ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾ਼ਸ਼ ਸਿੰਘ ਬਾਦਲ ਨੂੰ ਸੰਮਨ, 28 ਨਵੰਬਰ ਤੋਂ ਪਹਿਲਾਂ ਪੇਸ਼ ਹੋਣ ਦੇ ਹੁਕਮ

ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾ਼ਸ਼ ਸਿੰਘ ਬਾਦਲ ਨੂੰ ਸੰਮਨ, 28 ਨਵੰਬਰ ਤੋਂ ਪਹਿਲਾਂ ਪੇਸ਼ ਹੋਣ ਦੇ ਹੁਕਮ

ਮਾਮਲਾ ਬਾਦਲ ਦਲ ਦੀ ਮਾਨਤਾ ਰੱਦ ਕਰਵਾਉਣ ਦਾ ..                                               

ਅੰਮ੍ਰਿਤਸਰ ਟਾਈਮਜ਼

ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੂੰ ਹੁਸ਼ਿਆਰਪੁਰ ਦੀ ਇਕ ਅਦਾਲਤ ਨੇ ਸੰਮਨ ਜਾਰੀ ਕਰਕੇ 28 ਨਵੰਬਰ 2021 ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਮਾਮਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਦੋ ਸੰਵਿਧਾਨ ਰੱਖਣ ਦਾ ਹੈ ਜਿਸ ਸਬੰਧ ਵਿਚ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਤੇ ਸੱ਼਼ਕਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ।ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡਾ ਦਲਜੀਤ ਸਿੰਘ ਚੀਮਾ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ।ਜਦਕਿ ਮਾਮਲੇ ਵਿੱਚ ਗਵਾਹੀਆਂ ਦਰਜ ਕਰਵਾਉਣ ਤੋਂ ਪਹਿਲਾਂ ਤਿੰਨਾਂ ਮੁੱਖ ਵਿਅਕਤੀਆਂ ਦਾ ਅਦਾਲਤ ਵਿੱਚ ਪੇਸ਼ ਹੋਣਾ ਜ਼ਰੂਰੀ ਹੈ ਜਿਸ ਨੂੰ ਵੇਖਦਿਆਂ ਹੁਸ਼ਿਆਰਪੁਰ ਦੇ ਮਾਣਯੋਗ ਏ ਸੀ ਜੇ ਐੱਮ ਰੁਪਿੰਦਰ ਸਿੰਘ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਅਦਾਲਤ 'ਚ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਸ ਕੇਸ ਦੀ ਪੈਰਵਾਈ ਕਰ ਰਹੇ ਉੱਘੇ ਵਕੀਲ ਐਡਵੋਕੇਟ ਬੀ.ਐੱਸ.ਰਿਆੜ ਨੇ ਦੱਸਿਆ ਕਿ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਸਕੱਤਰ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਲੀਡਰਾਂ ਵਿਰੁੱਧ ਆਈ.ਪੀ.ਸੀ. ਦੀਆਂ ਧਾਰਾਵਾਂ 182, 199, 200, 420, 465, 466, 468, 471 ਅਤੇ 120ਬੀ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।ਇਸ ਸ਼ਿਕਾਇਤ ਵਿੱਚ ਲਾਏ ਦੋਸ਼ਾਂ ਦੇ ਸਿੱਧ ਹੋਣ ‘ਤੇ ਉਕਤ ਆਗੂਆਂ ਨੂੰ ਮਾਣਯੋਗ ਅਦਾਲਤ ਵੱਲੋਂ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ।ਸਰਦਾਰ ਖੇੜਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਜੁਰਮਾਂ ਲਈ 2 ਸਾਲ ਕੈਦ ਤੇ ਜੁਰਮਾਨਾ,7 ਸਾਲ ਕੈਦ ਤੇ ਜੁਰਮਾਨਾ,ਉਮਰ ਕੈਦ ਜਾਂ 10 ਸਾਲ ਕੈਦ ਤੇ ਜੁਰਮਾਨਾ ਦੀਆਂ ਸਜ਼ਾਵਾਂ ਹੋ ਸਕਦੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਬਾਦਲ ‘ਤੇ ਇਹ ਲੱਗੇ ਦੋਸ਼;

ਪਟੀਸ਼ਨ ਕਰਤਾਵਾਂ ਦਾ ਦੋਸ਼ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਪਾਰਟੀ ਵਜੋਂ ਮਾਨਤਾ ਹਾਸਿਲ ਕਰਨ ਲਈ ਭਾਰਤੀ ਚੋਣ ਕਮਿਸ਼ਨ ਨੂੰ ਝੂਠਾ ਹਲਫ਼ਨਾਮਾ ਦਿੱਤਾ, ਜਿਸ ਵਿੱਚ ਇਸ ਨੇ ਆਪਣੇ ਆਪ ਨੂੰ ਧਰਮ ਨਿਰਪੱਖ ਪਾਰਟੀ ਆਖਿਆ ਹੈ,ਜਦੋਂ ਕਿ ਇਹ ਪਾਰਟੀ ਪਹਿਲਾਂ ਤੋਂ ਹੀ ਗੁਰਦੁਆਰਾ ਚੋਣਾਂ ’ਚ ਹਿੱਸਾ ਲੈਂਦੀ ਆ ਰਹੀ ਹੈ ਅਤੇ ਗੁਰਦੁਆਰਾ ਕਮਿਸ਼ਨ ਨੂੰ ਇਸ ਵੱਲੋਂ ਜੋ ਸੰਵਿਧਾਨ ਦਰਜ ਕਰਾਇਆ ਹੋਇਆ ਹੈ, ਉਸ ‘ਚ ਆਪਣੇ ਆਪ ਨੂੰ ਪੰਥਕ ਪਾਰਟੀ ਦੱਸਿਆ ਹੋਇਆ ਹੈ। ਪਟੀਸ਼ਨ ਕਰਤਾਵਾਂ ਅਨੁਸਾਰ ਇਹ ਜਾਅਲਸਾਜ਼ੀ ਦਾ ਮਾਮਲਾ ਹੈ, ਜਿਸ ਕਰਕੇ ਇਸ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ।

ਚੋਟੀ ਦੇ ਲੀਡਰਾਂ ਨੂੰ ਬਣਾਇਆ ਹੈ ਪਾਰਟੀ;

ਜ਼ਿਕਰਯੋਗ ਹੈ ਕਿ ਪਟੀਸ਼ਨਰ ਵੱਲੋਂ ਆਪਣੀ ਪਟੀਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਚੋਟੀ ਦੀ ਲੀਡਰਸ਼ਿਪ ਨੂੰ ਪਾਰਟੀ ਬਣਾ ਕੇ ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਸਿੰਘ ਬਾਦਲ,ਸੁਖਦੇਵ ਸਿੰਘ ਢੀਂਡਸਾ,ਬਲਵਿੰਦਰ ਸਿੰਘ ਭੂੰਦੜ,ਰਣਜੀਤ ਸਿੰਘ ਬ੍ਰਹਮਪੁਰਾ,ਕ੍ਰਿਪਾਲ ਸਿੰਘ ਬਡੂੰਗਰ,ਡਾ.ਦਲਜੀਤ ਸਿੰਘ ਚੀਮਾ,ਮਹੇਸ਼ਇੰਦਰ ਸਿੰਘ ਗਰੇਵਾਲ,ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਖਿਲਾਫ ਬਹੁਤ ਹੀ ਗੰਭੀਰ ਕਿਸਮ ਦੇ ਇਲਜ਼ਾਮ ਲਗਾਏ ਗਏ ਸਨ।