ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਸੰਪੂਰਨ ਹੋਣ ਉਪਰੰਤ ਚੌਂਕ ਸੰਗਤ ਨੂੰ ਸਮਰਪਿਤ 

ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਸੰਪੂਰਨ ਹੋਣ ਉਪਰੰਤ ਚੌਂਕ ਸੰਗਤ ਨੂੰ ਸਮਰਪਿਤ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 26 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਚਾਂਦਨੀ ਚੌਂਕ ਵਿਖੇ ਸਥਿਤ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨ ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਸੰਪੂਰਨ ਹੋਣ ਉਪਰੰਤ ਆਨੰਦ ਸਾਹਿਬ ਦਾ ਪਾਠ ਕਰ ਕੇ ਤੇ ਅਰਦਾਸ ਕਰ ਕੇ ਇਹ ਚੌਂਕ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਕਾਰਜ ਦੀ ਸੇਵਾ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਤੇ ਉਹਨਾਂ ਦੀ ਟੀਮ ਨੇ ਸੰਪੂਰਨ ਕੀਤਾ।ਇਸ ਤੋਂ ਪਹਿਲਾਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਮਾਗਮ ਹੋਇਆ ।ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦੁਨੀਆਂ ਦਾ ਸਭ ਤੋਂ ਵੱਡਾ ਇਤਿਹਾਸ ਇਸ ਅਸਥਾਨ ’ਤੇ ਰਚਿਆ ਗਿਆ ਜਿਥੇ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਸ਼ਹਾਦਤ ਦਿੱਤੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਸੇਵਕਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਨੇ ਵੀ ਆਪਣੀਆਂ ਸ਼ਹਾਦਤਾਂ ਦਿੱਤੀਆਂ ਤੇ ਮੁਗਲਾਂ ਦੀ ਈਨ ਨਹੀਂ ਮੰਨੀ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਸ ਭਾਈ ਮਤੀ ਦਾਸ ਚੌਂਕ ਦਾ ਸੁੰਦਰੀਕਰਨ ਤੇ ਨਵੀਨੀਕਰਨ ਕੀਤਾ ਗਿਆ ਜਿਸਦੀ ਸੇਵਾ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਤੇ ਉਹਨਾਂ ਦੀ ਟੀਮ ਨੇ ਕੀਤੀ ਹੈ। ਉਹਨਾਂ ਇਹ ਵੀ ਦੱਸਿਆ ਕਿ ਬਾਬਾ ਬਚਨ ਸਿੰਘ ਜੀ ਦੀ ਟੀਮ ਦਿੱਲੀ ਗੁਰਦੁਆਰਾ ਕਮੇਟੀ ਦੇ ਹੋਰ ਅਨੇਕਾਂ ਕਾਰਜਾਂ ਨੂੰ ਮੁਕੰਮਲ ਕਰਨ ਵਿਚ ਲੱਗੇ ਹੋਏ ਹਨ।

ਉਹਨਾਂ ਦਿੱਲੀ ਫਤਿਹ ਦਿਵਸ ਬਾਰੇ ਦੱਸਿਆ ਕਿ ਇਸ ਵਾਰ ਇਹ ਪ੍ਰੋਗਰਾਮ 8 ਅਤੇ 9 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਹੋਵੇਗਾ। 8 ਤਾਰੀਕ ਨੂੰ ਕੀਰਤਨ ਦਰਬਾਰ ਹੋਵੇਗਾ ਤੇ 9 ਅਪ੍ਰੈਲ ਨੂੰ ਖਾਲਸਾ ਜਰਨੈਲੀ ਮਾਰਚ ਹੋਵੇਗਾ ਜੋ ਕੌੜੀਆ ਪੁੱਲ ਤੋਂ ਸ਼ੁਰੂ ਹੋਵੇਗਾ। ਇਸ ਉਪਰੰਤ ਸਟੇਜ ਸ਼ੋਅ ਹੋਵੇਗਾ ਜਿਸ ਵਿਚ ਗਤਕੇ ਦੇ ਜੌਹਰ ਤੇ ਢਾਡੀ ਪ੍ਰਸੰਗ ਹੋਣਗੇ। ਉਹਨਾਂ ਦੱਸਿਆ ਕਿ ਇਸ ਵਾਰ ਦੇ ਪ੍ਰੋਗਰਾਮ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਸ਼ਤਾਬਦੀ ਤੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ 6 ਅਪ੍ਰੈਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਜੋ ਪੰਜਾਬ ਵਿਚ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਮੰਜੀ ਸਾਹਿਬ ਵਿਖੇ ਠਹਿਰੇਗਾ ਤੇ ਅਗਲੇ ਦਿਨ 7 ਅਪ੍ਰੈਲ ਨੂੰ ਦਿੱਲੀ ਵਿਚ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆਪ ਕੇ ਸੰਪਰੂਨ ਹੋਵੇਗਾ।ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।