ਖਹਿਰਾ ਵਿਧਾਨ ਸਭਾ ਵਿਚ ਚੁਕਣਗੇ  ਮੁੱਦਾ ਕਿ ਪੰਜਾਬ ਵਿਚ ਬਾਹਰੀ ਸੂਬਿਆਂ ਵਾਲੇ ਜ਼ਮੀਨ-ਜਾਇਦਾਦ ਨਾ ਖਰੀਦਣ

ਖਹਿਰਾ ਵਿਧਾਨ ਸਭਾ ਵਿਚ ਚੁਕਣਗੇ  ਮੁੱਦਾ ਕਿ ਪੰਜਾਬ ਵਿਚ ਬਾਹਰੀ ਸੂਬਿਆਂ ਵਾਲੇ ਜ਼ਮੀਨ-ਜਾਇਦਾਦ ਨਾ ਖਰੀਦਣ

ਅੰਮ੍ਰਿਤਸਰ ਟਾਈਮਜ਼ ਬਿਊਰੋ

ਜਲੰਧਰ -ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਅਜਿਹਾ ਬਿੱਲ ਲਿਆਉਣ ਜਾ ਰਹੇ ਹਨ। ਜਿਸ ਤਹਿਤ ਪੰਜਾਬ ਰਾਜ ਵਿੱਚ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਾਂਗ ਪੰਜਾਬ ਵਿੱਚ ਬਾਹਰੋਂ ਆਉਣ ਵਾਲਾ ਕੋਈ ਵੀ ਵਿਅਕਤੀ ਸੂਬੇ ਵਿੱਚ ਜ਼ਮੀਨ ਨਹੀਂ ਖਰੀਦ ਸਕਦਾ। ਖਹਿਰਾ ਨੇ ਦੱਸਿਆ ਕਿ ਉਹ ਇਸ ਬਿੱਲ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਣ ਲਈ ਬਿੱਲ ਬਹੁਤ ਮਹੱਤਵਪੂਰਨ ਹੈ। ਕਿਉਂਕਿ ਪੰਜਾਬ ਤੋਂ ਲੋਕ ਵੱਡੀ ਗਿਣਤੀ ਵਿਚ ਵਿਦੇਸ਼ਾਂ ਵਿਚ ਜਾ ਰਹੇ ਹਨ ਅਤੇ ਆਉਣ ਵਾਲੇ ਕੁਝ ਸਾਲਾਂ ਵਿੱਚ ਇਹ ਸਥਿਤੀ ਗੰਭੀਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਅਜਿਹਾ ਕਾਨੂੰਨ ਹੈ ਕਿ ਉੱਥੇ ਕੋਈ ਵੀ ਕਾਰੋਬਾਰ ਕਰਨ ਲਈ ਸਥਾਨਕ ਵਿਅਕਤੀ ਨੂੰ ਹਿੱਸੇਦਾਰ ਬਣਾਉਣਾ ਪੈਂਦਾ ਹੈ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਵਿੱਚ ਅਜਿਹਾ ਕਾਨੂੰਨ ਬਣਾਉਣ ਲਈ ਕਿਹਾ ਕਿ ਦੂਜੇ ਰਾਜਾਂ ਤੋਂ ਆ ਕੇ ਪੰਜਾਬ ਵਿੱਚ ਕਾਰੋਬਾਰ ਕਰਨ ਵਾਲੇ ਵਿਅਕਤੀ ਨੂੰ ਪੰਜਾਬ ਦੇ ਕਿਸੇ ਵਿਅਕਤੀ ਨੂੰ ਆਪਣਾ ਭਾਈਵਾਲ ਬਣਾਉਣਾ ਪਵੇ। ਉਨ੍ਹਾਂ ਕਿਹਾ ਕਿ ਇਹ ਬਿੱਲ ਉਨ੍ਹਾਂ ਦਾ ਨਿੱਜੀ ਬਿੱਲ ਨਹੀਂ ਹੋਵੇਗਾ, ਇਹ ਕਾਂਗਰਸ ਪਾਰਟੀ ਵੱਲੋਂ ਬਿੱਲ ਹੋਵੇਗਾ, ਜਿਸ ਲਈ ਉਨ੍ਹਾਂ ਨੇ ਕਾਂਗਰਸ ਦੇ ਬਹੁਗਿਣਤੀ ਵਿਧਾਇਕਾਂ ਤੋਂ ਮਨਜ਼ੂਰੀ ਲਈ ਹੈ।