ਮੂਸੇਵਾਲਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ : ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਵਚਨਬੱਧਤਾ ਦੁਹਰਾਈ
ਅੰਮ੍ਰਿਤਸਰ ਟਾਈਮਜ਼
ਪਠਾਨਕੋਟ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਬਹੁਤ ਗੰਭੀਰ ਹੈ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਸਰਕਾਰ ਵਚਨਬੱਧ ਹੈ। ਉਹ ਸਿੱਧੂ ਮੂਸੇਵਾਲ ਦੇ ਪਿਤਾ ਬਲਕੌਰ ਸਿੰਘ ਵੱਲੋਂ ਬੀਤੇ ਦਿਨ ਪੰਜਾਬ ਸਰਕਾਰ ਨੂੰ 25 ਨਵੰਬਰ ਤੱਕ ਦੇ ਦਿੱਤੇ ਗਏ ਅਲਟੀਮੇਟਮ ਬਾਰੇ ਪੁੱਛੇ ਪਤਰਕਾਰਾਂ ਵਲੋਂ ਸਵਾਲ ਦਾ ਜਵਾਬ ਦੇ ਰਹੇ ਸਨ।ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਜਿੰਨੇ ਵੀ ਗੈਂਗਸਟਰ ਸ਼ਾਮਲ ਸਨ ਜਾਂ ਉਨ੍ਹਾਂ ਨਾਲ ਜੋ ਸਾਜ਼ਿਸ਼ਘਾੜੇ ਜੁੜੇ ਹੋਏ ਸਨ, ਉਹ ਸਾਰੇ ਪਹਿਲਾਂ ਹੀ ਫੜੇ ਜਾ ਚੁੱਕੇ ਹਨ ਅਤੇ ਉਨ੍ਹਾਂ ਦਾ ਚਲਾਨ ਵੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। 1-2 ਸਾਜ਼ਿਸ਼ਘਾੜੇ ਕੈਨੇਡਾ ਵਿੱਚ ਪਨਾਹ ਲਈ ਬੈਠੇ ਹਨ, ਜਿਨ੍ਹਾਂ ਬਾਰੇ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਲਈ ਸੂਬਾ ਸਰਕਾਰ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਇੱਥੇ ਲਿਜਾਂਦਾ ਜਾ ਸਕੇ। ਇਸ ਕਰਕੇ ਸਰਕਾਰ ਵੱਲੋਂ ਕੋਈ ਵੀ ਕਮੀ ਨਹੀਂ ਹੈ ਤੇ ਨਾ ਹੀ ਉਹ ਇਨਸਾਫ ਦੇਣ ਲਈ ਕਿਸੇ ਪੱਖ ਤੋਂ ਕੋਈ ਦੇਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੋਈ ਸੁਰਾਗ਼ ਮਿਲਦਾ ਹੈ, ਉਥੇ ਹੀ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਗ੍ਰਿਫ਼ਤਾਰੀ ਕੀਤੀ ਜਾਂਦੀ ਹੈ।
ਆਈਜੀ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ
ਪੰਜਾਬ ਸਰਕਾਰ ਵੱਲੋਂ ਆਈਜੀ ਜਸਕਰਨ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ ਤੇ ਗਾਇਕ ਦੇ ਕਤਲ ਕੇਸ ’ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਤਰ੍ਹਾਂ ਦਾ ਭਰੋਸਾ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲੀਸ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਤਸੱਲੀ ਦਿਵਾਉਣ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਨਾਲ ਵੀ ਗੱਲ ਕਰਵਾਉਣ ਦਾ ਜ਼ਿਕਰ ਕੀਤਾ ਗਿਆ, ਪਰ ਗੱਲ ਹੋ ਨਹੀਂ ਸਕੀ। ਮੂਸੇਵਾਲਾ ਕਤਲ ਕੇਸ ਦੀ ਜਾਂਚ ਲਈ ਬਣੀ ਸਿਟ ਦੇ ਚੇਅਰਮੈਨ ਆਈਜੀ ਜਸਕਰਨ ਸਿੰਘ ਨੇ ਲਗਭਗ 6 ਘੰਟੇ ਉਨ੍ਹਾਂ ਦੇ ਘਰ ਬਿਤਾਏ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਦੇ ਪੁੱਤ ਦੇ ਕਤਲ ਦਾ ਮੁੱਖ ਸਾਜ਼ਿਸ਼ਘਾੜਾ ਨਹੀਂ ਫੜਿਆ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਕੇਸ ਦੇ ਸਾਰੇ ਮੁਲਜ਼ਮ ਫੜਨ ਦਾ ਦਾਅਵਾ ਕੀਤਾ ਗਿਆ ਹੈ, ਪਰ ਅਸਲ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਦੂਰ ਬੈਠਾ ਹੈ। ਪੱਤਰਕਾਰਾਂ ਨੇ ਜਦੋਂ ਆਈਜੀ ਵੱਲੋਂ ਦਿੱਤੇ ਭਰੋਸਾ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵਿਸ਼ਵਾਸ ਦਿੰਦਾ ਹੈ ਤਾਂ ਉਹ ਉਸ ਨਾਲ ਸਹਿਮਤ ਹੋ ਜਾਂਦੇ ਹਨ, ਪਰ ਕਾਰਵਾਈ ਉਥੇ ਹੀ ਖੜ੍ਹੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲੀਸ ਇਨਸਾਫ਼ ਦੇਣ ਤੋਂ ਭੱਜੇਗੀ ਤਾਂ ਉਹ ਧਰਨੇ-ਮੁੁਜ਼ਾਹਰੇ ਵੀ ਕਰਨਗੇ।
‘
Comments (0)