ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਬਣਾਏਗੀ ਸ਼੍ਰੋਮਣੀ ਕਮੇਟੀ 

ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਬਣਾਏਗੀ ਸ਼੍ਰੋਮਣੀ ਕਮੇਟੀ 

ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਵਿਚ ਹੋਇਆ ਫ਼ੈਸਲਾ 

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਸੰਸਥਾ ਦਾ ਪਸਾਰਾ ਕੌਮਾਂਤਰੀ ਪੱਧਰ ’ਤੇ ਕਰਨ ਨੂੰ ਸਹਿਮਤੀ ਦਿੱਤੀ ਗਈ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਦਾ ਗਠਨ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਦੇਸ਼ਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸਾਕਾ ਪੰਜਾ ਸਾਹਿਬ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਵਿੱਚ 26 ਤੋਂ 30 ਅਕਤੂਬਰ ਤਕ ਮਨਾਉਣ ਦਾ ਵੀ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਲਗਪਗ 200 ਮੈਂਬਰਾਂ ਦਾ ਜਥਾ ਪਾਕਿਸਤਾਨ ਜਾਵੇਗਾ।ਇਹ ਫ਼ੈਸਲੇ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਹਨ।

ਧਾਮੀ ਨੇ  ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਸ਼ਵ ਵਿਆਪੀ ਸਿੱਖ ਮਸਲਿਆਂ ਦੀ ਬੇਹਤਰ ਪੈਰਵਾਈ ਲਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਸਥਾਪਤ ਕਰੇਗੀ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਗੁਰਦੁਆਰੇ ਸਥਾਪਤ ਕਰਕੇ ਸੰਸਥਾ ਦੇ ਉੱਪ ਦਫ਼ਤਰ ਖੋਲ੍ਹੇ ਜਾਣਗੇ। ਇਸ ਸਬੰਧੀ ਅਮਰੀਕਾ ਸਥਿਤ ਯੂਬਾ ਸਿਟੀ ’ਵਿਚ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੌਮੀ ਰਾਜਧਾਨੀ ਦਿੱਲੀ ਵਿੱਚ ਵੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਬਣਾ ਕੇ ਉਪ ਦਫ਼ਤਰ ਖੋਲ੍ਹੇਗੀ।

ਧਾਮੀ ਨੇ ਦੱਸਿਆ ਕਿ ਬੀਤੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ’ਤੇ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਨੇ ਇਸ ਦਿਹਾੜੇ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਸੁਝਾਇਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਨੂੰ ਪੱਤਰ ਵੀ ਭੇਜੇਗੀ।