ਕਕਾਰਾਂ ਦੇ ਮਾਮਲੇ ਵਿਚ ਸਿੱਖਾਂ ਨਾਲ ਵਿਤਕਰਾ ਨਾ ਕੀਤਾ ਜਾਵੇ
ਪੰਥਕ ਤਾਲਮੇਲ ਸੰਗਠਨ ਤੇ ਪੰਥਕ ਅਸੈਂਬਲੀ ਦੇ ਆਗੂਆਂ ਨੇ ਕੇਂਦਰ ਦੇ ਨਾਮ ਦਿਤਾ ਮੰਗ ਪੱਤਰ
ਅੰਮ੍ਰਿਤਸਰ ਟਾਈਮਜ਼
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਪੰਥਕ ਤਾਲਮੇਲ ਸੰਗਠਨ ਅਤੇ ਪੰਥਕ ਅਸੈਂਬਲੀ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ ਕਿ ਪ੍ਰੀਖਿਆ ਕੇਂਦਰਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਜਨਤਕ ਥਾਵਾਂ ’ਤੇ ਭਵਿੱਖ ਵਿੱਚ ਸਿੱਖਾਂ ਨਾਲ ਕਕਾਰਾਂ ਦੇ ਮਾਮਲੇ ਸਬੰਧੀ ਕੋਈ ਵਿਤਕਰਾ ਨਾ ਕੀਤਾ ਜਾਵੇ।
ਸਿੱਖ ਜਥੇਬੰਦੀਆਂ ਵੱਲੋਂ ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਕੇਂਦਰੀ ਗ੍ਰਹਿ ਵਿਭਾਗ ਦੇ ਸਕੱਤਰ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ। ਇਸ ਸਬੰਧੀ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਸਿੱਖ ਆਗੂ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਇਹ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਇਸ ਮੰਗ ਪੱਤਰ ’ਤੇ ਜਸਵਿੰਦਰ ਸਿੰਘ ਐਡਵੋਕੇਟ, ਸੁਖਦੇਵ ਸਿੰਘ ਭੌਰ ਅਤੇ ਨਵਕਿਰਨ ਸਿੰਘ ਐਡਵੋਕੇਟ ਦੇ ਦਸਤਖ਼ਤ ਹਨ। ਸਿੱਖ ਆਗੂਆਂ ਨੇ ਆਖਿਆ ਕਿ ਸੰਵਿਧਾਨ ਦੀ ਧਾਰਾ 25 ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਅਤੇ ਰੱਖਣ ਦਾ ਕਾਨੂੰਨੀ ਹੱਕ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਕਕਾਰ ਪਹਿਨਣ ਦੇ ਇਸ ਕਾਨੂੰਨੀ ਹੱਕ ਨੂੰ ਵਿਦਿਅਕ ਸੰਸਥਾਵਾਂ ਅਤੇ ਜਨਤਕ ਥਾਵਾਂ ’ਤੇ ਲਾਗੂ ਕਰਵਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨਾਲ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਾਬਕਾ ਜਥੇਦਾਰ ਨੂੰ 8 ਸਤੰਬਰ ਨੂੰ ਮੈਟਰੋ ਸਟੇਸ਼ਨ ਸੈਕਟਰ-21, ਦੁਆਰਕਾ, ਦਿੱਲੀ ਵਿੱਚ ਗਾਤਰੇ ਵਿੱਚ ਪਹਿਨੀ ਕਿਰਪਾਨ ਸਮੇਤ ਸਫ਼ਰ ਕਰਨ ਤੋਂ ਰੋਕ ਦਿੱਤਾ ਗਿਆ ਸੀ।
Comments (0)