ਅਕਾਲ ਤਖ਼ਤ ਸਾਹਿਬ ਵੱਲੋਂ ਰਾਗੀ ਜੱਥੇ ਤੇ ਗ੍ਰੰਥੀ ਨੂੰ 5-5 ਸਾਲ ਲਈ ਪਾਬੰਦੀ

ਅਕਾਲ ਤਖ਼ਤ ਸਾਹਿਬ ਵੱਲੋਂ ਰਾਗੀ ਜੱਥੇ ਤੇ ਗ੍ਰੰਥੀ ਨੂੰ 5-5 ਸਾਲ ਲਈ ਪਾਬੰਦੀ

ਮਾਮਲਾ ਗੁਰੂ ਘਰ ਵਿਚ ਸਮਲਿੰਗੀ ਵਿਆਹ ਕਰਵਾਉਣ ਦਾ 

ਸਮੁੰਦਰਾਂ ਦੇ ਕੰਢੇ ਬੀਚਾਂ, ਰਿਜ਼ੋਰਟਾਂ ਆਦਿ ‘ਤੇ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕਰਕੇ ਅਨੰਦ ਕਾਰਜ ਕਰਨ ’ਤੇ ਰੋਕ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਪਹਿਲੀ ਮੀਟਿੰਗ ਅਰਦਾਸ ਤੋਂ ਬਾਅਦ ਸ਼ੁਰੂ ਹੋਈ। ਇਸ ਇਕੱਤਰਤਾ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਸੁਲਤਾਨ ਸਿੰਘ, ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਤੇ ਤਖਤ ਸ੍ਰੀ ਹਜੂਰ ਸਾਹਿਬ ਤੋਂ ਭਾਈ ਰਾਮ ਸਿੰਘ ਸ਼ਾਮਲ ਹੋਏ। ਮੀਟਿੰਗ ਵਿਚ ਕਈ ਪੰਥਕ ਮਸਲਿਆਂ ਤੋਂ ਇਲਾਵਾ ਵਿਵਾਦਤ ਮਾਮਲਿਆਂ ਬਾਰੇ ਵੀ ਅਹਿਮ ਫ਼ੈਸਲੇ ਕੀਤੇ ਗਏ ਜਿਨ੍ਹਾਂ ਵਿਚ ਗੁਰਦੁਆਰਾ ਕਲਗੀਧਰ ਸਾਹਿਬ, ਕੈਨਾਲ ਕਲੋਨੀ, ਮੁਲਤਾਨੀਆਂ ਰੋਡ, ਬਠਿੰਡਾ ਵਿਖੇ ਦੋ ਲੜਕੀਆਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਾਵਾਂ ਕਰਵਾ ਕੇ ਸਮਲਿੰਗੀ ਵਿਆਹ (ਆਨੰਦ ਕਾਰਜ) ਕਰਵਾਉਣ ਸਬੰਧੀ ਕੇਸ ਵਿਚ ਇਹ ਫੈਸਲਾ ਹੋਇਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਾ ਲਈ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਕੀਤਾ ਜਾਂਦਾ ਹੈ, ਇਹ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਨਹੀਂ ਆਉਣਗੇ। ਸੰਗਤਾਂ ਜਲਦ ਹੀ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਅਤੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਪੰਜ ਸਾਲ ਲਈ ਬਲੈਕ ਲਿਸਟ ਕੀਤਾ ਜਾਂਦਾ ਹੈ। ਇਹ ਕਿਸੇ ਵੀ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਮਾਗਮਾਂ ਵਿਚ ਡਿਊਟੀ ਨਹੀਂ ਕਰਨਗੇ।

ਇਸ ਮੀਟਿੰਗ ਵਿਚ ਅਕਾਲ ਤਖ਼ਤ ਸਾਹਿਬ ਜੀ ਤੋਂ ਹੋਏ ਆਦੇਸ਼ਾਂ ‘ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦੌਰ ਦੀ ਕਰਵਾਈ ਜਾਣ ਵਾਲੀ ਚੋਣ ਪ੍ਰਕਿਰਿਆ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਜਗਜੀਤ ਸਿੰਘ (ਸੁਗਾ) ਨਾਮਜਦ ਮੈਂਬਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦੌਰ, ਮੱਧ ਪ੍ਰਦੇਸ਼ ਨੂੰ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਬੁਲਾਇਆ ਗਿਆ ਪਰ ਹਰ ਵਾਰ ਇਹ ਆਨਾਕਾਨੀ ਕਰਕੇ ਹਾਜ਼ਰ ਨਹੀਂ ਹੋਇਆ। ਜਿਸ ‘ਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਦੀ ਪ੍ਰਬੰਧਕ ਕਮੇਟੀ ਵਿਚੋਂ ਮੈਂਬਰਸ਼ਿਪ ਖਾਰਜ ਕੀਤੀ ਜਾਂਦੀ ਹੈ ਅਤੇ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਜਿੰਨੀ ਦੇਰ ਤੱਕ ਜਗਜੀਤ ਸਿੰਘ ਗੁਰਦੁਆਰਾ ਚੋਣ ਸਬੰਧੀ ਕੀਤੇ ਕੇਸ ਵਾਪਸ ਨਹੀਂ ਲੈਂਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਨਹੀਂ ਬਖਸ਼ਾਉਂਦਾ ਉਨ੍ਹੀ ਦੇਰ ਤੱਕ ਸੰਗਤਾਂ ਇਸ ਨੂੰ ਮੂੰਹ ਨਾ ਲਗਾਉਣ।

ਸੰਗਤਾਂ ਵਲੋਂ ਪੁੱਜੀਆਂ ਸ਼ਿਕਾਇਤਾਂ ਅਨੁਸਾਰ ਕੁਝ ਵਿਅਕਤੀ ਮਰਯਾਦਾ ਦੀ ਉਲੰਘਣਾ ਕਰਦਿਆ ਸਮੁੰਦਰਾਂ ਦੇ ਕੰਢੇ ਬੀਚਾਂ/ਰਿਜ਼ੋਰਟਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਅਨੰਦ ਕਾਰਜ (ਵਿਆਹ) ਕਰਦੇ ਹਨ। ਜਿਸ ‘ਤੇ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕਰਕੇ ਸਮੁੰਦਰਾਂ ਦੇ ਕੰਢੇ ਬੀਚਾਂ, ਰਿਜ਼ੋਰਟਾਂ ਆਦਿ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਅਨੰਦ ਕਾਰਜ (ਡੈਸਟੀਨੇਸ਼ਨ ਵੈਡਿੰਗ) ਕਰਨ ’ਤੇ ਰੋਕ ਲਗਾਈ ਹੈ।