ਪੰਜਾਬ ਦੇ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਧਰਨਾ ਕੀਤਾ ਖ਼ਤਮ

ਪੰਜਾਬ ਦੇ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਧਰਨਾ ਕੀਤਾ ਖ਼ਤਮ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਅੱਜ ਚੰਡੀਗੜ੍ਹ-ਮੋਹਾਲੀ ਸਰਹੱਦ ਨੇੜੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਆਪਣਾ ਅੰਦੋਲਨ ਖਤਮ ਕਰ ਦੇਣਗੇ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਅਤੇ ਕਈ ਕਿਸਾਨ ਆਗੂਆਂ ਵਿਚਾਲੇ ਪੰਜਾਬ ਭਵਨ ਵਿਖੇ ਮੀਟਿੰਗ ਹੋਈ । ਜਿਸ ਵਿੱਚ ਕਣਕ 'ਤੇ ਬੋਨਸ ਅਤੇ 10 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਸਮੇਤ ਹੋਰ ਮੰਗਾਂ 'ਤੇ ਚਰਚਾ ਹੋਈ। 


ਕਿਸਾਨ ਮੰਗਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਥੇਬੰਦੀਆਂ ਵਿਚਕਾਰ ਤਿੰਨ ਘੰਟੇ ਮੀਟਿੰਗ ’ਚ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਹੋ ਗਈ ਹੈ। ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਵੱਲੋਂ ਆਪੋ ਆਪਣੇ ਵਿਚਾਰ ਰੱਖੇ ਗਏ, ਉਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕਿਸਾਨ ਆਗੂਆਂ ਵਿੱਚ ਸਹਿਮਤੀ ਬਣ ਗਈ। ਹੁਣ ਤਕ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਦਾ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਚੱਲ ਰਹੀ ਧਰਨੇ ਵਿੱਚ ਪਹੁੰਚ ਕੇ ਕਰਨਗੇ। ਸੂਤਰਾਂ ਮੁਤਾਬਕ ਕਿਸਾਨ ਜਥੇਬੰਦੀਆਂ ਨੇ 13 ਮੰਗਾਂ ਪੰਜਾਬ ਸਰਕਾਰ ਅੱਗੇ ਰੱਖੀਆਂ। ਲਗਪਗ ਸਾਰੀਆਂ ਮੰਗਾਂ ਪੰਜਾਬ ਸਰਕਾਰ ਨੇ ਮੰਨ ਲਈਆਂ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਸਾਲ ਕਣਕ ਦਾ ਝਾੜ ਘਟਣ ਕਰਕੇ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਪੰਜਾਬ ਸਰਕਾਰ 500 ਰੁਪਏ ਪ੍ਰਤੀ ਏਕੜ ਬੋਨਸ ਦੇਵੇ। ਕਿਸਾਨਾਂ  ਦੀ  ਇਸ ਮੰਗ ਨੂੰ ਛੱਡ ਕੇ ਬਾਕੀ ਮੰਗਾਂ ਮੰਨ ਲਈਆਂ। ਝੋਨੇ ਦੀ ਲੁਆਈ ਦੀਆਂ ਤਰੀਕਾਂ ਦਾ ਰੇੜਕਾ ਵੀ ਆਪਸੀ ਸਹਿਮਤੀ ਨਾਲ ਹੱਲ ਕਰ ਲਿਆ ਹੈ।
ਦੱਸਣਯੋਗ ਹੈ ਕਿ  ਸੰਯੁਕਤ ਕਿਸਾਨ ਮੋਰਚਾ (SKM) ਨਾਲ ਜੁੜੇ ਕਿਸਾਨਾਂ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਸਾਲ ਭਰ ਚੱਲੇ ਅੰਦੋਲਨ ਦੀ ਤਰਜ਼ 'ਤੇ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ, ਜੋ ਕਿ ਵਿਰੋਧ ਦੇ ਜਵਾਬ ਵਿੱਚ ਰੱਦ ਕਰ ਦਿੱਤੇ ਗਏ ਸਨ।