ਮਾੜੀ ਕਾਰਗੁਜ਼ਾਰੀ ਕਾਰਣ ਸ਼੍ਰੋਮਣੀ ਕਮੇਟੀ ਦੇ ਕਾਲਜ ਬੰਦ ਹੋਏ: ਭਾਈ ਰਣਜੀਤ ਸਿੰਘ

ਮਾੜੀ ਕਾਰਗੁਜ਼ਾਰੀ ਕਾਰਣ ਸ਼੍ਰੋਮਣੀ ਕਮੇਟੀ ਦੇ ਕਾਲਜ ਬੰਦ ਹੋਏ:  ਭਾਈ ਰਣਜੀਤ ਸਿੰਘ

 

ਅੰਮ੍ਰਿਤਸਰ ਟਾਈਮਜ਼ ਬਿਊਰੋ

ਅਮਲੋਹ- ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਪੰਥਕ ਅਕਾਲੀ ਲਹਿਰ ਅਧੀਨ ਰੱਖੀ ਇੱਕ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾੜੀ ਕਾਰਗੁਜ਼ਾਰੀ ਕਾਰਨ ਅੱਜ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ 11 ਕਾਲਜ ਤੇ 37 ਸਕੂਲ ਬੰਦ ਹੋ ਚੁੱਕੇ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ’ਤੇ ਬਾਦਲ ਪਰਿਵਾਰ ਦਾ ਕਬਜ਼ਾ ਹੋਣ ਕਾਰਨ ਅੱਜ ਇਸ ਦੀ ਹਾਲਤ ਤਰਸਯੋਗ ਬਣ ਗਈ ਹੈ, ਜਿਸ ਕਾਰਨ ਪੂਰੇ ਪੰਜਾਬ ਵਿੱਚ ਪੰਥਕ ਅਕਾਲੀ ਲਹਿਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਲਈ ਸਿੱਖ ਕੌਮ ਨੂੰ ਇਸ ਲਹਿਰ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਅਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਵਿੱਚ ਵੱਡੀ ਪੱਧਰ ’ਤੇ ਬੇਨਿਯਮੀਆਂ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਵਾਰ-ਵਾਰ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਬਦਲਾਅ ਦੇ ਰੁਖ਼ ਵਿੱਚ ਹੈ, ਇਸ ਲਈ ਸਾਨੂੰ ਵੀ ਵਧ-ਚੜ੍ਹ ਕੇ ਸਾਥ ਦੇਣਾ ਚਾਹੀਦਾ ਹੈ।