ਬਾਦਲ, ਸੁਖਬੀਰ ਤੇ ਚੀਮਾ ਖ਼ਿਲਾਫ਼ ਚੱਲ ਰਹੇ  ਕੇਸ 'ਤੇ ਸੁਪਰੀਮ ਕੋਰਟ ਵਲੋਂ ਰੋਕ

ਬਾਦਲ, ਸੁਖਬੀਰ ਤੇ ਚੀਮਾ ਖ਼ਿਲਾਫ਼ ਚੱਲ ਰਹੇ  ਕੇਸ 'ਤੇ ਸੁਪਰੀਮ ਕੋਰਟ ਵਲੋਂ ਰੋਕ

ਮਾਮਲਾ ਅਕਾਲੀ ਦਲ 'ਤੇ ਦੋ ਸੰਵਿਧਾਨ ਰੱਖਣ ਦੇ ਦੋਸ਼ਾਂ ਦਾ   

ਅਕਾਲੀ ਦਲ ਦੇ ਆਗੂਆਂ ਦੀ ਜਾਅਲਸਾਜ਼ੀ ਖ਼ਿਲਾਫ਼ ਲੜਾਈ ਜਾਰੀ ਰਹੇਗੀ -ਖੇੜਾ   

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਾਂ ਖਿਲਾਫ਼ ਉਨ੍ਹਾਂ ਦੀ ਪਾਰਟੀ ਵਲੋਂ ਚੋਣ ਕਮਿਸ਼ਨ ਤੋਂ ਮਾਨਤਾ ਲੈਣ ਲਈ ਝੂਠਾ ਹਲਫ਼ਨਾਮਾ ਪੇਸ਼ ਕਰਨ ਦੇ ਦੋਸ਼ਾਂ ਨਾਲ ਸੰਬੰਧਿਤ ਕੇਸ ਵਿਚ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਾ ਦਿੱਤੀ । ਜਸਟਿਸ ਐਸ. ਏ. ਨਜ਼ੀਰ ਅਤੇ ਵੀ. ਰਾਮਾਸੁਬਰਾਮਨੀਅਨ ਦੇ ਬੈਂਚ ਨੇ ਅਪਰਾਧਿਕ ਕੇਸ ਵਿਰੁੱਧ ਪਟੀਸ਼ਨਾਂ ਨੂੰ ਖ਼ਾਰਜ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਹੈ ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 27 ਅਗਸਤ 2021 ਨੂੰ ਬਾਦਲ ਤੇ ਹੋਰਾਂ ਵਲੋਂ ਵਧੀਕ ਮੁੱਖ ਨਿਆਇਕ ਮੈਜਿਸਟ੍ਰੇਟ ਹੁਸ਼ਿਆਰਪੁਰ ਦੇ ਇਕ ਆਦੇਸ਼ ਖਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਮਾਮਲੇ 'ਵਿਚ ਤਲਬ ਕੀਤਾ ਸੀ ।ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸੰਬੰਧ 'ਵਿਚ ਸੁਖਬੀਰ ਸਿੰਘ ਬਾਦਲ, ਸ. ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ 'ਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ 'ਤੇ ਰੋਕ ਲਗਾ ਦਿੱਤੀ ।ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਵਿਚ 2009 'ਵਿਚ ਫ਼Ïਜਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ 'ਤੇ ਦੋ ਸੰਵਿਧਾਨ ਰੱਖਣ ਦੇ ਦੋਸ਼ ਲਗਾਏ ਸਨ ਤੇ ਕਿਹਾ ਸੀ ਕਿ ਗੁਰਦੁਆਰਾ ਚੋਣ ਕਮਿਸ਼ਨ ਕੋਲ ਵੱਖਰਾ ਸੰਵਿਧਾਨ ਹੈ ਤੇ ਭਾਰਤੀ ਚੋਣ ਕਮਿਸ਼ਨ ਕੋਲੋਂ ਮਾਨਤਾ ਲੈਣ ਲਈ ਵੱਖਰਾ ਸੰਵਿਧਾਨ ਪੇਸ਼ ਕੀਤਾ ਗਿਆ ਤੇ ਹਲਫ਼ੀਆ ਬਿਆਨ ਦਿੱਤਾ ਗਿਆ ਕਿ ਪਾਰਟੀ ਸੰਵਿਧਾਨ ਵਿਚ ਅੰਕਿਤ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰੇਗੀ, ਜਦੋਂ ਕਿ ਇਸ ਵਲੋਂ ਧਾਰਮਿਕ ਪਾਰਟੀ ਵਜੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਂਦੀਆਂ ਹਨ । ਬਾਦਲ ਵਲੋਂ ਪੇਸ਼ ਵਕੀਲਾਂ ਨੇ ਅਦਾਲਤ 'ਚ ਦਲੀਲ ਦਿੱਤੀ ਕਿ ਧਾਰਮਿਕ ਚੋਣਾਂ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਉਲਟ ਨਹੀਂ ਹਨ ਤੇ ਕਿਉਂਕਿ ਇਕ ਸਿਆਸੀ ਪਾਰਟੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਦੀ ਹੈ, ਇਸਦਾ ਇਹ ਮਤਲਬ ਨਹੀਂ ਹੈ ਕਿ ਉਹ ਧਰਮ ਨਿਰਪੱਖ ਨਹੀਂ । ਇਸ ਲਈ ਪਾਰਟੀ ਵਲੋਂ ਚੋਣ ਕਮਿਸ਼ਨ ਤੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਸੰਵਿਧਾਨ ਦੇ ਮਾਮਲੇ 'ਵਿਚ ਦਾਇਰ ਜਾਅਲਸਾਜ਼ੀ ਤੇ ਧੋਖਾਧੜੀ ਦੇ ਦੋਸ਼ ਲਗਾ ਕੇ ਕੇਸ ਕਰਨ ਦੀ ਕੋਈ ਤੁੱਕ ਨਹੀਂ ਬਣਦੀ । ਬਲਵੰਤ ਸਿੰਘ ਖੇੜਾ ਵੱਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਦਲੀਲਾਂ ਪੇਸ਼ ਕਰਨ ਦੀ ਆਗਿਆ ਦਿੱਤੀ ਜਾਵੇ। ਅਦਾਲਤ ਨੇ ਸੰਕੇਤ ਦਿੱਤਾ ਕਿ ਉਹ ਆਪਣਾ ਜਵਾਬ ਦਾਇਰ ਕਰ ਸਕਦੇ ਹਨ ਜਿਸ ’ਤੇ ਸੁਣਵਾਈ ਅਗਲੀ ਤਾਰੀਕ ਨੂੰ ਹੋਵੇਗੀ।  ਬਲਵੰਤ ਸਿੰਘ ਖੇੜਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਕੇਸ ਖਤਮ ਨਹੀਂ ਹੋ ਗਿਆ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਆਗੂਆਂ ਦੀ ਜਾਅਲਸਾਜ਼ੀ ਖ਼ਿਲਾਫ਼ ਲੜਾਈ ਜਾਰੀ ਰੱਖਣਗੇ।