਲੀ ਨਾਲ ਆਪਣੀ ਜਾਨ ਗੁਆਉਣ ਵਾਲੇ ਪਿੰਡ ਨਿਆਮੀਵਾਲਾ ਦੇ ਵਸਨੀਕ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਇਸ ਰਿਪੋਰਟ ਨੂੰ ਕਥਿਤ ਤੌਰ 'ਤੇ ਲੋਕਾਂ ਨੂੰ 'ਗੁੰਮਰਾਹ' ਕਰਨ ਵਾਲੀ ਦੱਸਿਆ ਹੈ।ਸੁਖਰਾਜ ਸਿੰਘ ਨਿਆਮੀਵਾਲਾ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਬਹਿਬਲ ਕਲਾਂ ਵਿਖੇ ਬਠਿੰਡਾ-ਅੰਮ੍ਰਿਤਸਰ ਮੁੱਖ ਮਾਰਗ ਉੱਪਰ ਧਰਨੇ ਉਪਰ ਬੈਠੇ ਹੋਏ ਹਨ।ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ 14 ਅਕਤੂਬਰ 2015 ਨੂੰ ਪੁਲੀਸ ਗੋਲੀ ਨਾਲ ਮਾਰੇ ਗਏ ਸਨ।ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪਿਛਲੇ ਸਮੇਂ ਦੌਰਾਨ ਜਿਹੜੇ ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਗਏ ਸਨ, ਉਸ ਨੂੰ ਇਕ ਕਿਤਾਬ ਦੇ ਰੂਪ ਵਿਚ ਜਿਲਦਬੰਦ ਕਰਕੇ ਹੀ ਸਿੱਖ ਆਗੂਆਂ ਦੇ ਹਵਾਲੇ ਕੀਤਾ ਗਿਆ ਹੈ।

                  ਕੀ ਕਹਿਣਾ ਹੈ ਡੇਰੇ ਦਾ

ਡੇਰਾ ਸੱਚਾ ਸੌਦਾ ਦੇ ਬੁਲਾਰੇ ਹਰਚਰਨ ਸਿੰਘ ਮੁਤਾਬਕ ਬੇਅਦਬੀ ਦੀਆਂ ਘਟਨਾਵਾਂ ਵਿਚ ਕਿਸੇ ਵੀ ਡੇਰਾ ਪ੍ਰੇਮੀ ਜਾਂ ਡੇਰੇ ਦਾ ਕੋਈ ਵੀ ਸੰਬੰਧ ਨਹੀਂ ਹੈ ਪਰ ਸਿਆਸੀ ਹਿੱਤਾਂ ਲਈ ਡੇਰੇ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, "ਇਸ ਰਿਪੋਰਟ ਨਾਲ ਲੋਕ ਦੁਬਿਧਾ ਦਾ ਸ਼ਿਕਾਰ ਹੋ ਰਹੇ ਹਨ ਅਤੇ ਇਹ ਅਧੂਰੀ ਰਿਪੋਰਟ ਹੈ ਜਿਸ ਨੂੰ ਕਿਸੇ ਵੀ ਕਿਸਮ ਨਾਲ ਸਵੀਕਾਰ ਨਹੀਂ ਕੀਤਾ ਜਾ ਸਕਦਾ।" 

ਬੇਅਦਬੀ ਕਾਂਡ- ਕਦੋਂ ਕੀ ਹੋਇਆ?

1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੀੜ ਕੋਟਕਪੂਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ ਹੋਈ।

25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਕੋਲ ਪੋਸਟਰ ਲਗਾ ਕੇ ਮਾੜੀ ਭਾਸ਼ਾ ਵਰਤੀ ਗਈ। ਪੋਸਟਰਾਂ ਵਿੱਚ ਚੋਰੀ ਹੋਏ ਸਰੂਪਾਂ ਵਿੱਚ ਡੇਰਾ ਸਿਰਸਾ ਦਾ ਹੱਥ ਹੋਣ ਦਾ ਦਾਅਵਾ ਕੀਤਾ ਗਿਆ ਤੇ ਸਿੱਖ ਸੰਸਥਾਵਾਂ ਨੂੰ ਖੁੱਲੀ ਚੁਣੌਤੀ ਦਿੱਤੀ ਗਈ।

12 ਅਕਤੂਬਰ 2015 - ਗੁਰੂ ਗ੍ਰੰਥ ਸਾਹਿਬ ਦੇ ਅੰਗ ਫਰੀਦਕੋਟ ਦੇ ਬਰਗਾੜੀ ਪਿੰਡ ਵਿੱਚੋਂ ਮਿਲੇ।

14 ਅਕਤੂਬਰ 2015 - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਲੋਕਾਂ ਉੱਤੇ ਲਾਠੀਚਾਰਜ ਕੀਤਾ।

ਇਸੇ ਦਿਨ ਬਹਿਬਲ ਕਲਾਂ ਵਿੱਚ ਸਿੱਖਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ 'ਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੋਤ ਹੋ ਗਈ ।

ਇਸ ਮਾਮਲੇ ਨਾਲ ਜੁੜੇ ਇੱਕ ਮੁਲਜ਼ਮ ਮਹਿੰਦਰ ਬਿੱਟੂ ਦਾ ਜੂਨ 2019 ਵਿੱਚ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ।

18 ਅਕਤੂਬਰ 2015 - ਤਤਕਾਲੀ ਅਕਾਲੀ ਭਾਜਪਾ ਸਰਕਾਰ ਨੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿੱਚ ਐਸਆਈਟੀ ਕਾਇਮ ਕੀਤੀ।

26 ਅਕਤੂਬਰ 2015 - ਪੰਜਾਬ ਸਰਕਾਰ ਵੱਲੋਂ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕਰ ਦਿੱਤੀ ਗਈ।

30 ਜੂਨ 2016 -ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਜੋਰਾ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ।

14 ਅਪ੍ਰੈਲ 2017- ਕੈਪਟਨ ਅਨਰਿੰਦਰ ਸਿੰਘ ਦੀ ਸਰਕਾਰ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿੱਚ ਜਾਂਚ ਕਮਿਸ਼ਨ ਬਿਠਾਇਆ।

30 ਜੂਨ 2017 - ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ।

28 ਅਗਸਤ 2018 - ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਰੱਖੀ ਗਈ।

10 ਸਤੰਬਰ 2018 - ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲਿਸ ਕਾਰਵਾਈ ਦੀ ਦੀ ਜਾਂਚ ਲਈ ਏਡੀਜੀਪੀ ਪ੍ਰਬੋਦ ਕੁਮਾਰ ਦੀ ਅਗਵਾਈ ਵਿੱਚ ਐਸਆਈਟੀ ਕਾਇਮ ਕੀਤੀ ਗਈ।

9 ਦਸੰਬਰ 2018 - ਸਰਬੱਤ ਖਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਨੇ ਕਿਹਾ ਕਿ ਬਰਗਾੜੀ ਦਾ ਇਹ ਮੋਰਚਾ ਖ਼ਤਮ ਹੋਇਆ।

ਖਹਿਰਾ ਨੇ  ਰਿਪੋਰਟ ਨੂੰ ਜਾਅਲੀ ਦੱਸਿਆ

ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੀ ਬਰਗਾੜੀ ਕਾਂਡ ਦੀ ਜਿਹੜੀ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੀ ਗਈ ਹੈ ਉਹ ਜਾਅਲੀ ਹੈ, ਜਿਸ ਵਿਚ ਸਿੱਧੇ ਤੌਰ ’ਤੇ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ ਜੋ ਸਿੱਖ ਸੰਗਤ ਨੂੰ ਬਿਲਕੁਲ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਰਿਪੋਰਟ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਪਰ 2015-2017 ਵਿਚ ਜਿਨ੍ਹਾਂ ਦੀ ਸਰਕਾਰ ਸੀ ਉਸ ਸਮੇਂ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਪਨਾਹ ਦਿੱਤੀ ਗਈ ਅਤੇ ਗੁਨਾਹ ਕਰਨ ਵਾਲਿਆਂ ਨੂੰ ਬਚਾਇਆ ਗਿਆ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੇ ਗੁਰੂ ਗੋਬਿੰਦ ਸਿੰਘ ਵਰਗੀ ਪੁਸ਼ਾਕ ਪਾ ਕੇ ਉਨ੍ਹਾਂ ਨਾਲ ਤੁਲਨਾ ਕੀਤੀ ਸੀ ਪਰ ਇਸ ਸਬੰਧੀ ਕੇਸ ਵੀ ਸੁਖਬੀਰ ਸਿੰਘ ਬਾਦਲ ਨੇ ਵਾਪਸ ਲੈ ਲਿਆ। ਉਸ ਤੋਂ ਬਾਅਦ ਬਾਦਲ ਪਰਿਵਾਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ’ਤੇ ਦਬਾਅ ਪਾ ਕੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਈ ਅਤੇ ਇਸ ਸਰਵਉੱਚ ਤਖ਼ਤ ਦੀ ਦੁਰਵਰਤੋ ਕੀਤੀ।

ਵਿਧਾਇਕ ਨੇ ਕਿਹਾ ਕਿ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਮੋਰਚੇ ਦੌਰਾਨ ਬਾਦਲਾਂ ਨੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਜਿਸ ਦਾ ਹਲਫ਼ੀਆ ਬਿਆਨ ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਨੇ ਰਿਪੋਰਟ ਵਿਚ ਦਿੱਤਾ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੀ ਕਾਂਗਰਸ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਉਂਦੇ ਰਹੇ ਕਿ ਕਾਂਗਰਸ ਅਤੇ ਅਕਾਲੀ ਮਿਲੇ ਹੋਏ ਹਨ ਪਰ ਉਹ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦੇ ਹਨ ਕਿ ਕੀ ਹੁਣ ‘ਆਪ’ ਅਤੇ ਅਕਾਲੀ ਦਲ ਆਪਸ ਵਿਚ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ‘ਆਪ’ ਸਰਕਾਰ ਵਲੋਂ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ।