ਵਿਸਾਖੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੋ ਸ਼੍ਰੋਮਣੀ ਕਮੇਟੀ ਨੇ ਪ੍ਰੋ. ਭੁੱਲਰ ਬਾਰੇ ਮਾਮਲਾ ਉਠਾਇਆ
ਅੰਮ੍ਰਿਤਸਰ ਟਾਈਮਜ਼ ਬਿਊਰੋ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜੋ ਅਜੇ ਤਕ ਅਮਲ ਵਿਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਅੜਿੱਕਾ ਬਣੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕੇਜਰੀਵਾਲ ਸਿੱਖਾਂ ਨੂੰ ਕਦੇ ਵੀ ਇਨਸਾਫ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਸਿੱਖ ਹਮਾਇਤੀ ਹੁੰਦਾ ਤਾਂ ਉਹ ਪ੍ਰੋ. ਭੁੱਲਰ ਦੀ ਰਿਹਾਈ ਵਿਚ ਹਾਂ ਪੱਖੀ ਫੈਸਲਾ ਲੈਂਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁਦ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪ੍ਰੋ. ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਕੈਦੀ ਜੋ ਲਗਪਗ 30-30 ਸਾਲ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
Comments (0)