ਸ਼੍ਰੋਮਣੀ ਕਮੇਟੀ ਸਾਕਾ ਪੰਜਾ ਸਾਹਿਬ ਸ਼ਤਾਬਦੀ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ  ਕਰੇਗੀ ਜਾਰੀ

ਸ਼੍ਰੋਮਣੀ ਕਮੇਟੀ ਸਾਕਾ ਪੰਜਾ ਸਾਹਿਬ ਸ਼ਤਾਬਦੀ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ  ਕਰੇਗੀ ਜਾਰੀ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ:ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਯਾਦਗਾਰੀ ਸਿੱਕਾ, ਡਾਕ ਟਿਕਟ, ਲਿਫਾਫਾ ਅਤੇ ਇਕ ਲੋਗੋ ਜਾਰੀ ਕਰਨ ਦੀ ਯੋਜਨਾ ਬਣਾਈ ਗਈ ਹੈ। ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਇਹ ਚੀਜ਼ਾਂ ਜਾਰੀ ਕੀਤੀਆਂ ਜਾਣਗੀਆਂ। ਪਹਿਲਾਂ ਮਨਾਈਆਂ ਸ਼ਤਾਬਦੀਆਂ ਵਾਂਗ ਇਸ ਸ਼ਤਾਬਦੀ ਮੌਕੇ ਵੀ ਸ਼੍ਰੋਮਣੀ ਕਮੇਟੀ ਵੱਡੇ ਪੱਧਰ ’ਤੇ ਸਮਾਗਮ ਕਰਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ 2019 ਵਿੱਚ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਸ਼ਤਾਬਦੀ ਸਮਾਗਮ ਦੌਰਾਨ ਵੀ ਯਾਦਗਾਰੀ ਸਿੱਕੇ ਜਾਰੀ ਕੀਤੇ ਗਏ ਸਨ। ਜਾਣਕਾਰੀ ਅਨੁਸਾਰ ਇਸ ਵਾਰ ਇਹ ਯਾਦਗਾਰੀ ਸਿੱਕੇ ਸੋਨੇ ਤੇ ਚਾਂਦੀ ਦੀ ਥਾਂ ਤਾਂਬੇ ਦੇ ਤਿਆਰ ਕੀਤੇ ਜਾਣਗੇ ਤਾਂ ਜੋ ਹਰੇਕ ਵਿਅਕਤੀ ਆਸਾਨੀ ਨਾਲ ਇਨ੍ਹਾਂ ਨੂੰ ਖਰੀਦ ਸਕੇ। ਸ਼ਤਾਬਦੀ ਸਮਾਗਮ ਪਾਕਿਸਤਾਨ ਵਿੱਚ ਕਰਵਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਛੇਤੀ ਹੀ ਇੱਕ ਵਫ਼ਦ ਪ੍ਰੋਗਰਾਮਾਂ ਦੀ ਰੂਪ-ਰੇਖਾ ਤੈਅ ਕਰਨ ਵਾਸਤੇ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸ਼ਤਾਬਦੀ ਸਬੰਧੀ ਮੁੱਖ ਸਮਾਗਮ 30 ਅਕਤੂਬਰ ਨੂੰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿੱਚ ਕਰਵਾਉਣ ਦੀ ਯੋਜਨਾ ਹੈ। ਸਮਾਗਮ ਦੀਆਂ ਤਿਆਰੀਆਂ ਸਬੰਧੀ ਪਾਕਿ ਜਾਣ ਵਾਲੇ ਸਿੱਖ ਵਫ਼ਦ ਵਿੱਚ ਸ਼ਾਮਲ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਇਸ ਸਬੰਧ ਵਿਚ ਪਾਕਿਸਤਾਨ ਸਰਕਾਰ ਵੱਲੋਂ ਹੁੰਗਾਰੇ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 28 ਅਕਤੂਬਰ ਨੂੰ ਗੁਰਦੁਆਰਾ ਪੰਜਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਨ ਤੇ 30 ਅਕਤੂਬਰ ਨੂੰ ਭੋਗ ਪਾਉਣ ਦੀ ਯੋਜਨਾ ਹੈ।