ਕੇਂਦਰ ਸਰਕਾਰ ਬੰਦੀ ਸਿੰਘ ਤੁਰੰਤ ਰਿਹਾਅ ਕਰੇ,ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ

ਕੇਂਦਰ ਸਰਕਾਰ ਬੰਦੀ ਸਿੰਘ ਤੁਰੰਤ ਰਿਹਾਅ ਕਰੇ,ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ

ਕੇਂਦਰ ਸਰਕਾਰ ਬੰਦੀ ਸਿੰਘ ਤੁਰੰਤ ਰਿਹਾਅ ਕਰੇ,ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ'

ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਕੌਮ ਦੇ ਨਾਂ ਸੰਦੇਸ਼

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮ੍ਰਿਤਸਰ : ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ 17 ਸਾਲਾਂ ਤੋਂ ਜੇਲ੍ਹ ਦੀ 8 ਫੁੱਟ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਕਰ ਕੇ ਮੁੱਕਰ ਜਾਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ, 39 ਸਾਲਾਂ ਬਾਅਦ ਵੀ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਅਤੇ ਪੰਜਾਬ ਦੇ ਨਾਲ ਕੇਂਦਰ ਸਰਕਾਰ ਦੇ ਸਿਆਸੀ ਵਿਤਕਰਿਆਂ ਦੀ ਗੱਲ ਕਰਦਿਆਂ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਇਕਜੁਟਤਾ ਨਾਲ ਆਵਾਜ਼ ਬੁਲੰਦ ਕਰਨ ਦਾ ਸੁਨੇਹਾ ਦਿੱਤਾ।

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਾਈ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫ਼ੈਸਲਾ ਅਮਲ ਵਿਚ ਲੈ ਕੇ ਨਾ ਆਉਣਾ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਭਾਈ ਉਲੰਘਣਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰ ਕੇ ਸਿੱਖਾਂ ਨੂੰ ਇਨਸਾਫ਼ ਦੇਣ ਲਈ ਕਿਹਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਦਿੱਤਾ ਕਿ ਉਹ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਠੋਸ ਤੇ ਤੇਜ਼ ਯਤਨ ਕਰੇ।ਉੁਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਜਾਰੀ ਕੀਤਾ ਕਿ ਉਹ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਕੋਲੋਂ ਭਾਈ ਰਾਜੋਆਣਾ ਸਬੰਧੀ ਅਪੀਲ ’ਤੇ ਫ਼ੈਸਲਾ ਕਰਵਾਉਣ ਲਈ ਗੰਭੀਰਤਾ ਨਾਲ ਯਤਨ ਕਰੇ ਅਤੇ ਇਸ ਸਬੰਧੀ 15 ਦਿਨਾਂ ਤੇ ਅੰਦਰ-ਅੰਦਰ ਆਪਣੀ ਰਿਪੋਰਟ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ।

ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਦੇ ਪੜ੍ਹੇ ਲਿਖੇ ਨੌਜੁਆਨ ਰੁਜ਼ਗਾਰ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ ਪਰ ਦੂਜੇ ਸੂਬਿਆਂ ਤੋਂ ਧੜਾ-ਧੜ ਲੋਕ ਇਥੇ ਆ ਕੇ ਸਰਕਾਰਾਂ ਅਤੇ ਨਿੱਜੀ ਖੇਤਰ ਵਿਚ ਰੁਜ਼ਗਾਰ ਦੇ ਵਸੀਲਿਆਂ ’ਤੇ ਕਾਬਜ਼ ਹੋ ਰਹੇ ਹਨ। ਗਿਣੀ-ਮਿੱਥੀ ਸਾਜ਼ਿਸ਼ ਨਾਲ ਪੰਜਾਬ ਦੀ ਕਿਸਾਨੀ ਤੇ ਉਪਜਾਊ ਧਰਤੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਇਸੇ ਦਾ ਸਿੱਟਾ ਹੈ ਕਿ ਮਾਯੂਸ ਹੋਈ ਸਿੱਖ ਨੌਜੁਆਨੀ ਵਿਦੇਸ਼ਾਂ ਵੱਲ ਪਰਵਾਸ ਕਰ ਰਹੀ ਹੈ।

ਜਥੇਦਾਰ ਨੇ ਇਸ ਗੱਲ ’ਤੇ ਚਿੰਤਾ ਜ਼ਾਹਰ ਕੀਤੀ ਕਿ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਕਾਤਲ 39 ਸਾਲ ਬਾਅਦ ਵੀ ਕਾਨੂੰਨ ਦੀ ਪਕੜ ਤੋਂ ਬਾਹਰ ਹਨ। ਉਨ੍ਹਾਂ ਸਿੱਖ ਕੌਮ ਨੂੰ ਦੇਸ਼ ਅੰਦਰ ਆਪਣੇ ਨਾਲ ਹੋ ਰਹੀਆਂ ਸਿਆਸੀ ਵਿਤਕਰੇਬਾਜ਼ੀਆਂ ਨੂੰ ਠੱਲ੍ਹਣ ਲਈ ਅਤੇ ਰਾਜਨੀਤਕ ਹੱਕ ਹਕੂਕ ਮਹਿਫੂਜ਼ ਰੱਖਣ ਲਈ ਆਪਣੀ ਖੇਤਰੀ ਤੇ ਪੰਥਕ ਰਾਜਨੀਤੀ ਨੂੰ ਪ੍ਰਫੁੱਲਿਤ ਅਤੇ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਆਖਿਆ ਕਿ ਸਿੱਖਾਂ ਦੀਆਂ ਧਾਰਮਿਕ ਪੰਥਕ ਅਤੇ ਰਾਜਨੀਤਕ ਸੰਸਥਾਵਾਂ ਨੂੰ ਖ਼ਤਮ ਕਰਨ ਲਈ ਹੋ ਰਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਹੋ ਕੇ ਕੌਮੀਅਤ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਵਧਣਾ ਚਾਹੀਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਪੰਥਕ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਆਦਿ ਹਾਜ਼ਰ ਸਨ।