ਪੰਜਾਬ ਵਿੱਚ ਚਲਦੇ ਭਾਰਤ ਦੇ ਕੇਂਦਰੀ ਵਿਦਿਆਲਿਆਂ ਵਿੱਚ ਪੰਜਾਬੀ ਪੜ੍ਹਾਉਣੀ ਬੰਦ ਕਰਨ ਖਿਲਾਫ ਬੋਲੇ ਸ਼੍ਰੋਮਣੀ ਕਮੇਟੀ ਪ੍ਰਧਾਨ

ਪੰਜਾਬ ਵਿੱਚ ਚਲਦੇ ਭਾਰਤ ਦੇ ਕੇਂਦਰੀ ਵਿਦਿਆਲਿਆਂ ਵਿੱਚ ਪੰਜਾਬੀ ਪੜ੍ਹਾਉਣੀ ਬੰਦ ਕਰਨ ਖਿਲਾਫ ਬੋਲੇ ਸ਼੍ਰੋਮਣੀ ਕਮੇਟੀ ਪ੍ਰਧਾਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਚਲਾਏ ਜਾ ਰਹੇ ਕੇਂਦਰੀ ਵਿਦਿਆਲਿਆਂ ‘ਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਦੀ ਥਾਂ ਸਰੀਰਕ ਤੇ ਸਿਹਤ ਸਿੱਖਿਆ ਪੜ੍ਹਾਉਣਾ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਕੇਂਦਰੀ ਵਿਦਿਆਲਿਆਂ ਵਿਚ ਪੰਜਾਬੀ ਮਾਧਿਅਮ ਦੀ ਥਾਂ ਹਿੰਦੀ ਤੇ ਅੰਗਰੇਜ਼ੀ ਪੜਾਉਣ ਦੇ ਨਾਦਰਸ਼ਾਹੀ ਫੁਰਮਾਨ ਨੂੰ ਵੀ ਭਾਈ ਲੌਂਗੋਵਾਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਧੱਕਾ ਕਰਾਰ ਦਿੱਤਾ ਹੈ। 

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਆਖਿਆ ਕਿ ਕੇਂਦਰੀ ਵਿਦਿਆਲਿਆ ਸੰਗਠਨ ਦਾ ਇਹ ਤਾਨਾਸ਼ਾਹੀ ਫੈਸਲਾ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲੋਂ ਤੋੜਨ ਵਾਲਾ ਹੈ ਅਤੇ ਪੰਜਾਬੀ ਮਾਂ-ਬੋਲੀ ਨਾਲ ਇਸ ਵਿਤਕਰੇ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। 

ਸਬੰਧਿਤ ਖ਼ਬਰ: ਪੰਜਾਬੀ 'ਤੇ ਇਕ ਹੋਰ ਭਾਰਤੀ ਹਮਲਾ; ਕੇਂਦਰੀ ਵਿਦਿਆਲਿਆਂ ਵਿਚੋਂ ਪੰਜਾਬੀ ਨੂੰ ਬਾਹਰ ਕੱਢਣ ਦਾ ਫੁਰਮਾਨ ਜਾਰੀ ਕੀਤਾ

ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਅੰਦਰ ਪੰਜਾਬੀ ਨੂੰ ਅਣਗੌਲਿਆਂ ਕਰਨ ਦੇ ਇਸ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਵਿਭਾਗ ਨੂੰ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਆਖਿਆ ਕਿ ਜੇਕਰ ਕੇਂਦਰੀ ਵਿਦਿਆਲਿਆ ਸੰਗਠਨ ਪੰਜਾਬ ਅੰਦਰ ਆਪਣੇ ਵਿਦਿਆਲਿਆਂ ‘ਚ ਕੋਈ ਹੋਰ ਵਿਸ਼ਾ ਪੜ੍ਹਾਉਣਾ ਚਾਹੁੰਦਾ ਹੈ ਤਾਂ ਉਸ ਦੇ ਬਦਲੇ ਪੰਜਾਬੀ ਨੂੰ ਮਨਫ਼ੀ ਨਹੀਂ ਕਰਨਾ ਚਾਹੀਦਾ, ਸਗੋਂ ਨਾਲ-ਨਾਲ ਹੀ ਸ਼ੁਰੂ ਕੀਤਾ ਜਾ ਸਕਦਾ ਹੈ। 

ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀ ਮਾਂ-ਬੋਲੀ ਸਬੰਧੀ ਜਨਰਲ ਹਾਊਸ ਵਿਚ ਇਕ ਵਿਸ਼ੇਸ਼ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਵੱਖ-ਵੱਖ ਸੂਬਿਆਂ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਵਾਉਣ ਲਈ ਆਦੇਸ਼ ਕਰਨ ਦੀ ਅਪੀਲ ਵੀ ਕੀਤੀ ਜਾ ਚੁੱਕੀ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ