ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਨਾਮ 'ਤੇ ਤਲਾਸ਼ੀਆਂ

ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਨਾਮ 'ਤੇ ਤਲਾਸ਼ੀਆਂ

ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਅਤੇ ਗੁਰਦੁਆਰਾ ਸਾਹਿਬ ਦੀ ਚਾਰਦੀਵਾਰੀ ਦੇ ਹਰ ਨੁੱਕਰ 'ਤੇ ਪੁਲਿਸ ਮੁਲਾਜ਼ਮ ਤਾਇਨਾਤ
 

ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ:
ਸੁਰੱਖਿਆ ਪ੍ਰਬੰਧਾਂ  ਦੇ ਨਾਮ ਹੇਠ ਤਖਤ ਸ੍ਰੀ ਦਮਦਮਾ ਸਾਹਿਬ ਚ ਚੱਪੇ ਚੱਪੇ ਤੇ ਪੁਲਿਸ ਤਾਇਨਾਤ ਕੀਤੀ ਗਈ ਸੀ। ਜੋ ਹਰ ਇਕ ਆਉਣ ਜਾਣ ਵਾਲੇ ਦੀ ਤਲਾਸ਼ੀ ਲੈ ਰਹੇ ਸਨ।
ਅਜਿਹੀ ਸਥਿਤੀ ਪਹਿਲੀ ਵਾਰ ਦੇਖਣ ਨੂੰ ਮਿਲੀ ਕਿ ਵਿਸਾਖੀ ਮੇਲਾ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਕਰਵਾਇਆ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਅਤੇ ਗੁਰਦੁਆਰਾ ਸਾਹਿਬ ਦੀ ਚਾਰਦੀਵਾਰੀ ਦੇ ਹਰ ਨੁੱਕਰ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਸਨ। ਪੁਲਿਸ ਮੁਲਾਜ਼ਮ ਨਾ ਸਿਰਫ਼ ਵਰਦੀ ਵਿਚ ਸਗੋਂ ਸਿਵਲ ਕੱਪੜਿਆਂ ਵਿਚ ਵੀ ਤਾਇਨਾਤ ਕੀਤੇ ਗਏ ਸਨ। ਪੂਰੇ ਤਲਵੰਡੀ ਸਾਬੋ ਸ਼ਹਿਰ ਨੂੰ ਪੁਲੀਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਤਲਵੰਡੀ ਸਾਬੋ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਬੈਰੀਕੇਡ ਲਗਾ ਦਿੱਤੇ ਗਏ  ਅਤੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਿੱਥੇ ਸ਼ਹਿਰ ਵਿਚ ਦਾਖਲ ਹੋਣ ਤੋਂ ਪਹਿਲਾਂ ਸਾਰੀਆਂ ਕਾਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਉੱਥੇ ਹੀ ਬੱਸ ਸਟੈਂਡ ਨੂੰ ਜਾਣ ਵਾਲੀਆਂ ਬੱਸਾਂ ਨੂੰ ਵੀ ਬਿਨਾਂ ਚੈਕਿੰਗ ਕੀਤੇ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਸੀ। 

 

ਵਿਸਾਖੀ ਮੇਲੇ 'ਤੇ ਤਾਇਨਾਤ ਭਾਰੀ ਪੁਲਿਸ ਬਲ ਬਾਰੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਰੁਟੀਨ ਦਾ ਮਾਮਲਾ ਹੈ। ਸ੍ਰੀ ਆਨੰਦਪੁਰ ਸਾਹਿਬ ਵਿਚ ਜਦੋਂ ਹੋਲਾ ਮੁਹੱਲਾ ਹੁੰਦਾ ਹੈ ਤਾਂ ਉਥੇ ਪੰਜ ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਹੁੰਦੇ ਹਨ। ਅਜਿਹਾ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਕੀਤਾ ਗਿਆ ਹੈ। ਉਨਾਂ੍ਹ ਕਿਹਾ ਕਿ ਕੁਝ ਲੋਕ ਪਾਕਿਸਤਾਨ ਦੀ ਆਈਐੱਸਆਈ ਦੇ ਇਸ਼ਾਰੇ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪੰਜਾਬ ਦੇ ਆਮ ਲੋਕ ਸ਼ਾਂਤੀ ਚਾਹੁੰਦੇ ਹਨ। ਪੰਜਾਬ ਪੁਲਿਸ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਪੁਲਿਸ ਕਿਸੇ ਵੀ ਹਾਲਤ ਵਿਚ ਸੂਬੇ ਦੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵੇਗੀ। ਪੰਜਾਬ ਪੁਲਿਸ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖੀ ਜਾਵੇਗੀ।