ਬੀਬੀ ਜਗੀਰ ਕੌਰ  ਗੁਰਦੁਆਰਾ ਪ੍ਰਬੰਧ ਪ੍ਰਤੀ ਸਖਤ *ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਚਿਤਾਵਨੀ

ਬੀਬੀ ਜਗੀਰ ਕੌਰ  ਗੁਰਦੁਆਰਾ ਪ੍ਰਬੰਧ ਪ੍ਰਤੀ ਸਖਤ *ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਚਿਤਾਵਨੀ

ਅਨੈਤਿਕ ਕੰਮ ਅਤੇ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਅੰਮ੍ਰਿਤਸਰ ਟਾਈਮਜ਼ ਬਿਉਰੋ

ਅੰਮ੍ਰਿਤਸਰ:ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਵੱਖ-ਵੱਖ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਆਖਿਆ ਹੈ ਕਿ ਸਿੱਖ ਸੰਸਥਾ ਦਾ ਕੋਈ ਵੀ ਮੁਲਾਜ਼ਮ ਜੇਕਰ ਅਨੈਤਿਕ ਕਾਰਵਾਈ ਵਿਚ ਜਾਂ ਨਸ਼ਾਖੋਰੀ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ  ਇਥੇ ਭਾਈ ਗੁਰਦਾਸ ਹਾਲ ਵਿੱਚ ਸਮੂਹ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ।ਉਨ੍ਹਾਂ ਕਿਹਾ ਕਿ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਕਿਸੇ ਵੀ ਤਰ੍ਹਾਂ ਦੀ ਅਨੈਤਿਕ ਕਾਰਵਾਈ ਵਿਚ ਜਾਂ ਫਿਰ ਨਸ਼ਾਖੋਰੀ ਵਿਚ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਸਬੰਧਤ ਗੁਰਦੁਆਰੇ ਦਾ ਮੈਨੇਜਰ ਵੀ ਜਵਾਬਦੇਹ ਹੋਵੇਗਾ। ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਸ਼੍ਰੋਮਣੀ ਕਮੇਟੀ ਵਲੋਂ ਅਨੈਤਿਕ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

‘ਮਹਾਨ ਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਰੇ ਪੰਜਾਬੀ ਯੂਨੀਵਰਸਿਟੀ’

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਦੇ ਨਾਮ ਨਾਲ ਰਾਮਾਇਣ ਨੂੰ ਜੋੜ ਕੇ ਪੇਸ਼ ਕਰਨ ’ਤੇ ਇਤਰਾਜ਼ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਕੋਸ਼ ਦੀ ਦੁਬਾਰਾ ਛਪਾਈ ਸਮੇਂ ਬਹੁਤ ਸਾਰੀਆਂ ਗ਼ਲਤੀਆਂ ਉਜਾਗਰ ਹੋਈਆਂ ਸਨ, ਜਿਸ ’ਤੇ ਸ਼੍ਰੋਮਣੀ ਕਮੇਟੀ ਅਤੇ ਸੰਗਤ ਦੇ ਇਤਰਾਜ਼ ਮਗਰੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਦੀ ਵਿਕਰੀ ’ਤੇ ਰੋਕ ਲਗਾ ਦਿੱਤੀ ਗਈ ਸੀ। ਬਾਅਦ ਵਿੱਚ ਯੂਨੀਵਰਸਿਟੀ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਫ਼ੈਸਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਮਹਾਨ ਕੋਸ਼ ਦਾ ਕੰਮ ਕਰਨ ਅਤੇ ਇਸ ਨੂੰ ਮੁੜ ਛਾਪਣ ਲਈ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਕਿਸੇ ਵਿਵਾਦ ਤੋਂ ਬਚਿਆ ਜਾ ਸਕੇ।