ਬਾਦਲ ਪਰਿਵਾਰ ਦੀ ਦਖਲਅੰਦਾਜ਼ੀ ਕਾਰਣ ਜਥੇਦਾਰ ਅਕਾਲ ਤਖਤ ਨੂੰ ਬਦਲਿਆ

ਬਾਦਲ ਪਰਿਵਾਰ ਦੀ ਦਖਲਅੰਦਾਜ਼ੀ ਕਾਰਣ ਜਥੇਦਾਰ  ਅਕਾਲ ਤਖਤ ਨੂੰ ਬਦਲਿਆ

ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ

*ਗਿਆਨੀ ਸੁਲਤਾਨ ਸਿੰਘ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮਿ੍ਤਸਰ- ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੌਂਪੀਆਂ ਵਾਧੂ ਸੇਵਾਵਾਂ ਵਾਪਸ ਲੈਂਦਿਆਂ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦਾ ਨਿਯਮਤ ਜਥੇਦਾਰ ਨਿਯੁਕਤ ਕਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾ ਨਿਭਾਉਣਗੇ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਵਲੋਂ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਵਿਚ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ। ਉਂਜ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਆਪਣੀਆ ਸੇਵਾਵਾਂ ਜਾਰੀ ਰਖਣਗੇ। ਮੀਟਿੰਗ ਮਗਰੋਂ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਦੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀਆਂ ਵਾਧੂ ਸੇਵਾਵਾਂ ਨਿਭਾਉਣ ਵਿਚ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀ ਥਾਂ ਪੱਕੇ ਜਥੇਦਾਰ ਦੀ ਨਿਯੁਕਤੀ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਵਜੋਂ ਆਪਣੀ ਸੇਵਾ ਜਾਰੀ ਰਖਣਗੇ। ਇਸ ਮੌਕੇ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਜਿਨ੍ਹਾਂ ਨੂੰ ਕਾਰਜਕਾਰੀ ਹੈੱਡ ਗ੍ਰੰਥੀ ਦੀ ਸੇਵਾ ਸੌਂਪੀ ਸੀ, ਪਹਿਲਾਂ ਵਾਂਗ ਵਧੀਕ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ। 

ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤਿ੍ੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖ਼ਾਲਸਾ, ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਸੰਧ, ਮਲਕੀਤ ਸਿੰਘ ਚੰਗਾਲ, ਸਕੱਤਰ ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਮੌਜੂਦ ਸਨ ।

ਇਕ ਮੈਂਬਰ ਚੰਗਾਲ ਵਲੋਂ ਵਿਰੋਧ

ਅੰਤਿ੍ੰਗ ਕਮੇਟੀ ਦੇ ਹਲਕਾ ਲੌਂਗੋਵਾਲ ਤੋਂ ਮੈਂਬਰ ਜਥੇਦਾਰ ਮਲਕੀਤ ਸਿੰਘ ਚੰਗਾਲ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ ਕਰਨਾ ਬੇਹੱਦ ਮੰਦਭਾਗਾ ਹੈ ਤੇ ਇਸ ਦਾ ਸਿੱਖ ਸੰਗਤ ਵਿਚ ਅਤੇ ਅਕਾਲ ਤਖ਼ਤ ਦੇ ਜਥੇਦਾਰ ਦੀ ਸਤਿਕਾਰਤ ਪਦਵੀ 'ਤੇ ਗਹਿਰਾ ਪ੍ਰਭਾਵ ਪਵੇਗਾ । ਜਥੇਦਾਰ ਚੰਗਾਲ ਨੇ ਕਿਹਾ ਕਿ ਉਨ੍ਹਾਂ ਇਸ ਇਕੱਤਰਤਾ ਵਿਚ ਇਹ ਲਿਖ਼ਤੀ ਵਿਰੋਧ ਦਰਜ ਕਰਵਾਇਆ ਹੈ । ਉਨ੍ਹਾਂ ਕਿਹਾ ਕਿ ਨਵ ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਕੋਈ ਨਿੱਜੀ ਵਿਰੋਧ ਨਹੀਂ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਦੇ ਪੈਮਾਨੇ ਤੇ ਇਸਦੀ ਚੋਣ ਲਈ ਕੀ ਪੈਮਾਨੇ ਤੇ ਪ੍ਰਕਿਰਿਆ ਹੈ, ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਜਥੇਦਾਰ ਨਿਯੁਕਤ ਕਰਨ ਲਈ ਨਾ ਕੋਈ ਸਲਾਹ ਲਈ ਗਈ, ਨਾ ਕੋਈ ਕਮੇਟੀ ਬਣਾਈ ਗਈ, ਜੋ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬੋਰਡ 'ਤੇ ਸਵਾਲੀਆ ਚਿੰਨ੍ਹ ਰਹੇਗੀ ।

ਕੀ ਕਹਿੰਦੇ ਹਨ ਸ੍ਰੋਮਣੀ ਕਮੇਟੀ ਦੇ ਪ੍ਰਧਾਨ

ਪੱਤਰਕਾਰਾਂ ਨੂੰ ਅਹਿਮ ਫ਼ੈਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਵਲੋਂ ਤਖ਼ਤ ਸਾਹਿਬਾਨ ਦੇ ਕਾਰਜਕਾਰੀ ਜਥੇਦਾਰਾਂ ਦੀ ਥਾਂ ਪੱਕੇ ਜਥੇਦਾਰ ਨਿਯੁਕਤ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਕਾਰਨ ਅੰਤਿ੍ੰਗ ਕਮੇਟੀ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ।ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵਧੀਕ ਸੇਵਾਵਾਂ ਨਿਭਾਅ ਰਹੇ ਸਨ, ਇਸ ਲਈ ਅੰਤਿ੍ੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਪੱਕਾ ਜਥੇਦਾਰ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਵੀ ਇਸ ਵਾਸਤੇ ਸਹਿਮਤੀ ਪ੍ਰਗਟਾਈ ਗਈ ਸੀ । ਉਨ੍ਹਾਂ ਦੱਸਿਆ ਕਿ ਇਕੱਤਰਤਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਪੱਕਾ ਜਥੇਦਾਰ ਲਗਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਾਹਿਬਾਨ ਘੱਟ ਹੋਣ ਕਾਰਨ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਐਡੀਸ਼ਨਲ ਸੇਵਾ ਵੀ ਸੌਂਪੀ ਗਈ ਹੈ ।ਇਸੇ ਤਰ੍ਹਾਂ ਗਿਆਨੀ ਸੁਲਤਾਨ ਸਿੰਘ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਸਿੰਘ ਸੇਵਾ ਵੀ ਜਾਰੀ ਰੱਖਣਗੇ ।ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਵਲੋਂ ਕਾਫੀ ਦੇਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਤੋਂ ਫਾਰਗ ਕਰਨ ਲਈ ਕਿਹਾ ਜਾ ਰਿਹਾ ਸੀ । ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਵਾਂਗ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ । ਐਡਵੋਕੇਟ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਕਾਰਜਕਾਰੀ ਜਥੇਦਾਰ ਵਜੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਕੌਮ ਦੀ ਵਧੀਆ ਅਗਵਾਈ ਕੀਤੀ ਤੇ ਪੰਥ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਹਿਮ ਯੋਗਦਾਨ ਪਾਇਆ । ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਘ ਸਾਹਿਬਾਨ ਦੇ ਸੇਵਾ ਨਿਯਮਾਂ ਤੇ ਨਿਯੁਕਤੀਆਂ ਸੰਬੰਧੀ ਇਕ ਕਮੇਟੀ ਬਣਾਈ ਜਾਵੇਗੀ, ਪਰ ਇਸ ਲਈ ਸਿੱਖ ਗੁਰਦੁਆਰਾ ਐਕਟ ਵਿਚ ਸੋਧ ਦੀ ਲੋੜ ਹੈ । ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਸਟਰੇਲੀਆ ਦੌਰੇ 'ਤੇ ਹਨ, ਇਸ ਲਈ ਉਨ੍ਹਾਂ ਦਾ ਪੱਖ ਜਾਣਨ ਲਈ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ । ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਸੇਵਾ ਸੌਂਪਣ ਲਈ ਜਲਦ ਹੀ ਸ਼ੋ੍ਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡਾ ਪੰਥਕ ਇਕੱਠ ਬੁਲਾਇਆ ਜਾਵੇਗਾ ।

ਬਾਦਲ ਪਰਿਵਾਰ ਤੇ ਸੀਨੀਅਰ ਨੇਤਾ ਜਥੇਦਾਰ ਦੇ ਵਿਰੋਧ ਵਿਚ ਸਨ

ਪੰਥਕ ਸਿਆਸਤ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਬਾਦਲ ਦਲ ਦੇ ਖੇਮੇ ਵਿਚ ਆਲੋਚਨਾ ਦਾ ਨਿਸ਼ਾਨਾ ਬਣੇ ਹੋਏ ਸਨ।ਸੂਤਰਾਂ ਅਨੁਸਾਰ ਬੀਬੀ ਹਰਸਿਮਰਨ ਕੌਰ ,ਵਿਰਸਾ ਸਿੰਘ ਵਲਟੋਹਾ ,ਦਲਜੀਤ ਸਿੰਘ ਚੀਮਾ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਕਾਲ ਤਖਤ ਦੀ ਜਥੇਦਾਰੀ ਤੋਂ ਲਾਹਣ ਦੇ ਹੱਕ ਵਿਚ ਸਨ। ਦਮਦਮੀ ਟਕਸਾਲ ਨਾਲ ਉਹਨਾਂ ਦੀ ਅਣਬਣ ਸੀ।ਸ੍ਰੋਮਣੀ ਕਮੇਟੀ ਜਥੇਦਾਰ ਹਰਪ੍ਰੀਤ ਸਿੰਘ ਨੂੰ ਸਹਿਯੋਗ ਨਹੀਂ ਦੇ ਰਹੀ ਸੀ।ਜਦੋਂ ਜਥੇਦਾਰ ਹਰਪ੍ਰੀਤ ਸਿੰਘ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਦੇ ਮੰਗਣੀ ਸਮਾਗਮ ਵਿਚ ਸ਼ਿਰਕਤ ਕਰਨ ਗਏ ਸਨ ਅਤੇ ਉਸ ਤੋਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਤਰਾਜ਼ ਕੀਤਾ ਜਾ ਰਿਹਾ ਸੀ।ਖਾਸ ਕਰਕੇ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਹਰਪ੍ਰੀਤ ਸਿੰਘ ਖਿਲਾਫ ਮੀਡੀਆ ਵਿਚ ਮੁਹਿੰਮ ਛੇੜੀ ਹੋਈ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ’ਤੇ ਲੋਕਾਂ ਨਾਲ ਜੁੜਨ ਅਤੇ ਪਿੰਡਾਂ ਵੱਲ ਤੁਰਨ ਦੇ ਦਿੱਤੇ ਗਏ ਸੁਝਾਅ ਵੀ ਹਜ਼ਮ ਨਹੀਂ ਹੋਏ ਸਨ।ਜਥੇਦਾਰ ਹਰਪ੍ਰੀਤ ਸਿੰਘ ਦੇ ਨੇੜਲੇ ਸੂਤਰਾਂ ਤੋਂ ਪਤਾ ਲਗਾ ਹੈ ਕਿ ਜਥੇਦਾਰ ਖੁਦ ਪਿੰਡਾਂ ਵਿਚ ਸਿਖ ਜਾਗਿ੍ਤੀ ਲਹਿਰ ਤੌਰਨ ਦੀ ਤਿਆਰੀ ਕਰ ਰਹੇ ਸਨ ਤਾਂ ਜੋ ਸਿਖ ਰਾਜਨੀਤੀ ਨੂੰ ਪੈਰਾਂ ਸਿਰ ਖੜਾ ਕੀਤਾ ਜਾ ਸਕੇ।ਪਰ ਇਸ ਤੋਂ ਪਹਿਲਾਂ ਉਹਨਾਂ ਨੂੰ ਜਥੇਦਾਰੀ ਤੋਂ ਹਟਾ ਦਿਤਾ ਗਿਆ।ਇੰਡੀਅਨ ਐਕਸਪ੍ਰੈਸ ਦੀ ਰਿਪੋਟ ਅਨੁਸਾਰ ਖਾਲਸਾ ਪੰਥ ਦੇ ਹਕ ਵਿਚ ਕੀਤੇ ਸੁਤੰਤਰ ਫੈਸਲੇ ਬਾਦਲ ਦਲ ਤੇ ਸ੍ਰੋਮਣੀ ਕਮੇਟੀ ਨੂੰ ਪਸੰਦ ਨਹੀਂ ਆਏ।ਅਕਾਲੀ ਦਲ ਦੇ ਆਗੂ ਇਸ ਤੱਥ ਬਾਰੇ ਵੀ ਗੱਲ ਕਰਦੇ ਹਨ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਸਾਲ ਗਿਆਨੀ ਹਰਪ੍ਰੀਤ ਨੂੰ ਉਨ੍ਹਾਂ ਦੇ ਅਕਾਲ ਤਖ਼ਤ ਸਥਿਤ ਦਫ਼ਤਰ ਵਿੱਚ ਮਿਲਣ ਗਏ ਸਨ ਅਤੇ ਕੇਂਦਰੀ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਉਨ੍ਹਾਂ ਦੇ ਸੰਪਰਕ ਵਿੱਚ ਸਨ।

ਕੋਣ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ

ਨਵੇਂ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗੁਰੂ ਨਗਰੀ ਅੰਮਿ੍ਤਸਰ ਦੀ ਹਦੂਦ ਵਿਚ ਪੈਂਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ । ਉਨ੍ਹਾਂ ਸੰਨ 1989 'ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਸ਼ੁਰੂ ਕਰਕੇ 1995 ਤੱਕ ਵੱਖ-ਵੱਖ ਅਸਥਾਨਾਂ 'ਤੇ ਸੇਵਾ ਨਿਭਾਈ ।1995 ਤੋਂ ਅਪ੍ਰੈਲ 2014 ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਿੰਘਾਂ 'ਚ ਸੇਵਾਵਾਂ ਨਿਭਾਉਂਦੇ ਰਹੇ । 21 ਅਪ੍ਰੈਲ 2014 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਨਿਯੁਕਤ ਹੋਏ ਅਤੇ 24 ਅਗਸਤ 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਵਧੀਕ ਸੇਵਾ ਸੰਭਾਲੀ ।

ਜਥੇਦਾਰ ਗਿਆਨੀ ਸੁਲਤਾਨ ਸਿੰਘ ਬਾਰੇ ਜਾਣਕਾਰੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਸੁਲਤਾਨ ਸਿੰਘ ਇਸ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਅ ਰਹੇ ਹਨ ।ਉਹ 2008 ਵਿਚ ਬਤੌਰ ਗ੍ਰੰਥੀ ਸਿੰਘ ਭਰਤੀ ਹੋਏ ਅਤੇ 2015 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਏ ਸਿੰਘ ਵਜੋਂ ਸੇਵਾ ਸੰਭਾਲੀ ।ਦੋ ਸਾਲ ਪਹਿਲਾਂ 2021 ਵਿਚ ਉਹ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਨਿਯੁਕਤ ਹੋਏ |

ਸਮੁੱਚੀਆਂ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦਾ ਯਤਨ ਕਰਾਂਗੇ : ਜਥੇਦਾਰ ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ । ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ੋ੍ਮਣੀ ਕਮੇਟੀ ਤੇ ਸਿੱਖ ਪੰਥ ਨੇ ਜੋ ਉਨ੍ਹਾਂ 'ਤੇ ਵਿਸ਼ਵਾਸ ਜਤਾਇਆ ਹੈ ਤੇ ਜਥੇਦਾਰ ਵਜੋਂ ਜੋ ਵੱਡੀ ਤੇ ਜ਼ਿੰਮੇਵਾਰੀ ਵਾਲੀ ਸੇਵਾ ਸੌਂਪੀ ਗਈ ਹੈ, ਉਹ ਉਸ 'ਤੇ ਪੂਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ ਤੇ ਸੰਗਤ ਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸਮੁੱਚੀਆਂ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦਾ ਯਤਨ ਕਰਨਗੇ ।

ਗਿਆਨੀ ਹਰਪ੍ਰੀਤ ਸਿੰਘ ਨੇ ਕੀ ਕਿਹਾ?

ਗਿਆਨੀ ਰਘਬੀਰ ਸਿੰਘ ਨੂੰ ਨਵੇਂ ਜਥੇਦਾਰ ਥਾਪੇ ਜਾਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਪ੍ਰਤੀਕਰਮ ਸੋਸ਼ਲ ਮੀਡੀਆ ’ਤੇ ਦਿੱਤਾ।ਉਨ੍ਹਾਂ ਲਿਖਿਆ, “ਕੋਟਿ ਕੋਟਿ ਸ਼ੁਕਰ, ਅਕਾਲ ਪੁਰਖ ਜੀ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦਾ। ਪਾਤਸ਼ਾਹ ਜੀ! ਆਪਣੀ ਮਿਹਰ ਰੱਖਣਾ ਤੇ ਪਤ ਬਖਸ਼ਣਾ।”