ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਲੇਮਗੜ੍ਹ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਲੇਮਗੜ੍ਹ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪਟਿਆਲਾ :(ਡਾ. ਜਗਰਾਜ ਸਿੰਘ ਖੋਖਰ) :ਧਰਮ ਅਤੇ ਮਨੁੱਖਤਾ ਦੀ ਰੱਖਿਆ ਖਾਤਰ ਆਪਣਾ ਸਰਬੰਸ ਕੁਰਬਾਨ ਕਰਨ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਲੇਮਗੜ੍ਹ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਜਗਰਾਜ ਸਿੰਘ ਜੀ ਨੇ ਅਰਦਾਸ ਕਰ ਕੇ ਆਰੰਭਤਾ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਪਿੰਡ ਦੇ ਸਹਿਯੋਗ ਨਾਲ ਹੋਏ ਇਸ ਵਿਸ਼ਾਲ ਨਗਰ ਕੀਰਤਨ ਵਿਚ ਰਾਗੀ ਜੱਥਾ ਬਾਬਾ ਜਨਕ ਸਿੰਘ ਜੀ ਪਿੰਡ ਹਮੀਰਗੜ੍ਹ ਵਾਲੇ ਅਤੇ ਪ੍ਰਸਿੱਧ ਢਾਡੀ ਜੱਥਾ ਭਾਈ ਚਮਕੌਰ ਸਿੰਘ ਜੀ ਕਕਰਾਲਾ ਭਾਈਕਾ ਵਾਲਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਤਸ਼ਾਹ ਦੇ ਜੀਵਨ ਉਪਰ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਵਿਸ਼ਾਲ ਨਗਰ ਕੀਰਤਨ ਉੱਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ।

ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਅਤੇ ਵੱਖ-ਵੱਖ ਪੜਾਵਾਂ ਤੋਂ ਗੁਜਰਦਾ ਹੋਇਆ ਸ਼ਾਮ ਨੂੰ ਮੁੜ ਇਸੇ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੰਪੂਰਨ ਹੋਇਆ। ਹੱਡ ਚੀਰਵੀਂ ਠੰਡ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ ਅਤੇ ਵੱਖ-ਵੱਖ ਪੜਾਵਾਂ ਉੱਪਰ ਸੰਗਤਾਂ ਲਈ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਉੱਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰੰਥੀ ਸਿੰਘ ਅਤੇ ਸਿੱਖ ਸੰਗਤ ਨੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ। ਸਮੂਹ ਨਗਰ ਨਿਵਾਸੀ ਸੰਗਤਾਂ ਵਿੱਚ ਭਾਈ ਉਤਸ਼ਾਹ ਵੇਖਿਆ ਗਿਆ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਨਗਰ ਕੀਰਤਨ ਵਿੱਚ ਸ਼ਾਮਿਲ ਹੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਲਜਾਰ ਸਿੰਘ ਜੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਨਗਰ ਨਿਵਾਸੀ ਸੰਗਤਾਂ ਨੂੰ ਵਧਾਈ ਅਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਹਰ ਸਾਲ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸਰਧਾ-ਭਾਵਨਾ ਅਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਜਿਸ ਤਹਿਤ ਵਿਸ਼ਾਲ ਨਗਰ ਸਜਾਏ ਜਾਂਦੇ ਹਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਂਦੇ ਹਨ, ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਂਦਾ ਹੈ।