ਦਰਬਾਰ ਸਾਹਿਬ ਦੇ ਮੁੱਖ ਦੁਆਰਾਂ ’ਤੇ ਲੱਗਾਈਆਂ ਜਾਣਗੀਆਂ ਸਕੈਨਿੰਗ ਮਸ਼ੀਨਾਂ

ਦਰਬਾਰ ਸਾਹਿਬ ਦੇ ਮੁੱਖ ਦੁਆਰਾਂ ’ਤੇ ਲੱਗਾਈਆਂ ਜਾਣਗੀਆਂ ਸਕੈਨਿੰਗ ਮਸ਼ੀਨਾਂ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤੇ ਅਹਿਮ ਫੈਸਲੇ 

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿੱਚ ਸੁਰੱਖਿਆ ਵਧਾਉਣ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰ ਦੇ ਮੁੱਖ ਦਰਵਾਜ਼ਿਆਂ ਤੇ ਸਕੈਨਿੰਗ ਮਸ਼ੀਨਾਂ ਲਾਉਣ ਦਾ ਫੈ਼ਸਲਾ ਕੀਤਾ ਗਿਆ ਹੈ। ਇਹ ਫੈ਼ਸਲਾ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪੁੱਜਦੀ ਹੈ। ਇਥੇ ਸੁਰੱਖਿਆ ਪ੍ਰਬੰਧ ਹੋਰ ਵਧਾਉਂਦੇ ਹੋਏ ਹੁਣ ਸਕੈਨਿੰਗ ਮਸ਼ੀਨਾਂ ਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਵਿਅਕਤੀ ਪਾਬੰਦੀਸ਼ੁਦਾ ਵਸਤੂ ਅੰਦਰ ਨਾ ਲਿਆ ਸਕੇ। ਇਸ ਮੌਕੇ ਉਨ੍ਹਾਂ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਦੇ ਠਹਿਰਨ ਲਈ ਨਵੀਆਂ ਸਰਾਵਾਂ ਬਣਾਉਣ ਦੀ ਲੋੜ ਤੇ ਵੀ ਜ਼ੋਰ ਦਿੱਤਾ। ਇਸ ਸਬੰਧੀ ਕਮੇਟੀ ਨੇ ਸ਼ਹਿਰ ਵਿੱਚ ਨਗਰ ਨਿਗਮ ਦੀ ਹੱਦ ਤੋਂ ਬਾਹਰ, ਖਾਸਕਰ ਜੀਟੀ ਰੋਡ ਤੇ ਜ਼ਮੀਨ ਖਰੀਦਣ ਦਾ ਫੈ਼ਸਲਾ ਲਿਆ ਹੈ। ਇਸ ਕੰਮ ਲਈ ਇਕ ਸਬ-ਕਮੇਟੀ ਸਥਾਪਤ ਕੀਤੀ ਗਈ ਹੈ, ਜੋ ਜ਼ਮੀਨ ਦੀ ਤਲਾਸ਼ ਕਰਕੇ ਆਪਣੀ ਰਿਪੋਰਟ ਦੇਵੇਗੀ।

ਇਸ ਮੌਕੇ ਕਬੱਡੀ ਤੇ ਹਾਕੀ ਅਕੈਡਮੀਆਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਵੀ ਇੱਕ ਸਬ-ਕਮੇਟੀ ਬਣਾਈ ਗਈ। ਉਨ੍ਹਾਂ ਦੱਸਿਆ ਕਿ ਮਈ ਮਹੀਨੇ ਤੋਂ ਪੰਜਾਬ ਸਮੇਤ ਦੇਸ਼ ਭਰ ਵਿੱਚ ਧਰਮ ਪ੍ਰਚਾਰ ਮੁਹਿੰਮ ਵਿੱਢੀ ਜਾਵੇਗੀ। ਇਸ ਸਬੰਧੀ ਦੇਸ਼ ਭਰ ਵਿੱਚ ਸਥਾਪਤ 13 ਸਿੱਖ ਮਿਸ਼ਨ ਤੇ ਪੰਜਾਬ ਦੇ ਹਰ ਹਲਕੇ ਵਿੱਚ ਪ੍ਰਚਾਰਕ ਅੰਮ੍ਰਿਤ ਸੰਚਾਰ ਤੇ ਕੀਰਤਨ ਸਮਾਗਮ ਕਰਵਾਉਣਗੇ। ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿੱਚ ਸੋਲਰ ਸਿਸਟਮ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜਿਸ ਦੀ ਸੇਵਾ ਗੁਰਸ਼ਬਦ ਪ੍ਰਚਾਰ ਸਭਾ ਕਰਵਾਏਗੀ। ਇਸ ਮੌਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਦੀ ਪ੍ਰਕਿਰਿਆ ਸੁਖਾਲੀ ਕੀਤੀ ਜਾਵੇ।ਇਸ ਦੌਰਾਨ ਅੰਤ੍ਰਿੰਗ ਕਮੇਟੀ ਵਿੱਚ ਵਿਰੋਧੀ ਧਿਰ ਨਾਲ ਸਬੰਧਿਤ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਦੇ ਕੀਰਤਨ ਦਾ ਪ੍ਰਸਾਰਨ ਖ਼ੁਦ ਕਰਨ, ਲਾਪਤਾ ਹੋਏ 328 ਪਾਵਨ ਸਰੂਪਾਂ ਦਾ ਪਤਾ ਲਾਉਣ, ਅਮਰੀਕਾ ਵਾਸੀ ਸਿੱਖ ਵੱਲੋਂ ਬਿਨਾਂ ਪ੍ਰਵਾਨਗੀ ਪਾਵਨ ਸਰੂਪ ਛਾਪਣ, ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿੱਚੋਂ ਕੁਝ ਅਮਲੇ ਨੂੰ ਫਾਰਗ ਕਰਨ ਆਦਿ ਸਬੰਧੀ ਕਾਰਵਾਈ ਕਰਨ ਤੇ ਜ਼ੋਰ ਦਿੱਤਾ। 

ਸਮੂਹ ਜਥੇਬੰਦੀਆਂ ਨੂੰ ਮੀਟਿੰਗ ’ਚ ਸ਼ਾਮਲ ਹੋਣ ਦੀ ਅਪੀਲ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਮਰੀਕਾ ਦੇ ਵਸਨੀਕ ਥਮਿੰਦਰ ਸਿੰਘ ਆਨੰਦ ਵੱਲੋਂ ਬਿਨਾਂ ਪ੍ਰਵਾਨਗੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਛਾਪਣ ਅਤੇ ਇਸ ਵਿੱਚ ਆਪਣੀ ਮਰਜ਼ੀ ਨਾਲ ਲਗਾਂ-ਮਾਤਰਾਵਾਂ ਲਾ ਕੇ ਗੁਰਬਾਣੀ ਨਾਲ ਛੇੜਛਾੜ ਕਰਨ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ 3 ਮਈ ਨੂੰ ਸੱਦੀ ਗਈ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿੱਚ ਖਾਲਸਾ ਪੰਥ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਾਵਨ ਗੁਰਬਾਣੀ ਵਿੱਚੋਂ ਕੋਈ ਸ਼ਬਦ ਕੱਟਣ, ਜੋੜਨ ਜਾਂ ਆਪਣੀ ਮਰਜ਼ੀ ਨਾਲ ਲਗਾਂ-ਮਾਤਰਾਵਾਂ ਲਾਉਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੂਹ ਜਥੇਬੰਦੀਆਂ ਗਿਲੇ ਸ਼ਿਕਵੇ ਭੁਲਾ ਕੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਤਾਂ ਜੋ ਛੇੜ-ਛਾੜ ਦੇ ਮੁਲਜ਼ਮਾਂ ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾ ਸਕੇ।