ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ

ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ

ਬਿਨਾਂ ਵਜ੍ਹਾ ਤੋਂ ਮਾਹੌਲ ਵਿਚ ਤਲਖੀ ਪੈਦਾ ਕਰਨ ਤੋਂ ਕੀਤਾ ਜਾਵੇ ਗੁਰੇਜ਼

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 7 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਬਿਨਾਂ ਵਜ੍ਹਾ ਤੋਂ ਮਾਹੌਲ ਵਿਚ ਤਲਖੀ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ। 

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਸਰਕਾਰ ਵਲੋਂ ਐਨ.ਐਸ.ਏ. ਲਗਾ ਕੇ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਕਰਨ ਦੇ ਖ਼ਿਲਾਫ਼ ਉਨ੍ਹਾਂ ਦੇ ਪਰਿਵਾਰਾਂ ਵਲੋੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਤਹਿਤ ਭਲ੍ਹਕੇ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਣ ਵਾਲੇ ਖ਼ਾਲਸਾ ਚੇਤਨਾ ਮਾਰਚ ਨੂੰ ਰੋਕਣ ਲਈ ਸਰਕਾਰ ਵਲੋਂ ਵਰਤੇ ਜਾ ਰਹੇ ਹਥਕੰਡੇ ਪੰਜਾਬ ਦੀ ਅਮਨ-ਸ਼ਾਂਤੀ ਵਾਲੇ ਮਾਹੌਲ ਦੇ ਹਿਤ ਵਿਚ ਨਹੀਂ ਹਨ। 

ਉਨ੍ਹਾਂ ਆਖਿਆ ਕਿ ਸਰਕਾਰ ਨੂੰ ਅਤੀਤ ਤੋਂ ਸਬਕ ਲੈਂਦਿਆਂ ਕੋਈ ਵੀ ਅਜਿਹੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਦੇ ਨਾਲ ਸਿੱਖਾਂ ਵਿਚ ਰੋਸ ਤੇ ਅਲਹਿਦਗੀ ਦੀ ਭਾਵਨਾ ਵੱਧਦੀ ਹੋਵੇ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਹੋਵੇ। ਉਨ੍ਹਾਂ ਆਖਿਆ ਕਿ ਪੁਲਿਸ ਦੇ ਬਲ ਦੀ ਦੁਰਵਰਤੋਂ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਪਰਿਵਾਰਾਂ ਵਲੋਂ ਚੁੱਕੀ ਜਾ ਰਹੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਦੁਆਰਾ ਵਰਤੀ ਜਾ ਰਹੀ ਜਬਰ ਦੀ ਨੀਤੀ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।