ਤਖ਼ਤ ਕੇਸਗੜ੍ਹ ਸਾਹਿਬ ’ਚ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲਾ 

ਤਖ਼ਤ ਕੇਸਗੜ੍ਹ ਸਾਹਿਬ ’ਚ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲਾ 

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਸ਼ਚਾਤਾਪ ਵਜੋਂ ਪਾਠ ਦੇ ਭੋਗ ਪਾਏ

ਬੀਬੀ ਜਗੀਰ ਕੌਰ ਨੇ ਕਿਹਾ ਕਿ ਪੁਲੀਸ ਝੂਠੀ ਦੋਸ਼ੀ ਨਸ਼ੇੜੀ ਜਾਂ ਪਾਗਲ ਨਹੀਂ

*ਪੰਜ ਮੈਂਬਰੀ ਪੜਤਾਲੀਆ ਕਮੇਟੀ 25 ਸਤੰਬਰ ਨੂੰ ਆਪਣੀ ਰਿਪੋਰਟ  ਕਰੇਗੀ ਪੇਸ਼

ਅੰਮ੍ਰਿਤਸਰ ਟਾਈਮਜ਼

ਸ੍ਰੀ ਆਨੰਦਪੁਰ ਸਾਹਿਬ: ਤਖ਼ਤ ਕੇਸਗੜ੍ਹ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਬਾਅਦ ਜਿਥੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕੀਤੇ ਜਾ ਰਹੇ ਹਨ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਸਮੂਹ ਸਟਾਫ ਵੱਲੋਂ ਪਸ਼ਚਾਤਾਪ ਵਜੋਂ ਰੱਖੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੁਲੀਸ ਮੁਲਜ਼ਮ ਨੂੰ ਪਾਗਲ ਅਤੇ ਨਸ਼ੇੜੀ ਦੱਸ ਕੇ ਪਹਿਲਾਂ ਹੋਈਆਂ ਬੇਅਦਬੀਆਂ ਦੀ ਤਰ੍ਹਾਂ ਇਸ ਵਾਰ ਵੀ ਆਪਣਾ ਪੱਲਾ ਛੁਡਾਉਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਦਾ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਪੰਜ ਮੈਂਬਰੀ ਪੜਤਾਲੀਆ ਕਮੇਟੀ 25 ਸਤੰਬਰ ਨੂੰ ਆਪਣੀ ਰਿਪੋਰਟ ਪੇਸ਼ ਕਰੇਗੀ ਜੇ ਉਸ ਰਿਪੋਰਟ ਵਿੱਚ ਕਿਸੇ ਖ਼ਿਲਾਫ਼ ਅਣਗਹਿਲੀ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ ਵੀ ਕਾਰਵਾਈ ਕੀਤੀ ਜਾਵੇਗੀ।ਯਾਦ ਰਹੇ ਕਿ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਹਿਰਾਂ ਦੀ 5 ਮੈਂਬਰੀ ਪੜਤਾਲੀਆਂ ਕਮੇਟੀ ਦਾ ਗਠਿਤ ਕੀਤੀ ਹੈ । ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਸੀ ਕਿ ਕਮੇਟੀ 'ਚ ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਸੀਨੀਅਰ ਮੈਂਬਰ ਸਤਵਿੰਦਰ ਸਿੰਘ ਟੌਹੜਾ, ਗੁਰਬਖਸ਼ ਸਿੰਘ ਖ਼ਾਲਸਾ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਮੈਂਬਰ ਹਿਮਾਚਲ ਪ੍ਰਦੇਸ਼ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਪ੍ਰਤਾਪ ਸਿੰਘ ਸ਼ਾਮਿਲ ਹੋਣਗੇ । ਇਥੇ ਜਿਕਰਯੋਗ ਹੈ ਕਿ   ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੱਤਰ ਲਿਖ ਕੇ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸਿੱਖ ਵਿਦਵਾਨਾਂ-ਚਿੰਤਕਾਂ ਦੇ ਸੁਝਾਅ ਲੈ ਕੇ ਮਰਯਾਦਾ ਦੀ ਰੌਸ਼ਨੀ ਵਿਚ ਗੁਰੂ ਘਰਾਂ ਦੀ ਸੁਰੱਖਿਆ ਲਈ ਨਿਯਮਾਵਲੀ ਬਣਾਉਣ ਦੀ ਹਦਾਇਤ ਕੀਤੀ ਹੈ । ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸਮੂਹ ਮੈਨੇਜਰਾਂ ਤੇ ਪ੍ਰਬੰਧਕਾਂ ਨੂੰ ਸੁਰੱਖਿਆ ਦੇ ਸਖ਼ਤ ਇੰਤਜਾਮ ਕਰਨ ਲਈ ਆਦੇਸ਼ ਜਾਰੀ ਕੀਤੇ ਜਾਣ । ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਵਿਦਵਾਨਾਂ ਦੇ ਸੁਝਾਅ ਲੈ ਕੇ ਮਰਯਾਦਾ ਦੀ ਰੋਸ਼ਨੀ ਵਿਚ ਗੁਰੂ ਘਰਾਂ ਦੀ ਸੁਰੱਖਿਆ ਲਈ ਨਿਯਮਾਵਲੀ ਬਣਾਈ ਜਾਵੇ ਤੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦੇ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਇਸ਼ਤਿਹਾਰ, ਸਰਕੂਲਰ ਰਾਹੀਂ ਸਾਵਧਾਨੀ ਵਰਤਣ ਲਈ ਸੂਚਨਾ ਦਿੱਤੀ ਜਾਵੇ ।

  ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਪਿਆ ਦਿਲ ਦਾ ਦੌਰਾ 

          ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਗਿਆਨੀ ਰਘਬੀਰ ਸਿੰਘ ਦੇ ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਦਿਲ ਦੇ ਦੌਰੇ ਦਾ ਪਹਿਲਾ ਤੇ ਹਲਕਾ ਅਟੈਕ ਹੋਇਆ ਹੈ।ਦਸਿਆ ਜਾਂਦਾ ਹੈ ਕਿ ਉਹ ਅਨੰਦਪੁਰ ਸਾਹਿਬ ਵਿਚ ਬੇਅਦਬੀ ਕਾਰਣ ਦਬਾਅ ਵਿਚ ਸਨ।