ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ’ਚ ਕਟੌਤੀ ਗੈਰ ਵਾਜਿਬ ਕਦਮ: ਜਥੇਦਾਰ ਪੰਜੋਲੀ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ’ਚ ਕਟੌਤੀ ਗੈਰ ਵਾਜਿਬ ਕਦਮ: ਜਥੇਦਾਰ ਪੰਜੋਲੀ

ਸ਼ੋ੍ਰਮਣੀ ਕਮੇਟੀ ਤੁਰੰਤ ਪ੍ਰਭਾਵ ਨਾਲ ਸਿੰਘ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 28 ਮਈ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ’ਚ ਕੀਤੀ ਗਈ ਕਟੌਤੀ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ. ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਸੁਰੱਖਿਆ ਦਸਤਿਆਂ ਨੂੰ ਵਾਪਸ ਮੰਗਵਾਉਣਾ ਬੇਹੱਦ ਮੰਦਭਾਗਾ ਕਦਮ ਹੈ।

ਉਨ੍ਹਾਂ ਕਿਹਾ ਕਿ ਸੂਬੇ ’ਚ ਅਮਨ ਸ਼ਾਂਤੀ ਵਿਵਸਥਾ ਡਗਮਗਾ ਚੁੱਕੀ ਹੈ ਅਤੇ ਦੂਜੇ ਪਾਸੇ ਸਰਕਾਰ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਮਕਸਦ ਤਹਿਤ ਸਿੰਘ ਸਾਹਿਬ ਦੀ ਸੁਰੱਖਿਆ ਵਾਪਸ ਲੈਣ ਵਰਗੇ ਗੈਰ ਵਾਜਿਬ ਕਦਮ ਚੁੱਕਣ ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਸਮੁੱਚੀ ਕੌਮ ਦੀ ਅਗਵਾਈ ਕਰ ਰਹੇ ਹਨ ਅਤੇ ਹਾਲਾਤਾਂ ਦੇ ਮੱਦੇਨਜ਼ਰ ਸੁਰੱਖਿਆ ’ਚ ਕਟੌਤੀ ਕੀਤੇ ਜਾਣ ਨਾਲ ਸਿੱਖ ਹਿਰਦਿਆਂ ਨੂੰ ਵੱਡੀ ਠੇਸ ਪੁੱਜੀ ਹੈ। ਜਥੇਦਾਰ ਪੰਜੋਲੀ ਨੇ ਇਹ ਵੀ ਕਿਹਾ ਕਿ ਸਿੰਘ ਸਾਹਿਬ ਦੀ ਸੁਰੱਖਿਆ ਲਈ ਸ਼ੋ੍ਰਮਣੀ ਕਮੇਟੀ ਨੂੰ ਤੁਰੰਤ ਠੋਸ ਅਤੇ ਪ੍ਰਭਾਵੀ ਕਦਮ ਚੁੱਕਦਿਆਂ ਟਾਸਕ ਫੋਰਸ ਤਾਇਨਾਤ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀ ਪੀੜ੍ਹੀ ਹੇਠ ਵੀ ਸੋਟਾ ਫੇਰਨਾ ਚਾਹੀਦਾ ਅਤੇ ਇਹ ਵੀ ਜਵਾਬ ਦੇਣਾ ਚਾਹੀਦਾ ਹੈ ਕਿ ਖੁਦ ਦੀ ਭੈਣ ਨੂੰ ਕਿਹੜਾ ਖ਼ਤਰਾ ਹੈ, ਜਿਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਜਥੇਦਾਰ ਪੰਜੋਲੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਤੁਰੰਤ ਪ੍ਰਭਾਵ ਨਾਲ ਸਿੰਘ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।