ਬੇਅਦਬੀ ਕਾਂਡ ਵਿਚ ਸੌਦਾ ਸਾਧ ਨੂੰ ਦੋ ਮਾਮਲਿਆਂ ਵਿੱਚ ਜ਼ਮਾਨਤ ਮਿਲੀ

ਬੇਅਦਬੀ ਕਾਂਡ ਵਿਚ ਸੌਦਾ ਸਾਧ ਨੂੰ ਦੋ ਮਾਮਲਿਆਂ ਵਿੱਚ ਜ਼ਮਾਨਤ ਮਿਲੀ

ਬਹਿਬਲ ਗੋਲੀ ਕਾਂਡ ਵਿਚ ਸੈਣੀ ਤੇ ਉਮਰਾਨੰਗਲ ਅਦਾਲਤ ਸਾਹਮਣੇ ਪੇਸ਼ ਨਾ ਹੋਏ

ਅੰਮ੍ਰਿਤਸਰ ਟਾਈਮਜ਼

ਫ਼ਰੀਦਕੋਟ: ਬੇਅਦਬੀ ਕਾਂਡ ਵਿੱਚ ਸਾਜਿਸ਼ਕਾਰ ਵਜੋਂ ਮੁਲਜ਼ਮ ਨਾਮਜ਼ਦ ਕੀਤੇ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ  ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਚੱਲਦੇ ਮੁਕੱਦਮੇ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਵਿਸ਼ੇਸ਼ ਜਾਂਚ ਟੀਮ ਡੇਰਾ ਮੁਖੀ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਕਰਨ, ਇਸ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਮੁੱਖ ਸਾਜਿਸ਼ਕਾਰ ਵਜੋਂ ਨਾਮਜ਼ਦ ਕਰ ਚੁੱਕੀ ਹੈ ਅਤੇ ਇਨ੍ਹਾਂ ਤਿੰਨਾਂ ਮੁਕੱਦਮਿਆਂ ਵਿੱਚ ਚਲਾਨ ਵੀ ਅਦਾਲਤ ਵਿੱਚ ਪੇਸ਼ ਹੋ ਗਿਆ ਹੈ। ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ।  ਅਦਾਲਤ ਨੇ ਇਤਰਾਜ਼ਯੋਗ ਪੋਸਟਰ ਲਗਵਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿੱਚ ਖਿਲਾਰਨ ਦੇ ਮਾਮਲੇ ਵਿੱਚ ਵੀ ਚੱਲਦੇ ਮੁਕੱਦਮੇ ਤੱਕ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਆਪਣੇ ਹੁਕਮ ਵਿੱਚ ਡੇਰਾ ਮੁਖੀ ਨੂੰ ਸ਼ਰਤਾਂ ਤਹਿਤ ਜ਼ਮਾਨਤ ਦਿੰਦਿਆਂ ਕਿਹਾ ਕਿ ਉਹ ਜੇਕਰ ਜ਼ਮਾਨਤ ’ਤੇ ਜੇਲ੍ਹ ਵਿੱਚੋਂ ਬਾਹਰ ਆਉਂਦਾ ਹੈ ਤਾਂ ਕਿਸੇ ਵੀ ਤਰ੍ਹਾਂ ਮਾਮਲੇ ਦੀ ਸੁਣਵਾਈ ਨੂੰ ਪ੍ਰਭਾਵਿਤ ਨਹੀਂ ਕਰੇਗਾ ਅਤੇ ਬਿਨਾਂ ਆਗਿਆ ਵਿਦੇਸ਼ ਨਹੀਂ ਜਾ ਸਕਦਾ। ਅਦਾਲਤ ਨੇ ਡੇਰਾ ਮੁਖੀ ਨੂੰ ਲੋੜ ਪੈਣ ’ਤੇ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਵੀ ਨਿਰਦੇਸ਼ ਦਿੱਤੇ ਹਨ। ਜਾਂਚ ਟੀਮ ਨੇ ਡੇਰਾ ਮੁਖੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੇਕਰ ਡੇਰਾ ਮੁਖੀ ਨੂੰ ਇਨ੍ਹਾਂ ਮਾਮਲਿਆਂ ਵਿੱਚ ਜ਼ਮਾਨਤ ਮਿਲਦੀ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸੇ ਤਰ੍ਹਾਂ  ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਚਾਰ ਜੂਨ ਤੱਕ ਮੁਲਤਵੀ ਕਰਦਿਆਂ ਮੁਲਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਅਗਲੀ ਤਾਰੀਕ ’ਤੇ ਅਦਾਲਤ ਵਿੱਚ ਪੇਸ਼ ਹੋਣ ਤਾਂ ਕਿ ਮੁਕੱਦਮੇ ਦੀ ਸੁਣਵਾਈ ਬਕਾਇਦਾ ਤੌਰ ’ਤੇ ਸ਼ੁਰੂ ਹੋ ਸਕੇ।