ਜਥੇਦਾਰਾਂ ਵੱਲੋਂ ਦੀਵਾਲੀ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼

ਜਥੇਦਾਰਾਂ ਵੱਲੋਂ ਦੀਵਾਲੀ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼

*ਜਥੇਦਾਰ ਹਰਪ੍ਰੀਤ ਸਿੰਘ ਨੇ ਧਰਮ ਪਰਿਵਰਤਨ ’ਤੇ  ਪ੍ਰਗਟਾਈ ਚਿੰਤਾ ਤੇ ਕਿਹਾ ਕਿ ਸਿੱਖ ਕੌਮ ਬੰਦੀ ਸਿੱਖਾਂ ਦੀ ਰਿਹਾਈ ਲਈ  ਸਰਕਾਰ ’ਤੇ  ਦਬਾਅ ਬਣਾਵੇ     

 *ਭਾਈ ਮੰਡ ਨੂੰ ਪੁਲੀਸ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਨਹੀਂ ਜਾਣ ਦਿੱਤਾ

*ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ  ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ: ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਦੋ ਜਥੇਦਾਰਾਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤੇ ਗਏ ਹਨ। ਭਾਈ ਮੰਡ ਨੂੰ ਪੁਲੀਸ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਨਹੀਂ ਜਾਣ ਦਿੱਤਾ, ਜਿਸ ਕਾਰਨ ਉਨ੍ਹਾਂ ਬਾਹਰੋਂ ਹੀ ਸੰਦੇਸ਼ ਜਾਰੀ ਕੀਤਾ। ਇਸ ਦਿਵਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕਈ ਬੰਦੀ ਸਿੱਖ ਅਜਿਹੇ ਹਨ, ਜਿਨ੍ਹਾਂ ਦੀਆਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਭਾਰਤ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ। ਸਿੱਖ ਕੌਮ ਉਨ੍ਹਾਂ ਦੀ ਰਿਹਾਈ ਲਈ ਭਾਰਤ ਸਰਕਾਰ ’ਤੇ ਕੌਮੀ ਪੱਧਰ ਦਾ ਦਬਾਅ ਬਣਾਵੇ। ਉਨ੍ਹਾਂ ਲਾਲਚ ਵੱਸ ਕੀਤੇ ਜਾ ਰਹੇ ਧਰਮ ਪਰਿਵਰਤਨ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ, ‘‘ਕੌਮ ਇਸ ਪ੍ਰਤੀ ਸੁਚੇਤ ਹੋਵੇ। ਸਿੱਖ ਸੰਸਥਾਵਾਂ ਅਜਿਹੇ ਪ੍ਰੋਗਰਾਮ ਉਲੀਕਣ।ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ  ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿਤੀਆਂ।ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰ੍ਹਾਂ ਰੁਸ਼ਨਾਇਆ ਗਿਆ ਸੀ ਅਤੇ ਕੁਝ ਮਿੰਟਾਂ ਲਈ ਆਤਿਸ਼ਬਾਜ਼ੀ ਵੀ ਕੀਤੀ ਗਈ। ਪਰੰਪਰਾ ਮੁਤਾਬਕ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ।ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸੂਚਨਾ ਕੇਂਦਰ ਨੇੜੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਿੱਖ ਕੌਮ ਨੂੰ ਸੱਦਾ ਦਿੱਤਾ ਕਿ ਇਕ ਨਵੀਂ ਪੰਥਕ ਸਫ਼ਬੰਦੀ ਕੀਤੀ ਜਾਵੇ ਅਤੇ ਪੰਥਕ ਜਜ਼ਬਾਤ ਦੀ ਤਰਜਮਾਨੀ ਕਰਨ ਵਾਲੇ ਆਗੂਆਂ ਨੂੰ ਪੰਥ ਦੀ ਅਗਵਾਈ ਵਾਸਤੇ ਅੱਗੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰਾਂ ਕੋਲੋਂ ਨਾ ਤਾਂ ਬੇਅਦਬੀ ਮਾਮਲੇ ਵਿੱਚ ਇਨਸਾਫ਼ ਮਿਲਿਆ ਹੈ ਅਤੇ ਨਾ ਹੀ ਜੇਲ੍ਹਾਂ ਵਿੱਚ ਬੰਦੀ ਸਿੱਖ ਰਿਹਾਅ ਕੀਤੇ ਗਏ ਹਨ।

ਕਿਸਾਨ ਵੀ ਇੱਕ ਸਾਲ ਤੋਂ ਨਿਆਂ ਮੰਗਦੇ ਹੋਏ ਸੜਕਾਂ ’ਤੇ ਰੁਲ ਰਹੇ ਹਨ। ਸਿੱਖ ਪੰਥ ਨੇ ਪੰਜਾਬ ਦੇ ਹੱਕ ਮੰਗਦਿਆਂ ਵੱਡਾ ਨੁਕਸਾਨ ਝੱਲਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਫ਼ੈਸਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਸਮੁੱਚੀ ਕੌਮ ਨੂੰ ਖ਼ਾਲਸਈ ਨਿਸ਼ਾਨ ਹੇਠਾਂ ਇਕੱਠੇ ਹੋਣਾ ਚਾਹੀਦਾ ਹੈ, ਤਾਂ ਜੋ ਕੌਮ ਆਪਣਾ ਏਜੰਡਾ ਬਣਾ ਸਕੇ ਅਤੇ ਉਸਦੀ ਪ੍ਰਾਪਤੀ ਲਈ ਸੰਘਰਸ਼ ਕਰ ਸਕੇ।

ਜਥੇਦਾਰ ਹਵਾਰਾ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ

ਹਵਾਰਾ ਕਮੇਟੀ ਨੇ ਬੰਦੀ ਛੋੜ ਦਿਵਸ ਤੋਂ ਇੱਕ ਦਿਨ ਪਹਿਲਾਂ ਹੀ  ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਦਿੱਤਾ ਹੈ। ਸਾਬਕਾ ਪੰਜ ਪਿਆਰਿਆਂ ਵਿਚੋਂ ਭਾਈ ਸਤਨਾਮ ਸਿੰਘ ਝੰਜੀਆਂ ਨੇ ਇਹ ਸੰਦੇਸ਼ ਪੜ੍ਹਿਆ। ਸੰਦੇਸ਼ ਵਿਚ ਉਨ੍ਹਾਂ ਬੰਦੀ ਛੋੜ ਦਿਵਸ ਦਾ ਜ਼ਿਕਰ ਕਰਦਿਆਂ ਇਤਿਹਾਸ ਤੋਂ ਸੇਧ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਸ ਵੇਲੇ ਵੀ ਹਾਕਮਾਂ ਨੂੰ ਅਕਾਲ ਤਖਤ ਅਤੇ ਦਰਬਾਰ ਸਾਹਿਬ ਦੀ ਹੋਂਦ ਚੁਭਦੀ ਸੀ ਅਤੇ ਅੱਜ ਵੀ ਦਿੱਲੀ ਦੇ ਹਾਕਮਾਂ ਨੂੰ ਇਹ ਬਰਦਾਸ਼ਤ ਨਹੀਂ। ਕੋਈ ਇਸ ਨੂੰ ਇਮਾਰਤ ਸਮਝ ਕੇ ਹਮਲਾ ਕਰ ਰਿਹਾ ਅਤੇ ਕੋਈ ਸਿਧਾਂਤ ਨੂੰ ਢਾਹ ਲਾ ਰਿਹਾ ਹੈ। ਇਸ ਦੁਖਦਾਈ ਵਰਤਾਰੇ ਲਈ ਸਿਰਫ ਸਿੱਖ ਕੌਮ ਦੇ ਸਿਆਸੀ ਤੇ ਧਾਰਮਿਕ ਆਗੂ ਹੀ ਨਹੀਂ ਸਿੱਖਾਂ ਦਾ ਅਵੇਸਲਾਪਣ ਵੀ ਜ਼ਿੰਮੇਵਾਰ ਹੈ। ਕਿਸਾਨ ਸੰਘਰਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਲਖੀਮਪੁਰ ਖੀਰੀ ਘਟਨਾ ਬਾਰੇ ਆਖਿਆ ਕਿ ਇਸ ਰਾਹੀਂ ਲੋਕਾਂ ਦੀ ਆਵਾਜ਼ ਨੂੰ ਜ਼ੁਲਮ ਦੀ ਤਾਕਤ ਨਾਲ ਦਬਾਇਆ ਜਾ ਰਿਹਾ ਹੈ। ਬੇਅਦਬੀ ਮਾਮਲਿਆਂ ਵਿਚ ਇਨਸਾਫ ਨਾ ਮਿਲਣ ਕਾਰਨ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ’ਤੇ ਆਪਸੀ ਦੂਰੀਆਂ ਖਤਮ ਕਰਨ ਦੀ ਲੋੜ ਹੈ।