ਕਾਂਗਰਸ, ਅਕਾਲੀ ਦਲ ਅਤੇ ‘ਆਪ’ ਨੇਤਾ 32 ਕਿਸਾਨ ਜੱਥੇਬੰਦੀਆਂ ਨਾਲ ਕਰਨਗੇ ਗੱਲਬਾਤ

ਕਾਂਗਰਸ, ਅਕਾਲੀ ਦਲ ਅਤੇ ‘ਆਪ’ ਨੇਤਾ 32 ਕਿਸਾਨ ਜੱਥੇਬੰਦੀਆਂ ਨਾਲ ਕਰਨਗੇ ਗੱਲਬਾਤ

ਅੰਮ੍ਰਿਤਸਰ ਟਾਈਮਜ਼ ਬਿਉਰੋ

ਚੰਡੀਗੜ੍ਹ- 32 ਕਿਸਾਨ ਜੱਥੇਬੰਦੀਆਂ ਦੇ ਨੇਤਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਪੁੱਜਣਗੇ। ਇਸ ਦੌਰਾਨ ਪੰਜਾਬ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਨਾਲ ਜਨਤਕ ਸੰਵਾਦ ਕੀਤਾ ਜਾਵੇਗਾ। ਇਸ ਦੌਰਾਨ ਰਾਜਨੀਤਕ ਸੰਗਠਨਾਂ ਅਤੇ ਕਿਸਾਨ ਸੰਗਠਨਾਂ ਵਿਚ ਪੈਦਾ ਹੋ ਰਹੇ ਮੱਤਭੇਦਾਂ ਅਤੇ ਸ਼ੰਕਾਵਾਂ ’ਤੇ ਚਰਚਾ ਹੋਵੇਗੀ। ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਗੱਲ ਪੰਜਾਬ ਦੀ’ ਮੁਹਿੰਮ ’ਤੇ ਹੋਏ ਹਮਲੇ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਅਤੇ ਰਾਜਨੀਤਕ ਪਾਰਟੀਆਂ ਵਿਚ ਸਿੱਧੇ ਟਕਰਾਅ ਦੇ ਆਸਾਰ ਬਣ ਗਏ ਸਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਮੁਹਿੰਮ ਨੂੰ ਵਿਰਾਮ ਲਗਾਉਂਦੇ ਹੋਏ ਐਲਾਨ ਕੀਤਾ ਸੀ ਕਿ ਕਿਸਾਨ ਜੱਥੇਬੰਦੀਆਂ ਗੱਲਬਾਤ ਲਈ ਅੱਗੇ ਆਉਣ।ਇਸ ਕੜੀ ਵਿਚ ਹੁਣ ਕਿਸਾਨ ਜੱਥੇਬੰਦੀਆਂ ਨੇ ਰਾਜਨੀਤਕ ਪਾਰਟੀਆਂ ਨਾਲ ਸਿੱਧੇ ਆਹਮੋ-ਸਾਹਮਣੇ ਗੱਲਬਾਤ ਕਰਨ ਦੀ ਪਹਿਲ ਕੀਤੀ ਹੈ। ਬਕਾਇਦਾ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਨੂੰ ਕਿਸਾਨ ਜੱਥੇਬੰਦੀਆਂ ਵਲੋਂ ਸੱਦਾ ਭੇਜਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਮੁਤਾਬਕ ਕਿਸਾਨ ਜੱਥੇਬੰਦੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਮ ਸੱਦਾ ਭੇਜਿਆ ਹੈ, ਜਿਸਤੋਂ ਬਾਅਦ ਪਾਰਟੀ ਪ੍ਰਧਾਨ ਨੇ ਕੋਰ ਕਮੇਟੀ ਦੀ ਬੈਠਕ ਬੁਲਾਕੇ 4 ਸੀਨੀਅਰ ਨੇਤਾਵਾਂ ਨੂੰ ਗੱਲਬਾਤ ਦੀ ਡਿਊਟੀ ਸੌਂਪੀ ਹੈ। ਇਨ੍ਹਾਂ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹੋਣਗੇ।

ਨਵਜੋਤ ਸਿੱਧੂ ਪੰਜਾਬ ਕਾਂਗਰਸ ਵਲੋਂ ਕਿਸਾਨਾਂ ਨਾਲ ਕਰਨਗੇ ਗੱਲਬਾਤ

ਪੰਜਾਬ ਕਾਂਗਰਸ ਪਾਰਟੀ ਵਲੋਂ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਵਿਚ ਜਨਰਲ ਸਕੱਤਰ ਪਰਗਟ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਕਿਸਾਨਾਂ ਨਾਲ ਗੱਲਬਾਤ ਕਰਨਗੇ। ਪਰਗਟ ਸਿੰਘ ਮੁਤਾਬਕ ਕਾਂਗਰਸ ਦਾ ਸਟੈਂਡ ਸਾਫ਼ ਹੈ ਕਿ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਡਟਕੇ ਖੜ੍ਹੇ ਰਹਿਣਗੇ। ਹਾਲਾਂਕਿ ਪਾਰਟੀ ਦੀ ਅਗਲੀ ਰਣਨੀਤੀ ਕਿਸਾਨਾਂ ਨਾਲ ਗੱਲਬਾਤ ਤੋਂ ਬਾਅਦ ਹੀ ਸਾਫ਼ ਕੀਤੀ ਜਾਵੇਗੀ।

ਕੁਲਤਾਰ ਸਿੰਘ ਸੰਧਵਾਂ ‘ਆਪ’ ਵਲੋਂ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਲੋਂ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਕਿਸਾਨਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਨਾਲ ਪਾਰਟੀ ਨੇਤਾ ਬਲਜਿੰਦਰ ਕੌਰ, ਅਮਨ ਅਰੋੜਾ, ਜਗਤਾਰ ਸੰਘੇੜਾ ਮੌਜੂਦ ਰਹਿਣਗੇ। ਸੰਧਵਾਂ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।ਚੋਣਾਂ ਤੋਂ ਪਹਿਲਾਂ ਸਰਗਰਮ ਨਾ ਹੋਣ ਰਾਜਨੀਤਕ ਪਾਰਟੀਆਂ : ਸੰਯੁਕਤ ਕਿਸਾਨ ਮੋਰਚਾਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਜਗਮੋਹਨ ਸਿੰਘ ਪਟਿਆਲਾ ਅਤੇ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਗੱਲਬਾਤ ਦੌਰਾਨ ਰਾਜਨੀਤਕ ਪਾਰਟੀਆਂ ਨੂੰ ਚੋਣਾਂ ਦੇ ਐਲਾਨ ਤੋਂ ਪਹਿਲਾਂ ਸਰਗਰਮੀਆਂ ਨਾ ਕਰਨ ਲਈ ਕਿਹਾ ਜਾਵੇਗਾ।