ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਚਲ ਵਸੇ 

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਚਲ ਵਸੇ 

ਅੰਮ੍ਰਿਤਸਰ ਟਾਈਮਜ਼

ਸ੍ਰੀ ਅਨੰਦਪੁਰ ਸਾਹਿਬ : ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਇਸ ਦੁਨੀਆਂ 'ਵਿਚ ਨਹੀਂ ਰਹੇ। ਬੀਤੇ ਸੋਮਵਾਰ ਅੱਧੀ ਰਾਤ ਤਕਰੀਬਨ ਸਵਾ ਬਾਰਾਂ ਵਜੇ ਦਿਲ ਦੀ ਗਤੀ ਰੁਕ ਜਾਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ ਤੇ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਗੁਰਦੇ ਤਬਦੀਲ ਕਰਵਾਏ ਸਨ। 

ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਕੋਟੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ 'ਚ ਲੱਗੇ ਹੋਏ ਸਨ। ਉਨ੍ਹਾਂ ਲੰਬਾ ਸਮਾਂ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਵੀ ਸੇਵਾਵਾਂ ਨਿਭਾਈਆਂ। ਸਾਲ 1995 ਤੋਂ ਉਹ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਵੀ ਚਲੇ ਆ ਰਹੇ ਸਨ। ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ 'ਵਿਚ ਜੀਵਨ ਭਰ ਦਾ ਯੋਗਦਾਨ ਜ਼ਿਕਰਯੋਗ ਰਿਹਾ। ਉਹ ਆਪਣੇ ਪਿੱਛੇ ਧਰਮ ਪਤਨੀ, ਇਕ ਧੀ ਤੇ ਇਕ ਸਪੁੱਤਰ ਛੱਡ ਗਏ ਹਨ।

ਇਸ ਬੇਵਕਤੀ ਮੌਤ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਿੱਖ ਮਿਸ਼ਨਰੀ ਕਾਲਜ ਦੇ ਚੇਅਰਮੈਨ ਭਾਈ ਹਰਜੀਤ ਸਿੰਘ, ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।