ਸ਼੍ਰੋਮਣੀ ਕਮੇਟੀ ਆਰਕਾਈਵਜ਼ ਪ੍ਰਾਜੈਕਟ ਕਰੇਗੀ ਸਥਾਪਤ   

ਸ਼੍ਰੋਮਣੀ ਕਮੇਟੀ ਆਰਕਾਈਵਜ਼ ਪ੍ਰਾਜੈਕਟ ਕਰੇਗੀ ਸਥਾਪਤ   

ਅੰਮ੍ਰਿਤਸਰ ਟਾਈਮਜ਼ ਬਿਉਰੋ

ਅੰਮ੍ਰਿਤਸਰ:ਸ਼੍ਰੋਮਣੀ ਕਮੇਟੀ ਨੇ ਸਿੱਖਾਂ ਅਤੇ ਪੰਜਾਬੀਆਂ ਨਾਲ ਸਬੰਧਤ ਪੁਰਾਤਨ ਤੇ ਇਤਿਹਾਸਕ ਦਸਤਾਵੇਜ਼ਾਂ ਨੂੰ ਸੰਭਾਲਣ ਲਈ ਸਿੱਖ ਆਰਕਾਈਵਜ਼ ਪ੍ਰਾਜੈਕਟ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਨੂੰ ਪਟਿਆਲਾ ਵਿੱਚ ‘ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ’ ਬਹਾਦਰਗੜ੍ਹ ਵਿੱਚ ਸਥਾਪਿਤ ਕੀਤਾ ਜਾਵੇਗਾ। ਇਸ ਦਾ ਖੁਲਾਸਾ ਇੱਥੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀ ਮੀਟਿੰਗ ਮਗਰੋਂ ਕੀਤਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਲਈ ਸਿੱਖ ਆਰਕਾਈਵਜ਼ ਪ੍ਰਾਜੈਕਟ ਦੀ ਰੂਪ-ਰੇਖਾ ਤਿਆਰ ਕੀਤੀ ਹੈ। ਇਸ ਵਿੱਚ ਇੰਗਲੈਂਡ ਵਾਸੀ ਮਰਹੂਮ ਸਿੱਖ ਵਿਦਵਾਨ ਡਾ. ਦਰਸ਼ਨ ਸਿੰਘ ਦਾ ਅਹਿਮ ਯੋਗਦਾਨ ਹੈ। ਡਾ. ਚਮਕੌਰ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਹੇਠ ਮਹਾਰਾਜਾ ਰਣਜੀਤ ਸਿੰਘ, ਮਹਾਰਾਜਾ ਦਲੀਪ ਸਿੰਘ, ਪਹਿਲੀ ਤੇ ਦੂਜੀ ਵਿਸ਼ਵ ਜੰਗ, ਆਜ਼ਾਦੀ ਦੀ ਜੰਗ ਲਈ ਵਿਦੇਸ਼ ਵਿੱਚ ਚੱਲੀ ਲਹਿਰ, ਦੇਸ਼ ਵੰਡ, ਸਾਕਾ ਨੀਲਾ ਤਾਰਾ ਆਦਿ ਨਾਲ ਸਬੰਧਤ ਅਹਿਮ ਦਸਤਾਵੇਜ਼ ਸੰਭਾਲੇ ਜਾਣਗੇ। ਐਜੂਕੇਸ਼ਨ ਕਮੇਟੀ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿੱਦਿਅਕ ਅਦਾਰਿਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਫ਼ੈਸਲੇ ਲਏ ਗਏ।